ਮੋਗਾ, 24 ਦਸੰਬਰ (ਸੁਰਿੰਦਰਪਾਲ ਸਿੰਘ)-'ਆਪ' ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਦੀ ਅਮਨ ਕਾਨੂੰਨ ਦੀ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ ਤੇ ਸੂਬਾ ਸਰਕਾਰ ਇਸ ਨੂੰ ਕਾਬੂ ਕਰਨ 'ਚ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ | ਸੂਬੇ ਅੰਦਰ ਆਏ ਦਿਨ ਲੁੱਟਾਂ ਖੋਹਾਂ ਦਾ ਬੋਲਬਾਲਾ ਹੈ ਤੇ ਸ਼ਰੇਆਮ ਵਪਾਰੀ ਵਰਗ ਜਾਂ ਹੋਰ ਕਾਰੋਬਾਰੀਆਂ ਨੂੰ ਫਿਰੌਤੀ ਦੇਣ ਦੀਆਂ ਧਮਕੀਆਂ ਮਿਲ ਰਹੀਆਂ ਹਨ ਤੇ ਲੋਕ ਡਰ ਤੇ ਸਹਿਮ ਦੇ ਮਾਹੌਲ ਵਿਚ ਜਿਉਂ ਰਹੇ ਹਨ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ ਕੀਤਾ | ਉਨ੍ਹਾਂ ਕਿਹਾ ਕਿ ਸ਼ਰਾਰਤੀ ਤੇ ਸਮਾਜ ਵਿਰੋਧੀ ਅਨਸਰਾਂ ਦਾ ਬੋਲਬਾਲਾ ਹੈ ਤੇ ਜਿੱਥੇ ਆਏ ਦਿਨ ਕੋਈ ਨਾ ਕੋਈ ਗੋਲੀਆਂ ਚਲਾ ਕੇ ਕਿਸੇ ਨੂੰ ਹਲਾਕ ਕਰ ਦਿੱਤਾ ਜਾਂਦਾ ਹੈ ਤੇ ਬੀਤੇ ਕੱਲ੍ਹ ਦਿਨ ਦਿਹਾੜੇ ਮੋਗਾ ਸ਼ਹਿਰ ਦੇ ਸਾਬਕਾ ਕੌਂਸਲਰ ਦੇ ਘਰ 'ਚ ਵੜ ਕੇ ਸ਼ਰੇਆਮ ਗੋਲੀਆਂ ਚਲਾ ਕੇ ਜ਼ਖ਼ਮੀ ਕਰ ਦਿੱਤਾ ਗਿਆ ਜੋ ਕਿ ਅਤਿ ਨਿੰਦਣਯੋਗ ਘਟਨਾ ਹੈ ਤੇ ਅਜਿਹੀਆਂ ਘਟਨਾਵਾਂ ਸੂਬਾ ਸਰਕਾਰ 'ਤੇ ਸਵਾਲੀਆ ਨਿਸ਼ਾਨ ਲਗਾਉਂਦੀਆਂ ਹਨ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੂਬੇ ਦੇ ਲੋਕਾਂ ਦੀ ਕੋਈ ਪ੍ਰਵਾਹ ਨਹੀਂ ਹੈ |