ਭਵਾਨੀਗੜ੍ਹ, 2 ਜੂਨ (ਰਣਧੀਰ ਸਿੰਘ ਫੱਗੂਵਾਲਾ)-ਕੇਂਦਰ ਸਰਕਾਰ ਵਲੋਂ ਝੋਨੇ ਦੀ ਫ਼ਸਲ 'ਤੇ 69 ਰੁਪਏ ਪ੍ਰਤੀ ਕੁਇੰਟਲ ਵਾਧਾ ਕਰ ਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ, ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਵਿੰਦਰ ਸਿੰਘ ਕਾਕੜਾ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਵਲੋਂ ਕਿਸਾਨਾਂ ਦੀ 2022 ਵਿਚ ਆਮਦਨ ਦੁੱਗਣੀ ਕਰਨ ਦੇ ਵਾਅਦੇ ਕੀਤੇ ਸਨ, ਪਰ ਕੇਂਦਰ ਦੀਆਂ ਸਰਕਾਰਾਂ ਮੌਜੂਦਾ ਖੇਤੀਬਾੜੀ ਢਾਂਚੇ ਨੂੰ ਮਜ਼ਬੂਤ ਕਰਨ ਵਿਚ ਨਾਕਾਮ ਰਹੀਆਂ ਹਨ | ਕਦੇ ਮੌਸਮ ਦੀ ਮਾਰ, ਕਦੇ ਖ਼ਰੀਦ ਵੇਲੇ ਸਰਕਾਰਾਂ ਦੀ ਮਾਰ ਝੱਲਦਿਆਂ ਕਿਸਾਨ ਦਿਨੋਂ-ਦਿਨ ਆਰਥਿਕ ਪੱਖੋਂ ਕਮਜ਼ੋਰ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਮੌਸਮ ਦੀ ਮਾਰ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦੀਆਂ ਸਿਰਫ਼ ਗਿਰਦਾਵਰੀਆਂ ਹੀ ਕਰਾਈਆਂ ਜਾਂਦੀਆਂ ਹਨ, ਪਰ ਲੰਮੇ ਸਮੇਂ ਤੋਂ ਨਾ ਤਾਂ ਪੰਜਾਬ ਦੀ ਸਰਕਾਰ ਅਤੇ ਨਾ ਹੀ ਕੇਂਦਰ ਦੀ ਸਰਕਾਰ ਨੇ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਅਦਾਇਗੀ ਨਹੀਂ ਕੀਤੀ ਜਾਂਦੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਆਰਥਿਕ ਮਜ਼ਬੂਤ ਕਰਨ ਦੀ ਬਜਾਏ, ਉਨ੍ਹਾਂ ਦੀਆਂ ਜ਼ਮੀਨਾਂ ਤੇ ਸਰਕਾਰਾਂ ਵਲੋਂ ਧੱਕੇ ਨਾਲ ਸੜਕਾਂ ਬਣਾ ਕੇ ਕਿਸਾਨਾਂ ਦੀ ਵਾਹੀ ਯੋਗ ਜ਼ਮੀਨ ਨੂੰ ਖ਼ਤਮ ਕੀਤਾ ਕਰਦਿਆਂ ਸਰਮਾਏਦਾਰਾਂ ਦਾ ਫ਼ਾਇਦਾ ਕੀਤਾ ਜਾ ਰਿਹਾ ਹੈ, ਜਿਸ ਨੂੰ ਪੰਜਾਬ ਦੇ ਕਿਸਾਨ ਬਰਦਾਸ਼ਤ ਨਹੀਂ ਕਰਨਗੇ | ਸ. ਕਾਕੜਾ ਨੇ ਕੇਂਦਰ ਤੋਂ ਝੋਨੇ ਦਾ ਭਾਅ ਘੱਟ ਤੋਂ ਘੱਟ 3000 ਰੁਪਏ ਪ੍ਰਤੀ ਕੁਇੰਟਲ ਕਰਨ ਅਤੇ ਕਿਸਾਨਾਂ ਨੂੰ ਬੀਜਾਂ, ਖਾਦਾਂ ਅਤੇ ਦਵਾਈਆਂ 'ਤੇ ਸਬਸਿਡੀ ਦੇਣ ਦੀ ਮੰਗ ਕੀਤੀ ਤਾਂ ਕਿ ਦੇਸ਼ ਦੇ ਅੰਨਦਾਤਾ ਨੂੰ ਆਰਥਿਕ ਪੱਖੋਂ ਖ਼ੁਸ਼ਹਾਲ ਕੀਤਾ ਜਾ ਸਕੇ | ਇਸ ਮੌਕੇ 'ਤੇ ਹੋਰ ਕਿਸਾਨ ਆਗੂ ਵੀ ਮੌਜੂਦ ਸਨ |