ਮੋਗਾ, 24 ਦਸੰਬਰ (ਸੁਰਿੰਦਰਪਾਲ ਸਿੰਘ)-ਅੱਜ ਬਾਅਦ ਦੁਪਹਿਰ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਕੌਂਸਲਰ ਨਰਿੰਦਰਪਾਲ ਸਿੰਘ ਸਿੱਧੂ ਦੇ ਘਰ ਵਿਖੇ ਮੋਟਰਸਾਈਕਲ 'ਤੇ ਆਏ ਦੋ ਅਣਪਛਾਤੇ ਨਕਾਬਪੋਸ਼ਾਂ ਨੇ ਗੋਲੀਆਂ ਚਲਾ ਕੇ ਉਨ੍ਹਾਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਜਿਨ੍ਹਾਂ ਨੂੰ ਗੰਭੀਰ ਹਾਲਤ ਵਿਚ ਸਥਾਨਕ ਸ਼ਹਿਰ ਦੇ ਪ੍ਰਾਈਵੇਟ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ | ਇਸ ਘਟਨਾ ਨਾਲ ਮੋਗਾ ਸ਼ਹਿਰ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਜਿਉਂ ਹੀ ਇਸ ਘਟਨਾ ਦੀ ਸੂਚਨਾ ਮਿਲੀ ਤਾਂ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ, ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ, ਸਾਬਕਾ ਮੰਤਰੀ ਡਾ. ਮਾਲਤੀ ਥਾਪਰ, ਸੀਨੀਅਰ ਕਾਂਗਰਸੀ ਆਗੂ ਡਾ. ਪਵਨ ਥਾਪਰ, ਹਨੀ ਸੋਢੀ ਪ੍ਰਧਾਨ ਸਬਜ਼ੀ ਮੰਡੀ ਆੜ੍ਹਤੀ ਐਸੋਸੀਏਸ਼ਨ ਮੋਗਾ ਮੈਡੀਸਿਟੀ ਹਸਪਤਾਲ ਵਿਖੇ ਪੁੱਜੇ ਤੇ ਉਨ੍ਹਾਂ ਨਰਿੰਦਰਪਾਲ ਸਿੰਘ ਸਿੱਧੂ ਦਾ ਹਾਲ-ਚਾਲ ਜਾਣਿਆ | ਇਸ ਮੌਕੇ ਹਰੀ ਸਿੰਘ ਖਾਈ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਉਨ੍ਹਾਂ ਦੀ ਫ਼ੋਨ 'ਤੇ ਗੱਲਬਾਤ ਵੀ ਕਰਵਾਈ ਜਿਸ 'ਤੇ ਪੰਜਾਬ ਪ੍ਰਧਾਨ ਨੇ ਪਰਿਵਾਰ ਦੀ ਸੁਰੱਖਿਆ ਤੇ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ | 'ਅਜੀਤ' ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਤੇ ਸਾਬਕਾ ਮੰਤਰੀ ਡਾ. ਮਾਲਤੀ ਥਾਪਰ ਨੇ ਇਸ ਘਿਨੌਣੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਿਆ ਕਰਦਿਆਂ ਕਿਹਾ ਕਿ ਜਦੋਂ ਦੀ ਆਪ ਪਾਰਟੀ ਦੀ ਸਰਕਾਰ ਹੋਂਦ ਵਿਚ ਆਈ ਹੈ, ਅਮਨ ਕਾਨੂੰਨ ਦੀ ਹਾਲਤ ਬਦ ਤੋਂ ਬਦਤਰ ਬਣੀ ਹੋਈ ਹੈ ਤੇ ਕੋਈ ਦਿਨ ਅਜਿਹਾ ਨਹੀਂ ਜਦੋਂ ਪੰਜਾਬ ਵਿਚ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਖ਼ਬਰ ਸਾਹਮਣੇ ਨਾ ਆਈ ਹੋਵੇ | ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਕੌਂਸਲਰ ਮਨਜੀਤ ਸਿੰਘ ਧੰਮੂ ਨੇ ਵੀ ਮੋਗਾ ਮੈਡੀਸਿਟੀ ਹਸਪਤਾਲ ਪਹੁੰਚ ਕੇ ਸਾਬਕਾ ਕੌਂਸਲਰ ਨਰਿੰਦਰਪਾਲ ਸਿੰਘ ਸਿੱਧੂ ਦਾ ਹਾਲ-ਚਾਲ ਜਾਣਿਆ ਤੇ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਕਾਮਨਾ ਕੀਤੀ |