ਸੰਗਰੂਰ, 2 ਜੂਨ (ਅਮਨਦੀਪ ਸਿੰਘ ਬਿੱਟਾ)-ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਦੀ ਜ਼ਿਲ੍ਹਾ ਇਕਾਈ ਸੰਗਰੂਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਰਦੀਪ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਕੰਪਿਊਟਰ ਅਧਿਆਪਕ ਨੇ ਮੀਟਿੰਗ ਦੌਰਾਨ ਲੁਧਿਆਣਾ ਵਿਖੇ 5 ਜੂਨ ਨੂੰ ਕੀਤੀ ਜਾਣ ਵਾਲੀ ਰੋਸ ਰੈਲੀ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਜ਼ਿਲ੍ਹਾ ਆਗੂ ਅੰਜੂ ਜੈਨ, ਕੁਲਵਿੰਦਰ ਸਿੰਘ, ਮੰਜੂ ਰਾਣੀ, ਰਾਜਪਾਲ ਸਿੰਘ, ਸੋਨੀਆ ਬਾਂਸਲ, ਤੇਜਿੰਦਰ ਬਾਂਸਲ, ਹਰਵਿੰਦਰ ਸਿੰਘ, ਨੀਰਜ ਯਾਦਵ, ਸੁਮਿਤ ਖੁਰਾਣਾ ਨੇ ਦੱਸਿਆ ਕਿ 20 ਸਾਲ ਦੀ ਸਰਵਿਸ ਪੂਰੀ ਹੋਣ ਦੇ ਬਾਵਜੂਦ ਮਾਨਯੋਗ ਹਾਈਕੋਰਟ ਦੇ ਡਬਲ ਬੈਚ ਵਲੋਂ 25 ਫਰਵਰੀ 2025 ਦੇ ਕੰਪਿਊਟਰ ਅਧਿਆਪਕਾਂ ਦੇ ਹੱਕ ਵਿਚ ਦਿੱਤੇ ਫ਼ੈਸਲੇ ਦੇ ਬਾਵਜੂਦ 6640 ਅਧਿਆਪਕ ਅੱਜ ਵੀ ਆਪਣੇ ਜਾਇਜ਼ ਹੱਕਾਂ ਤੋਂ ਵਾਂਝੇ ਹਨ | ਆਪ ਸੁਪਰੀਮੋ ਵਲੋਂ ਚੋਣ ਮੈਨੀਫਿਸਟੋ ਵਿਚ ਕੀਤੇ ਐਲਾਨ ਅਤੇ 15 ਸਤੰਬਰ 2022 ਨੂੰ ਸਿੱਖਿਆ ਮੰਤਰੀ ਵਲੋਂ ਕੀਤੇ ਅਧਿਕਾਰਤ ਐਲਾਨ ਨੂੰ ਪੂਰਾ ਕਰਵਾਉਣ ਲਈ ਲੜਾਈ ਲੜ ਰਹੇ ਹਨ | ਆਗੂਆਂ ਨੇ ਕਿਹਾ ਕਿ ਅੱਜ ਤੱਕ ਨਾ ਤਾਂ ਕੰਪਿਊਟਰ ਅਧਿਆਪਕਾਂ ਉੱਤੇ ਬਾਕੀ ਮੁਲਾਜ਼ਮਾਂ ਵਾਂਗ ਪੰਜਾਬ ਸਿਵਲ ਸਰਵਿਸਜ ਰੂਲਜ਼ ਲਾਗੂ ਕੀਤਾ ਗਿਆ ਹੈ ਅਤੇ ਨਾ ਛੇਵਾਂ ਪੇ ਕਮਿਸ਼ਨ ਲਾਗੂ ਕੀਤਾ ਗਿਆ ਹੈ ਅਤੇ ਹੀ ਸੰਸਾਰ ਨੂੰ ਅਲਵਿਦਾ ਕਹਿ ਚੁੱਕੇ 107 ਕੰਪਿਊਟਰ ਅਧਿਆਪਕਾਂ ਦੇ ਪਰਿਵਾਰਾਂ ਨੂੰ ਕੋਈ ਵਿੱਤੀ ਲਾਭ ਮਿਲਿਆ ਹੈ | ਆਗੂਆਂ ਅਨੁਸਾਰ 5 ਜੂਨ ਨੂੰ ਲੁਧਿਆਣਾ ਵਿਖੇ ਸੂਬਾਈ ਰੈਲੀ ਕਰਨ ਦਾ ਫੈਸਲਾ ਕੀਤਾ ਹੈ ਜਿਸ ਵਿਚ ਸੂਬੇ ਭਰ ਦੇ ਕੰਪਿਊਟਰ ਅਧਿਆਪਕ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨਗੇ | ਉਨ੍ਹਾਂ ਸਾਫ਼ ਕੀਤਾ ਕਿ ਜੇ ਸਮਾਂ ਰਹਿੰਦਿਆਂ ਕੰਪਿਊਟਰ ਅਧਿਆਪਕਾਂ ਦੇ ਹੱਕ ਬਹਾਲ ਨਾ ਕੀਤੇ ਗਏ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ ਅਤੇ ਲੁਧਿਆਣਾ ਜ਼ਿਮਨੀ ਚੋਣ ਦੌਰਾਨ ਪੰਜਾਬ ਸਰਕਾਰ ਦੇ ਹਰ ਮੰਤਰੀ ਦਾ ਘਿਰਾਓ ਕਰਨ ਲਈ ਮਜਬੂਰ ਹੋਣਗੇ |