06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਘੱਗਰ ਸੰਬੰਧੀ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਸੁਚੇਤ

Ad Position 21
No active advertisement
ਅਜੀਤ ਡੈਸਕ 05-09-2025
ਮੂਨਕ, 4 ਸਤੰਬਰ (ਪ੍ਰਵੀਨ ਮਦਾਨ, ਵਰਿੰਦਰ ਭਾਰਦਵਾਜ) - ਘੱਗਰ ਸਬੰਧੀ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਸੁਚੇਤ ਹੈ ਤੇ ਪ੍ਰਸ਼ਾਸਨਿਕ ਅਧਿਕਾਰੀ ਘੱਗਰ ਦੇ ਖੇਤਰ ਵਿਚ 24 ਘੰਟੇ ਸਰਗਰਮ ਹਨ | ਕਿਸੇ ਵੀ ਕਿਸਮ ਦੀ ਐਮਰਜੈਂਸੀ ਬਾਬਤ ਪੂਰੇ ਪ੍ਰਬੰਧ ਕੀਤੇ ਗਏ ਹਨ ਤੇ ਘੱਗਰ ਦੇ ਖੇਤਰ ਨਾਲ ਸਬੰਧਿਤ ਸੰਭਾਵੀ ਤੌਰ ਉੱਤੇ ਪ੍ਰਭਾਵਿਤ ਹੋਣ ਵਾਲੇ ਪਿੰਡਾਂ ਲਈ ਰਾਹਤ ਕੈਂਪਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ | ਇਹ ਜਾਣਕਾਰੀ ਡਿਪਟੀ ਕਮਿਸ਼ਨਰ, ਸ਼੍ਰੀ ਰਾਹੁਲ ਚਾਬਾ ਵਲੋਂ ਐੱਸ.ਡੀ.ਐਮ. ਦਫ਼ਤਰ, ਮੂਨਕ ਵਿਖੇ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ ਗਈ | ਮੀਟਿੰਗ ਉਪਰੰਤ ਉਨ੍ਹਾਂ ਨੇ ਟੋਹਾਣਾ ਪੁਲ ਵਿਖੇ ਘੱਗਰ ਦੀ ਸਥਿਤੀ ਦਾ ਜਾਇਜ਼ਾ ਵੀ ਲਿਆ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ ਰਾਮਪੁਰ ਗੁੱਜਰਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਮੂਨਕ, ਲਾਰਡ ਸ਼ਿਵਾ ਸਕੂਲ ਹਮੀਰਗੜ੍ਹ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਡਵੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਨੌਰੀ ਵਿਖੇ ਵੱਖੋ ਵੱਖ ਪਿੰਡਾਂ ਲਈ ਰਾਹਤ ਕੈਂਪਾਂ ਦਾ ਪ੍ਰਬੰਧ ਕੀਤਾ ਗਿਆ ਹੈ | ਇਸ ਮੌਕੇ ਉਨ੍ਹਾਂ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਦਰਿਆ ਦੇ ਕੰਢਿਆਂ ਦੀ ਮਜ਼ਬੂਤੀ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ ਅਤੇ ਜਿੱਥੇ ਕਿਤੇ ਕੰਢਿਆਂ ਸਬੰਧੀ ਕੋਈ ਦਿੱਕਤ ਆਉਂਦੀ ਹੈ, ਉਹ ਫ਼ੌਰੀ ਦੂਰ ਕੀਤੀ ਜਾਵੇ | ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੋਬਾਈਲ ਮੈਡੀਕਲ ਟੀਮਾਂ ਸਮੇਤ ਮਕਰੌੜ ਸਾਹਿਬ ਅਤੇ ਟੋਹਾਣਾ ਪੁਲ 'ਤੇ ਮੈਡੀਕਲ ਟੀਮਾਂ ਪੱਕੀਆਂ ਤਾਇਨਾਤ ਕੀਤੀਆਂ ਜਾਣ | ਲੋੜੀਂਦੀਆਂ ਦਵਾਈਆਂ ਦਾ ਸਟਾਕ ਪੂਰਾ ਰੱਖਿਆ ਜਾਵੇ | ਲੋੜ ਪੈਣ ਉੱਤੇ ਐਂਬੂਲੈਂਸਾਂ ਸਮੇਤ ਕਿਸੇ ਵੀ ਕਿਸਮ ਦੀ ਦਿੱਕਤ ਲੋਕਾਂ ਨੂੰ ਨਹੀਂ ਆਉਣੀ ਚਾਹੀਦੀ | ਸ਼੍ਰੀ ਚਾਬਾ ਨੇ ਇਹ ਵੀ ਹਦਾਇਤਾਂ ਕੀਤੀਆਂ ਕਿ ਜਿਹੜੇ ਲੋਕ ਦਰਿਆ ਦੇ ਕਿਨਾਰੇ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੇ ਹਨ, ਉਨ੍ਹਾਂ ਲਈ ਖਾਣੇ ਅਤੇ ਪੀਣ ਵਾਲੇ ਸਾਫ਼ ਪਾਣੀ ਸਬੰਧੀ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ | ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਸਕੂਲਾਂ ਦੀ ਚੈਕਿੰਗ ਕਰ ਕੇ ਉਨ੍ਹਾਂ ਦਾ ਸੁਰੱਖਿਅਤ ਹੋਣਾ ਯਕੀਨੀ ਬਣਾਇਆ ਜਾਵੇ, ਜਿਹੜੇ ਸਕੂਲਾਂ ਦੀਆਂ ਇਮਾਰਤਾਂ ਸਬੰਧੀ ਕੋਈ ਦਿੱਕਤ ਹੋਵੇ, ਉਨ੍ਹਾਂ ਦੀ ਕਿਸੇ ਵੀ ਕਾਰਜ ਲਈ ਵਰਤੋਂ ਨਾ ਕੀਤੀ ਜਾਵੇ | ਸ਼੍ਰੀ ਚਾਬਾ ਨੇ ਐਨ.ਡੀ.ਆਰ.ਐੱਫ. ਨਾਲ ਲਗਾਤਾਰ ਰਾਬਤਾ ਰੱਖਣ, ਲੋੜੀਂਦੀਆਂ ਕਿਸ਼ਤੀਆਂ, ਕਿਸ਼ਤੀ ਚਾਲਕ, ਰੇਨ ਕੋਟ, ਟਾਰਚਾਂ ਤੇ ਹੋਰ ਲੋੜੀਂਦੀ ਸਮਗਰੀ ਸਬੰਧੀ ਤਿਆਰੀ ਦੀ ਸਮੀਖਿਆ ਵੀ ਕੀਤੀ | ਉਨ੍ਹਾਂ ਨੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੇ ਵਾਹਨ ਮੁਹੱਈਆ ਕਰਵਾਉਣ ਦੇ ਆਦੇਸ਼ ਦਿੱਤੇ | ਨਾਲ ਹੀ ਪੁਲੀਸ ਵਿਭਾਗ ਨੂੰ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਦੀਆਂ ਹਦਾਇਤਾਂ ਦਿੱਤੀਆਂ | ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਤੇ ਕੋਈ ਮੁਸ਼ਕਲ ਆਉਂਦੀ ਵੀ ਹੈ ਤਾਂ ਘਬਰਾਉਣ ਦੀ ਲੋੜ ਨਹੀਂ ਹੈ | ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨਾਲ ਹਰ ਹਾਲ ਖੜ੍ਹਾ ਹੈ | ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਉੱਤੇ ਯਕੀਨ ਨਾ ਕਰਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰੀ ਤਰ੍ਹਾਂ ਸਹਿਯੋਗ ਕਰਨ | ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਉਨ੍ਹਾਂ ਦੀ ਸੁਰੱਖਿਆ ਲਈ 24 ਘੰਟੇ ਹਾਜ਼ਰ ਹਨ | ਡਰੇਨੇਜ ਵਿਭਾਗ, ਮਾਲ ਵਿਭਾਗ, ਮੰਡੀ ਬੋਰਡ ਅਤੇ ਪੰਚਾਇਤ ਵਿਭਾਗ ਦੇ ਕਰਮਚਾਰੀਆਂ, ਸਥਾਨਕ ਪਿੰਡ ਵਾਸੀਆਂ ਸਮੇਤ, ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ, ਜੋ ਲਗਾਤਾਰ ਇਨ੍ਹਾਂ ਸੰਵੇਦਨਸ਼ੀਲ ਥਾਵਾਂ ਦੀ ਨਿਗਰਾਨੀ ਕਰ ਰਹੀਆਂ ਹਨ | ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿਚ ਡਰੇਨੇਜ ਵਿਭਾਗ ਨਾਲ 87250-29785 'ਤੇ ਜਾਂ ਜ਼ਿਲ੍ਹਾ ਪ੍ਰਸ਼ਾਸਨ ਨਾਲ 01672-234196 'ਤੇ ਜਾਂ ਮੂਨਕ ਕੰਟਰੋਲ ਰੂਮ ਨਾਲ 97802-95132 'ਤੇ ਸੰਪਰਕ ਕੀਤਾ ਜਾ ਸਕਦਾ ਹੈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਿਤ ਬੈਂਬੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਖਚੈਨ ਸਿੰਘ, ਅਤੇ ਐੱਸ.ਡੀ.ਐਮ ਸੂਬਾ ਸਿੰਘ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਗੋਇਲ ਵਲੋਂ ਮੂਨਕ ਤੇ ਮਕੌਰੜ ਸਾਹਿਬ ਵਿਖੇ ਘੱਗਰ ਦਰਿਆ ਦਾ ਦੌਰਾ ਅਗਲੀ ਖ਼ਬਰ ਕਈ ਦਿਨਾਂ ਤੋਂ ਪੈ ਰਹੀ ਤੇਜ਼ ਬਾਰਿਸ਼ ਕਾਰਨ ਘਰ ਦੀ ਛੱਤ ਡਿੱਗੀ
Ad Position 24