ਸੁਨਾਮ ਊਧਮ ਸਿੰਘ ਵਾਲਾ, 22 ਸਤੰਬਰ (ਸੱਗੂ, ਧਾਲੀਵਾਲ, ਭੁੱਲਰ) - ਸ਼ਹੀਦ ਊਧਮ ਸਿੰਘ ਦੀ ਧਰਤੀ, ਸੁਨਾਮ ਊਧਮ ਸਿੰਘ ਵਾਲਾ ਨੂੰ ਅਤਿ ਆਧੁਨਿਕ ਸ਼ਹਿਰਾਂ ਦੀ ਗਿਣਤੀ ਵਿਚ ਸ਼ੁਮਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਦਿਨ-ਰਾਤ ਇੱਕ ਕਰ ਕੇ ਕੰਮ ਕੀਤਾ ਕੀਤਾ ਜਾ ਰਿਹਾ ਹੈ ਤੇ ਸੁਨਾਮ ਸ਼ਹਿਰ ਵਿਚ ਕਰੀਬ 85 ਕਰੋੜ ਰੁਪਏ ਦੀ ਲਾਗਤ ਨਾਲ ਵੱਖੋ-ਵੱਖ ਵਿਕਾਸ ਕਾਰਜਾਂ ਸਬੰਧੀ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਨਵੇਂ ਤਹਿਸੀਲ ਕੰਪਲੈਕਸ, ਬੱਸ ਸਟੈਂਡ, ਸਕੂਲ, ਇਨਡੋਰ ਸਪੋਰਟਸ ਕੰਪਲੈਕਸ ਅਤੇ ਸ਼ਹੀਦ ਊਧਮ ਸਿੰਘ ਕਾਲਜ ਦੇ ਪ੍ਰੋਜੈਕਟਾਂ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਮੌਕੇ ਕੀਤਾ | ਸ਼੍ਰੀ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਵਿਕਾਸ ਪ੍ਰੋਜੈਕਟਾਂ ਵਿਚ 15.32 ਕਰੋੜ ਰੁਪਏ ਦੀ ਲਾਗਤ ਨਾਲ ਤਹਿਸੀਲ ਕੰਪਲੈਕਸ ਦਾ ਅਪਗ੍ਰੇਡੇਸ਼ਨ ਪ੍ਰੋਜੈਕਟ ਸ਼ਾਮਲ ਹੈ | ਇਸ ਤੋਂ ਇਲਾਵਾ ਸੁਨਾਮ ਸ਼ਹਿਰ ਵਿਚ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ 8.49 ਕਰੋੜ ਰੁਪਏ ਦੇ ਪ੍ਰਾਜੈਕਟਾਂ ਸਬੰਧੀ ਵੀ ਕੰਮ ਜਾਰੀ ਹੈ | ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਇਹਨਾਂ ਪ੍ਰੋਜੈਕਟਾਂ ਸਬੰਧੀ ਕੰਮ ਤੈਅ ਸਮੇਂ ਵਿਚ ਪੂਰੇ ਕੀਤੇ ਜਾਣ | ਉਨ੍ਹਾਂ ਕਿਹਾ ਕਿ ਕੰਮ ਦੀ ਗੁਣਵੱਤਾ ਸਬੰਧੀ ਕਿਸੇ ਕਿਸਮ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸੁਨਾਮ ਦੇ ਵਿਕਾਸ ਲਈ ਬਚਨਵੱਧ ਹੈ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਦੀ ਨਿਗਰਾਨੀ ਖ਼ੁਦ ਕਰਨ, ਜੇਕਰ ਕਿਤੇ ਕੋਈ ਕਮੀ ਨਜ਼ਰ ਆਉਂਦੀ ਹੈ ਤਾਂ ਤੁਰੰਤ ਉਨ੍ਹਾਂ ਦੇ ਧਿਆਨ ਵਿਚ ਲਿਆਂਦੀ ਜਾਵੇ | ਇਸ ਮੌਕੇ ਐਕਸੀਅਨ ਲੋਕ ਨਿਰਮਾਣ ਵਿਭਾਗ ਅਜੈ ਗਰਗ, ਕੈਬਨਿਟ ਮੰਤਰੀ ਦੇ ਓ.ਐੱਸ.ਡੀ. ਅੰਮਿ੍ਤ ਸਿੱਧੂ, ਮੀਡੀਆ ਕੋਆਰਡੀਨੇਟਰ ਜਤਿੰਦਰ ਜੈਨ, ਬਲਾਕ ਪ੍ਰਧਾਨ ਸਾਹਿਬ ਸਿੰਘ, ਸੰਦੀਪ ਜਿੰਦਲ, ਮਨੀ ਸਰਾਓਾ, ਅਮਰੀਕ ਧਾਲੀਵਾਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਵੱਖ-ਵੱਖ ਅਹੁਦੇਦਾਰ, ਪਤਵੰਤੇ ਅਤੇ ਸ਼ਹਿਰ ਵਾਸੀ ਹਾਜ਼ਰ ਸਨ |