ਸੰਗਰੂਰ, 1 ਜੂਨ (ਅਮਨਦੀਪ ਸਿੰਘ ਬਿੱਟਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਇਸ ਇਲਾਕੇ ਨਾਲ ਸਬੰਧਿਤ ਦੋ ਆਗੂਆਂ ਵਲੋਂ ਜਥੇਬੰਦੀ ਵਿਚਲੇ ਵੱਖ-ਵੱਖ ਅਹੁਦਿਆਂ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ | ਸੀਨੀਅਰ ਆਗੂ ਗੋਬਿੰਦਰ ਸਿੰਘ ਮੰਗਵਾਲ ਨੇ ਪੈੱ੍ਰਸ ਨੂੰ ਜਾਰੀ ਬਿਆਨ ਰਾਹੀਂ ਕਿਹਾ ਕਿ ਉਹ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਜਥੇਬੰਦੀ ਵਿਚ ਕੋਈ ਕਮੀ ਪੇਸ਼ੀ ਭਾਵੇਂ ਨਹੀਂ ਹੈ ਪਰ ਜ਼ਿਲ੍ਹੇ ਅਤੇ ਸੂਬੇ ਦੇ ਤਿੰਨ ਸੀਨੀਅਰ ਆਗੂ ਸਾਲ ਭਰ ਤੋਂ ਉਨ੍ਹਾਂ ਨੂੰ ਜ਼ਲੀਲ ਕਰ ਰਹੇ ਸਨ | ਮੰਗਵਾਲ ਨੇ ਕਿਹਾ ਕਿ ਉਨ੍ਹਾਂ 15 ਸਾਲਾ ਤੋਂ ਜਥੇਬੰਦੀ ਦੀ ਤਨ, ਮਨ ਅਤੇ ਧਨ ਨਾਲ ਸੇਵਾ ਕੀਤੀ ਹੈ ਪਰ ਅੱਜ ਦੁਖੀ ਮਨ ਨਾਲ ਆਪਣਾ ਅਸਤੀਫ਼ਾ ਜਥੇਬੰਦੀ ਤੋਂ ਦੇ ਰਿਹਾ ਹਾਂ | ਇਸ ਤਰ੍ਹਾਂ ਗੁਰਦੀਪ ਸਿੰਘ ਕੰਮੋਮਾਜਰਾ ਜੋ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੰਗਰੂਰ ਦੇ ਸੰਗਠਨ ਸਕੱਤਰ ਹੋਣ ਦਾ ਦਾਅਵਾ ਕਰ ਰਹੇ ਹਨ ਨੇ ਵੀ ਜਥੇਬੰਦੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਤਿਆਗ ਪੱਤਰ ਦੇਣ ਦਾ ਐਲਾਨ ਕੀਤਾ ਹੈ | ਇਸ ਆਗੂ ਨੇ ਵੀ ਅਸਤੀਫ਼ਾ ਦੇਣ ਦਾ ਕਾਰਨ ਬਲਾਕ ਅਤੇ ਜ਼ਿਲ੍ਹੇ ਦੇ ਸੀਨੀਅਰ ਆਗੂਆਂ ਉੱਪਰ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ |