ਮਲੇਰਕੋਟਲਾ, 1 ਸਤੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਪੰਜਾਬ ਦੇ ਬਾਕੀ ਜ਼ਿਲਿ੍ਹਆਂ ਵਾਂਗ ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਵੀ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਨੂੰ ਲੈ ਕੇ ਵੋਟਾਂ ਦੀ ਸੁਧਾਈ ਦਾ ਕੰਮ ਜਾਰੀ ਹੈ | ਰਾਜ ਕਮਿਸ਼ਨਰ ਚੋਣ ਵਲੋਂ ਰਾਜ ਵਿਚ ਹੜ੍ਹਾਂ ਦੀ ਸਥਿਤੀ ਅਤੇ ਪ੍ਰਸ਼ਾਸਨ ਦੇ ਬਚਾਅ ਕਾਰਜਾਂ ਨੂੰ ਦੇਖਦੇ ਹੋਏ ਆਗਾਮੀ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ 2025 ਲਈ ਵੋਟਰ ਸੂਚੀਆਂ ਦੀ ਸੁਧਾਈ ਲਈ ਦਾਅਵਿਆਂ ਅਤੇ ਇਤਰਾਜ਼ਾਂ ਦੀ ਮਿਆਦ 3 ਸਤੰਬਰ ਤੱਕ ਵਧਾ ਦਿੱਤੀ ਗਈ ਹੈ | ਇਸ ਗੱਲ ਦੀ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਰਿੰਪੀ ਗਰਗ ਨੇ ਦਿੱਤੀ | ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਦੌਰਾਨ ਪ੍ਰਾਪਤ ਹੋਣ ਵਾਲੇ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ 8 ਸਤੰਬਰ ਤੱਕ ਕਰ ਦਿੱਤਾ ਜਾਵੇਗਾ ਅਤੇ ਚੋਣ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ 9 ਸਤੰਬਰ 2025 ਨੂੰ ਕੀਤੀ ਜਾਵੇਗੀ | ਉਨ੍ਹਾਂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਾਣਕਾਰੀ ਦੀ ਜਾਂਚ ਕਰਨ ਅਤੇ ਲੋੜ ਪੈਣ 'ਤੇ ਦਾਅਵਾ ਜਾਂ ਇਤਰਾਜ਼ ਦਾਖ਼ਲ ਕਰਨ ਲਈ 3 ਸਤੰਬਰ ਤੋਂ ਪਹਿਲਾਂ ਆਪਣੇ ਦਾਅਵੇ ਜਾਂ ਇਤਰਾਜ਼ ਜ਼ਰੂਰ ਦਫ਼ਤਰ ਤੱਕ ਪਹੁੰਚਦੇ ਕਰ ਦੇਣ |