ਮੋਗਾ, 22 ਦਸੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਦਸਵੀਂ ਪਾਤਿਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜਿਆਂ ਮੌਕੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਇਕ ਵਿਸ਼ੇਸ਼ ਸਭਾ ਦੌਰਾਨ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਵਲੋਂ ਪਰਿਵਾਰ ਵਿਛੋੜੇ ਅਤੇ 'ਸਫ਼ਰ-ਏ-ਸ਼ਹਾਦਤ' ਨਾਲ ਸਬੰਧਿਤ ਸ਼ਬਦ ਵਾਟਾਂ ਲੰਮੀਆਂ ਤੇ ਰਸਤਾ ਪਹਾੜ ਦਾ ਗਾਇਣ ਕੀਤਾ ਗਿਆ ਜਿਸ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੀਆਂ ਅੱਖਾਂ ਨਮ ਕਰ ਛੱਡੀਆਂ | ਸੀ.ਬੀ.ਐਸ.ਈ. ਬੋਰਡ ਅਤੇ ਪੰਜਾਬ ਸਿੱਖਿਆ ਵਿਭਾਗ ਮੰਤਰਾਲੇ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਵੱਖ-ਵੱਖ ਗਤੀਵਿਧੀਆਂ ਕੀਤੀਆਂ ਗਈਆਂ | ਇਸ ਮੌਕੇ ਪੰਜਾਬੀ ਦੇ ਅਧਿਆਪਕ ਡਾ. ਪ੍ਰਭਜੋਤ ਕੌਰ ਨੇ ਵਿਦਿਆਰਥੀਆਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁਗ਼ਲ ਫ਼ੌਜਾਂ ਦੇ ਨਾਲ ਲੋਹਾ ਲੈਂਦਿਆਂ ਗੁਰੂ ਸਾਹਿਬ ਦੇ ਛੋਟੇ ਸਾਹਿਬਜ਼ਾਦੇ ਅਤੇ ਗੁਰੂ ਸਾਹਿਬ ਦੇ ਮਾਤਾ ਜੀ ਉਨ੍ਹਾਂ ਤੋਂ ਵਿੱਛੜ ਗਏ | ਇਸ ਕਾਰਨ ਹੀ ਇਨ੍ਹਾਂ ਦਿਨਾਂ ਨੂੰ ਪਰਿਵਾਰ ਵਿਛੋੜਾ ਦਿਨਾਂ ਦਾ ਨਾਮ ਦਿੱਤਾ ਗਿਆ ਹੈ | ਚਾਰੋ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੀ ਮਹਾਨਤਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੈਡਮ ਕਮਲ ਸੈਣੀ ਨੇ ਕਿਹਾ ਕਿ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਾਨੂੰ ਬਹੁਤ ਕੁਝ ਸਿਖਾਉਂਦੀ ਹੈ | ਜੇਕਰ ਦੋਨੋਂ ਵੱਡੇ ਸਾਹਿਬਜ਼ਾਦਿਆਂ ਅਜੀਤ ਸਿੰਘ ਅਤੇ ਜੁਝਾਰ ਸਿੰਘ ਦੀ ਸ਼ਹਾਦਤ ਦਾ ਧਿਆਨ ਕਰੀਏ ਤਾਂ ਇਸ ਤੋਂ ਸਾਨੂੰ ਸਿੱਖਿਆ ਮਿਲਦੀ ਹੈ ਕਿ ਜ਼ਿੰਦਗੀ ਵਿਚ ਕਿੰਨੀ ਵੀ ਵੱਡੀ ਮੁਸੀਬਤ ਸਾਹਮਣੇ ਕਿਉਂ ਨਾ ਖੜ੍ਹੀ ਹੋਵੇ, ਹਮੇਸ਼ਾ ਪੂਰੇ ਹੌਸਲੇ ਅਤੇ ਸ਼ਕਤੀ ਨਾਲ ਉਸ ਦਾ ਸਾਹਮਣਾ ਕਰਨਾ ਚਾਹੀਦਾ ਹੈ | ਇਸ ਤਰ੍ਹਾਂ ਹੀ ਜੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਾ ਧਿਆਨ ਕਰੀਏ ਤਾਂ ਇਸ ਸ਼ਹਾਦਤ ਨੇ ਇਹ ਸਿੱਧ ਕਰ ਦਿੱਤਾ ਕਿ ਇਨਸਾਨੀਅਤ ਤੋਂ ਵੱਡਾ ਕੋਈ ਧਰਮ ਨਹੀਂ ਹੈ ਅਤੇ ਜ਼ਿੰਦਗੀ ਵਿਚ ਕਦੇ ਵੀ ਬੁਰਾਈ ਜਾਂ ਜ਼ੁਲਮ ਅੱਗੇ ਝੁਕਣਾ ਨਹੀਂ ਚਾਹੀਦਾ | ਉਨ੍ਹਾਂ ਨੇ ਬੱਚਿਆਂ ਨੂੰ ਇਹ ਵੀ ਕਿਹਾ ਕਿ ਸਾਨੂੰ ਗੁਰੂ ਸਾਹਿਬਾਨਾਂ ਦੁਆਰਾ ਦਿੱਤੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਧਾਰਨ ਕਰਨਾ ਚਾਹੀਦਾ ਹੈ | ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ |