ਮਲੇਰਕੋਟਲਾ, 5 ਸਤੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਕਿਸਾਨੀ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਹੇਠ ਅੱਜ ਮਲੇਰਕੋਟਲਾ ਡੀ.ਸੀ. ਦਫ਼ਤਰ ਅੱਗੇ ਕਰੀਬ 2 ਘੰਟੇ ਲਈ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਕਿਸਾਨਾਂ ਨੂੰ ਸੰਬੋਧਨ ਸਮੇਂ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਹੜ੍ਹਾਂ ਨਾਲ ਹੋ ਰਹੀ ਤਬਾਹੀ ਦੇ ਕਾਰਨ ਅਤੇ ਇਸ ਦਾ ਹੱਲ ਕਰਾਉਣ ਅਤੇ ਪੰਜਾਬ ਸਰਕਾਰ ਦੁਆਰਾ ਪੰਚਾਇਤੀ ਜ਼ਮੀਨਾਂ ਤੇ ਕਾਰਪੋਰੇਟਾਂ ਜਗੀਰਦਾਰਾਂ ਦੇ ਕਬਜ਼ੇ ਕਰਾਉਣ ਦੇ ਵਿਰੋਧ ਅਤੇ ਪੰਜਾਬ ਸਰਕਾਰ ਵਲੋਂ ਕਿਸਾਨ ਲਹਿਰ 'ਤੇ ਵਿੱਢੇ ਜ਼ਬਰ ਦੇ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਕੇਵਲ ਸਿੰਘ ਭੜ੍ਹੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਭਾਰੀ ਮੀਂਹ ਕਾਰਨ ਹੜ੍ਹਾਂ ਨੇ ਕਿਸਾਨਾਂ ਦੀਆਂ ਫ਼ਸਲਾਂ, ਪਸ਼ੂਆਂ ਅਤੇ ਮਨੁੱਖਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਕੀਤਾ ਹੈ | ਇਸ ਤਬਾਹੀ ਦੀ ਜ਼ਿੰਮੇਵਾਰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਕਿਉਂਕਿ ਸਰਕਾਰ ਨੇ ਬਰਸਾਤ ਦੇ ਦਿਨਾਂ ਵਿਚ ਹੜ੍ਹਾਂ ਵਰਗੇ ਹਾਲਾਤ ਨੂੰ ਰੋਕਣ ਲਈ ਕੋਈ ਅਗਾਊਾ ਪ੍ਰਬੰਧ ਨਹੀਂ ਕੀਤੇ | ਉਨ੍ਹਾਂ ਵਲੋਂ ਡਿਪਟੀ ਕਮਿਸ਼ਨਰ ਮਲੇਰਕੋਟਲਾ ਨੂੰ ਮੰਗ ਪੱਤਰ ਦੇ ਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਉੱਤਰਾਖੰਡ ਅਤੇ ਹੋਰਨਾਂ ਥਾਵਾਂ 'ਤੇ ਬੱਦਲ ਫੱਟਣ ਅਤੇ ਭਾਰੀ ਮੀਂਹ ਪੈਣ ਕਾਰਨ ਵੱਡੇ ਪੱਧਰ ਤੇ ਜਾਨ-ਮਾਲ, ਫ਼ਸਲਾਂ, ਘਰ-ਘਾਟ ਅਤੇ ਜ਼ਮੀਨਾਂ ਦੀ ਬਰਬਾਦੀ ਹੋਈ ਹੈ | ਪੰਜਾਬ ਸਰਕਾਰ ਤੇ ਕੇਂਦਰ ਵਲੋਂ ਇਸ ਨੂੰ ਕੌਮੀ ਆਫ਼ਤ ਐਲਾਨਿਆ ਜਾਵੇ | ਲੋਕਾਂ ਦੇ ਨੁਕਸਾਨ ਦੀ ਸੌ ਫ਼ੀਸਦੀ ਪੂਰਤੀ ਲਈ ਫ਼ੰਡ ਜਾਰੀ ਕੀਤੇ ਜਾਣ | ਕਿਸਾਨ ਆਗੂਆਂ ਨੇ ਕਿਹਾ ਕਿ ਜ਼ਰੂਰੀ ਉਸਾਰੀ ਢਾਂਚੇ ਸੜਕਾਂ, ਸਕੂਲਾਂ, ਹਸਪਤਾਲਾਂ ਅਤੇ ਹੋਰ ਸਾਂਝੀਆਂ ਥਾਵਾਂ ਦੇ ਹੋਏ ਨੁਕਸਾਨ ਨੂੰ ਪੂਰਨ ਲਈ ਫ਼ੰਡ ਤੁਰੰਤ ਜਾਰੀ ਕੀਤੇ ਜਾਣ 'ਤੇ ਮੁੜ ਉਸਾਰੀ ਦਾ ਕੰਮ ਪਾਣੀ ਉੱਤਰਨ ਸਾਰ ਸ਼ੁਰੂ ਕੀਤਾ ਜਾਵੇ | ਸਿਹਤ ਵਿਭਾਗ ਵਲੋਂ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾਣ | ਪੰਜਾਬ ਸਰਕਾਰ ਨੇ ਭਾਵੇਂ ਲੈਂਡ ਪੁਲਿੰਗ ਪਾਲਿਸੀ ਰੱਦ ਕਰ ਦਿੱਤੀ ਹੈ ਪਰ ਨਾਲ ਦੀ ਨਾਲ ਪੰਚਾਇਤ ਜ਼ਮੀਨ ਤੇ ਸਰਕਾਰੀ ਜ਼ਮੀਨਾਂ/ਜਾਇਦਾਦਾਂ ਨਿਲਾਮ ਕਰਨ ਦੇ ਰਾਹ ਤੁਰ ਪਈ ਹੈ | ਅਜਿਹੀਆਂ ਸਾਰੀਆਂ ਜਾਇਦਾਦਾਂ ਲੋਕਾਂ ਦੀ ਸੇਵਾ ਸੰਭਾਲ ਅਤੇ ਵਰਤੋਂ ਲਈ ਹਨ | ਬੁਲਾਰਿਆਂ ਨੇ ਕਿਹਾ ਕਿ ਜ਼ਮੀਨਾਂ ਦੀ ਰਾਖੀ, ਜ਼ਮੀਨ ਪ੍ਰਾਪਤੀ, ਜ਼ਮੀਨਾਂ ਦੀ ਪੱਕੀ ਮਾਲਕੀ ਲੈਣ ਅਤੇ ਜਥੇਬੰਦੀ ਦੀ ਰਾਖੀ ਲਈ 14 ਸਤੰਬਰ ਨੂੰ ਬਰਨਾਲਾ ਵਿਖੇ ਕੀਤੀ ਜਾ ਰਹੀ ਰੈਲੀ ਦੀ ਤਿਆਰੀ ਲਈ ਰਾਖੀ ਕਰੋ ਮੁਹਿੰਮ ਨੂੰ ਪਿੰਡਾਂ ਵਿਚ ਹੋਰ ਤੇਜ਼ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਕਿਸੇ ਵੀ ਆਗੂ ਨੂੰ ਗਿ੍ਫ਼ਤਾਰ ਕਰਨ ਆਈ ਪੁਲਿਸ ਦਾ ਵਿਰੋਧ ਕੀਤਾ ਜਾਵੇ | ਇਸ ਮੌਕੇ ਜ਼ਿਲ੍ਹਾ ਆਗੂ ਨਿਰਮਲ ਸਿੰਘ ਅਲੀਪੁਰ, ਸਰਬਜੀਤ ਸਿੰਘ ਭੁਰਥਲਾ, ਰਜਿੰਦਰ ਸਿੰਘ ਭੋਗੀਵਾਲ, ਜਗਤਾਰ ਸਿੰਘ ਸਰੌਦ, ਗੁਰਜੀਤ ਸਿੰਘ ਰਟੌਲ, ਰਾਜ ਸਿੰਘ ਸਰੌਦ, ਰਵਿੰਦਰ ਸਿੰਘ ਕਾਸਮਪੁਰ, ਸਤਿਨਾਮ ਸਿੰਘ ਮਾਣਕ ਮਾਜਰਾ, ਚਰਨਜੀਤ ਸਿੰਘ ਹਥਨ, ਹਰਜਿੰਦਰ ਸਿੰਘ ਰੰਗੀ, ਮਹਿੰਦਰ ਸਿੰਘ ਭੁਰਥਲਾ, ਜਗਰੂਪ ਸਿੰਘ ਖੁਰਦ, ਗੁਰਮੀਤ ਕੌਰ ਕੁਠਾਲਾ ਆਦਿ ਹਾਜ਼ਰ ਸਨ |