ਸੰਗਰੂਰ, 6 ਸਤੰਬਰ (ਧੀਰਜ ਪਸ਼ੋਰੀਆ) - ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਪੰਜਾਬ ਵਿਚ ਹੜ੍ਹਾਂ ਦੀ ਮਾਰ ਝੱਲ ਰਹੇ ਪੀੜਤਾਂ ਨਾਲ ਖੜਨ ਦਾ ਨਾਲ-ਨਾਲ ਉਨ੍ਹਾਂ ਦੇ ਮੁੜ ਵਸੇਵੇਂ ਲਈ ਯਤਨ ਕੀਤੇ ਜਾਣਗੇ | ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਗੁਰਵਿੰਦਰ ਸਿੰਘ ਸਸਕੌਰ, ਵਿੱਤ ਸਕੱਤਰ ਪਿ੍ੰਸੀਪਲ ਅਮਨਦੀਪ ਸ਼ਰਮਾ ਅਤੇ ਪੈੱ੍ਰਸ ਸਕੱਤਰ ਕਰਨੈਲ ਸਿੰਘ ਫਿਲੌਰ ਨੇ ਦੱਸਿਆ ਕਿ ਜਥੇਬੰਦੀ ਵਲੋਂ ਪੰਜਾਬ ਦੇ ਜ਼ਿਲਿ੍ਹਆਂ ਵਿਚ ਜ਼ਿਲ੍ਹਾ ਕਮੇਟੀਆਂ ਬਣਾ ਕੇ ਸਾਰੇ ਜ਼ਿਲਿ੍ਹਆਂ ਵਿਚੋਂ ਹੜ ਪੀੜਤਾਂ ਦੀ ਮਦਦ ਲਈ ਤਕਰੀਬਨ 31.20 ਲੱਖ ਰੁਪਏ ਦੀ ਰਾਸ਼ੀ ਇਕੱਠੀ ਕੀਤੀ ਗਈ ਹੈ ਅਤੇ ਹੋਰ ਸਹਾਇਤਾ ਰਾਸ਼ੀ ਇਕੱਠੀ ਕਰਨ ਦੀ ਮੁਹਿੰਮ ਚੱਲ ਰਹੀ ਹੈ | ਇਸ ਮੁਹਿੰਮ ਨੂੰ ਸਮੁੱਚੇ ਅਧਿਆਪਕ ਵਰਗ ਵਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ | ਜਥੇਬੰਦੀ ਦੇ ਆਗੂਆਂ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਇਕੱਠੀ ਕੀਤੀ ਰਾਸ਼ੀ ਨੂੰ ਹੜ ਪੀੜਤਾਂ ਦੇ ਮੁੜ ਵਸੇਵੇਂ ਜਿਵੇਂ ਹੜ ਮਾਰੇ ਇਲਾਕਿਆਂ ਦੇ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ, ਮਿਡ ਡੇ ਮੀਲ ਵਰਕਰਾਂ, ਦਰਜਾ ਚਾਰ ਕਰਮਚਾਰੀਆਂ ਦੇ ਪਰਿਵਾਰਾਂ ਦੀ ਪਹਿਲ ਦੇ ਆਧਾਰ ਤੇ ਮਦਦ ਕੀਤੀ ਜਾਵੇਗੀ | ਇਸ ਤੋਂ ਇਲਾਵਾ ਹੜ ਪੀੜਤ ਲੋੜਵੰਦ ਪਰਿਵਾਰਾਂ ਦੀ ਵੀ ਮਦਦ ਕੀਤੀ ਜਾਵੇਗੀ | ਜਥੇਬੰਦੀ ਵਲੋਂ ਹੜ ਪੀੜਤਾਂ ਦੀ ਸਹਾਇਤਾ ਦੇ ਪਹਿਲੇ ਗੇੜ ਤਹਿਤ ਕਪੂਰਥਲਾ, ਫ਼ਾਜ਼ਿਲਕਾ, ਗੁਰਦਾਸਪੁਰ, ਪਟਿਆਲਾ, ਮੁਕਤਸਰ, ਫ਼ਿਰੋਜ਼ਪੁਰ, ਅੰਮਿ੍ਤਸਰ, ਹੁਸ਼ਿਆਰਪੁਰ, ਪਠਾਨਕੋਟ, ਮੋਗਾ ਅਤੇ ਜਲੰਧਰ ਜ਼ਿਲਿ੍ਹਆਂ ਵਿੱਚ ਟੀਮਾਂ ਬਣਾ ਕੇ ਮਦਦ ਦੇਣ ਦਾ ਕੰਮ ਸ਼ੁਰੂ ਕੀਤਾ ਜਾ ਚੁੱਕਾ ਹੈ | ਆਉਣ ਵਾਲੇ ਦਿਨਾਂ ਵਿਚ ਮਦਦ ਲਈ ਹੋਰ ਟੀਮਾਂ ਬਣਾ ਕੇ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ |