ਸੁਨਾਮ ਊਧਮ ਸਿੰਘ ਵਾਲਾ, 3 ਜੂਨ (ਧਾਲੀਵਾਲ, ਸੱਗੂ, ਗੱਖੜ)-ਭਾਰਤੀ ਜਨਤਾ ਪਾਰਟੀ ਦੀ ਸੂਬਾ ਸਕੱਤਰ ਦਾਮਨ ਥਿੰਦ ਬਾਜਵਾ ਅਤੇ ਸੀਨੀਅਰ ਭਾਜਪਾ ਆਗੂ ਹਰਮਨਦੇਵ ਸਿੰਘ ਬਾਜਵਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨਾਲ ਮੁਲਾਕਾਤ ਕਰ ਕੇ ਪੰਜਾਬ 'ਚ ਭਾਰਤੀ ਜਨਤਾ ਪਾਰਟੀ ਦੀਆਂ ਚੱਲ ਰਹੀਆਂ ਸਰਗਰਮੀਆਂ ਤੋਂ ਇਲਾਵਾ ਸ਼ਹੀਦ ਊਧਮ ਸਿੰਘ ਦੀ ਯਾਦ ਨਾਲ ਜੁੜੇ ਮਸਲਿਆਂ 'ਤੇ ਵਿਸਥਾਰ ਸਹਿਤ ਗੱਲਬਾਤ ਕੀਤੀ | ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦਾਮਨ ਬਾਜਵਾ ਨੇ ਦੱਸਿਆ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਯਕੀਨ ਦਿਵਾਇਆ ਕਿ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੀ ਯਾਦ ਵਿਚ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਡੀਆਂ ਯੋਜਨਾਵਾਂ ਤਿਆਰ ਕਰ ਰਹੀ ਹੈ ਅਤੇ ਭਵਿੱਖ ਵਿਚ ਇਸ ਨੂੰ ਅੰਤਿਮ ਛੋਹਾਂ ਦਿੱਤੀਆਂ ਜਾਣਗੀਆਂ | ਉਨ੍ਹਾਂ ਆਖਿਆ ਕਿ ਹਰਿਆਣਾ ਸਰਕਾਰ ਵਲੋਂ ਵੀ ਸ਼ਹੀਦ ਊਧਮ ਸਿੰਘ ਨੂੰ ਸੂਬੇ ਵਿਚ ਬਣਦਾ ਮਾਣ ਸਨਮਾਨ ਦਿੱਤਾ ਜਾ ਰਿਹਾ ਹੈ | ਪੰਜਾਬ ਅੰਦਰ ਪਾਰਟੀ ਸੰਗਠਨ ਬਾਰੇ ਹਰਿਆਣਾ ਦੇ ਮੁੱਖ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਵੱਡੀ ਜਿੱਤ ਪ੍ਰਾਪਤ ਕਰੇਗੀ |