ਕੌਹਰੀਆਂ, 4 ਜੂਨ (ਸੁਨੀਲ ਕੁਮਾਰ ਗਰਗ) - ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਕੀਤੀ ਜਾ ਰਹੀ 'ਨਸ਼ਾ ਮੁਕਤੀ ਯਾਤਰਾ' ਜ਼ਰੀਏ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ 'ਚ ਹਲਕਾ ਦਿੜ੍ਹਬਾ ਦੇ ਪਿੰਡ ਕੌਹਰੀਆਂ ਤੇ ਰਟੌਲਾਂ ਵਿਖੇ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ ਕੀਤੀਆਂ ਗਈਆਂ ਤੇ ਸਮੂਹ ਹਾਜ਼ਰੀਨ ਨੂੰ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਜੰਗੀ ਪੱਧਰ 'ਤੇ ਕੰਮ ਕਰਨ ਵਾਸਤੇ ਪ੍ਰੇਰਿਆ ਗਿਆ | ਇਨ੍ਹਾਂ ਮੀਟਿੰਗਾਂ ਦੌਰਾਨ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਓ.ਐੱਸ.ਡੀ. ਤਪਿੰਦਰ ਸੋਹੀ ਅਤੇ ਮਾਰਕਿਟ ਕਮੇਟੀ ਸੂਲਰ ਘਰਾਟ ਦੇ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚੋਂ ਨਸ਼ਿਆਂ ਤੇ ਨਸ਼ਾ ਤਸਕਰਾਂ ਦੇ ਖਾਤਮੇ ਤੱਕ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਜੋਸ਼ੋ ਖਰੋਸ਼ ਨਾਲ ਜਾਰੀ ਰਹੇਗੀ | ਉਨ੍ਹਾਂ ਕਿਹਾ ਕਿ ਪਿੰਡਾਂ 'ਚ ਪੇਂਡੂ ਡਿਫੈਂਸ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਅਤੇ ਸਾਰੇ ਹੀ ਵਰਗ, ਇਸ ਸਮਾਜਕ ਬੁਰਾਈ ਦੇ ਖਾਤਮੇ ਲਈ ਵਧ ਚੜ੍ਹ ਕੇ ਅੱਗੇ ਆ ਰਹੇ ਹਨ, ਜੋ ਕਿ ਬਹੁਤ ਸ਼ਲਾਘਾਯੋਗ ਹੈ | ਇਸ ਮੌਕੇ ਪਿੰਡਾਂ ਦੇ ਲੋਕਾਂ ਨੂੰ ਸਿਹਤ, ਪੁਲਿਸ ਤੇ ਪੇਂਡੂ ਵਿਕਾਸ ਵਿਭਾਗਾਂ ਦੇ ਵੱਖ-ਵੱਖ ਬੁਲਾਰਿਆਂ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ | ਇਸ ਮੌਕੇ ਲੋਕਾਂ ਨੂੰ ਨਸ਼ੇ ਨਾ ਕਰਨ ਤੇ ਨਸ਼ਿਆਂ ਦੇ ਖਾਤਮੇ ਦੀ ਸਹੁੰ ਵੀ ਚੁਕਾਈ ਗਈ | ਇਸ ਮੌਕੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਡਿਫੈਂਸ ਕਮੇਟੀਆਂ ਦੇ ਮੈਂਬਰ, ਸਰਪੰਚ ਮਾਲਵਿੰਦਰ ਸਿੰਘ ਮਾਲਾ, ਰਾਜਪਾਲ ਸਿੰਘ ਸਾਬਕਾ ਸਰਪੰਚ, ਪ੍ਰਧਾਨ ਕੁਲਵੀਰ ਸਿੰਘ, ਗੁਰਮੀਤ ਸਿੰਘ ਕਾਲਾ ਸੁਸਾਇਟੀ ਪ੍ਰਧਾਨ, ਤੋਂ ਇਲਾਵਾ ਵੱਖੋ ਵੱਖ ਅਹੁਦੇਦਾਰ ਅਤੇ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ |