ਅਮਰਗੜ੍ਹ, 3 ਜੂਨ (ਜਤਿੰਦਰ ਮੰਨਵੀ)-ਅਮਰਗੜ੍ਹ ਦੇ ਫ਼ਰਦ ਕੇਂਦਰ ਵਿਚ ਕੰਮ ਕਰਨ ਵਾਲੇ ਡਾਟਾ ਐਂਟਰੀ ਆਪੇ੍ਰਟਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਕਲਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ ਹੈ, ਜਿਸ ਨਾਲ ਤਹਿਸੀਲ ਵਿਚ ਸਮੁੱਚਾ ਕੰਮਕਾਜ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ | ਆਪਰੇਟਰ ਅਲੀ ਅਕਬਰ, ਖੁਸ਼ਪਾਲ ਸਿੰਘ ਅਤੇ ਆਜ਼ਮ ਖ਼ਾਨ ਨੇ ਦੱਸਿਆ ਕਿ ਪਿਛਲੇ ਚਾਰ ਮਹੀਨਿਆਂ ਤੋਂ ਉਨ੍ਹਾਂ ਨੂੰ ਤਨਖ਼ਾਹ ਨਹੀਂ ਮਿਲੀ, ਜਿਸ ਕਾਰਨ ਉਨ੍ਹਾਂ ਦੇ ਪਰਿਵਾਰ ਗੰਭੀਰ ਆਰਥਿਕ ਸੰਕਟ ਵਿਚੋਂ ਗੁਜ਼ਰ ਰਹੇ ਹਨ | ਘਰ ਵਿਚ ਚੁੱਲ੍ਹੇ ਠੰਢੇ ਹੋ ਚੁੱਕੇ ਹਨ ਅਤੇ ਸਾਡੀਆਂ ਨੌਕਰੀਆਂ 'ਤੇ ਵੀ ਖ਼ਤਰਾ ਮੰਡਰਾ ਰਿਹਾ ਹੈ | ਪਿਛਲੇ 18 ਸਾਲਾਂ ਤੋਂ ਫ਼ਰਦ ਕੇਂਦਰਾਂ ਵਿਚ ਸੇਵਾਵਾਂ ਨਿਭਾਉਂਦੇ ਇਨ੍ਹਾਂ ਕਰਮਚਾਰੀਆਂ ਨੇ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਲਾਰੇ ਲੱਪੇ ਲਾਉਂਦਿਆਂ ਉਨ੍ਹਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ | ਉਨ੍ਹਾਂ ਆਖਿਆ ਕਿ ਅਸੀਂ 18 ਸਾਲਾਂ ਤੋਂ ਇਮਾਨਦਾਰੀ ਨਾਲ ਸੇਵਾਵਾਂ ਦਿੱਤੀਆਂ ਹਨ, ਪਰ ਹੁਣ ਸਾਡੀ ਸੁਣਵਾਈ ਨਹੀਂ ਹੋ ਰਹੀ ਜਿਸ ਕਾਰਨ ਸਾਨੂੰ ਮਜਬੂਰਨ ਹੜਤਾਲ ਦਾ ਰਾਹ ਅਪਣਾਉਣਾ ਪਿਆ | ਇਸ ਹੜਤਾਲ ਕਾਰਨ ਫ਼ਰਦ ਕੇਂਦਰ ਅਤੇ ਡਾਟਾ ਐਂਟਰੀ ਦਾ ਸਾਰਾ ਕੰਮ ਅਮਰਗੜ੍ਹ ਵਿਚ ਬਿਲਕੁਲ ਠੱਪ ਹੋ ਗਿਆ ਹੈ, ਜਿਸ ਨਾਲ ਕਿਸਾਨਾਂ ਅਤੇ ਤਹਿਸੀਲ ਵਿਚ ਕੰਮ ਕਰਵਾਉਣ ਆਉਣ ਵਾਲੇ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਿਸਾਨ ਜ਼ਮੀਨ ਦੀਆਂ ਫ਼ਰਦਾਂ ਅਤੇ ਹੋਰ ਜ਼ਰੂਰੀ ਦਸਤਾਵੇਜ਼ਾਂ ਲਈ ਤਰਸ ਰਹੇ ਹਨ ਜਦਕਿ ਆਮ ਨਾਗਰਿਕਾਂ ਨੂੰ ਵੀ ਤਹਿਸੀਲ ਦੇ ਕੰਮਾਂ ਵਿਚ ਖੱਜਲ-ਖੁਆਰ ਹੋਣਾ ਪੈ ਰਿਹਾ ਹੈ | ਆਪੇ੍ਰਟਰਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੀਆਂ ਬਕਾਇਆ ਤਨਖ਼ਾਹਾਂ ਜਾਰੀ ਕੀਤੀਆਂ ਜਾਣ ਅਤੇ ਨੌਕਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ | ਇਸ ਹੜਤਾਲ ਨੇ ਸਥਾਨਕ ਪ੍ਰਸ਼ਾਸਨ ਅਤੇ ਸਰਕਾਰ ਲਈ ਵੱਡੀ ਚੁਣੌਤੀ ਖੜੀ ਕਰ ਦਿੱਤੀ ਹੈ | ਜੇਕਰ ਜਲਦੀ ਹੀ ਕੋਈ ਹੱਲ ਨਾ ਕੱਢਿਆ ਗਿਆ ਤਾਂ ਇਹ ਸੰਕਟ ਹੋਰ ਗੰਭੀਰ ਰੂਪ ਧਾਰਨ ਕਰ ਸਕਦਾ ਹੈ |