ਮਲੇਰਕੋਟਲਾ, 24 ਸਤੰਬਰ (ਮਨਜਿੰਦਰ ਸਿੰਘ ਸਰੌਦ) - ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਪੱਬਾਂ ਭਾਰ ਹੈ | ਡਿਪਟੀ ਕਮਿਸ਼ਨਰ ਮਲੇਰਕੋਟਲਾ ਅਤੇ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਸੰਗਰੂਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਰਿੰਦਰ ਸਿੰਘ ਇੰਸਪੈਕਟਰ ਵਲੋਂ ਆਪਣੇ ਸਰਕਲ ਅਧੀਨ ਆਉਂਦੀਆਂ ਸਭਾਵਾਂ ਵਿਚ ਸਭਾਵਾਂ ਦੇ ਮੈਂਬਰਾਂ/ਕਿਸਾਨਾਂ ਨਾਲ ਮੀਟਿੰਗ ਕਰ ਕੇ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਦੇ ਨਾੜ ਨੂੰ ਅੱਗ ਨਾ ਲਗਾਉਣ ਬਾਰੇ ਪ੍ਰੇਰਿਤ ਕੀਤਾ ਅਤੇ ਨਾਲ ਹੀ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ | ਉਨ੍ਹਾਂ ਦੀ ਟੀਮ ਵਲੋਂ ਕਿਸਾਨਾਂ ਨੂੰ ਪਰਾਲੀ ਤੋਂ ਵਾਤਾਵਰਨ ਨੂੰ ਹੋਣ ਵਾਲੇ ਨੁਕਸਾਨ ਤੋ ਜਾਣੂ ਕਰਵਾਇਆ ਗਿਆ | ਪਰਾਲੀ ਪ੍ਰਬੰਧਨ ਦੇ ਸਹੀ ਤਰੀਕੇ ਅਪਣਾਉਣ ਤੇ ਸਭਾਵਾਂ ਵਿਚ ਮੌਜੂਦ ਖੇਤੀਬਾੜੀ ਸੰਦਾਂ ਦਾ ਵੱਧ ਤੋਂ ਵੱਧ ਉਪਯੋਗ ਕਰਨ ਦੀ ਅਪੀਲ ਕੀਤੀ ਗਈ ਤਾਂ ਕਿ ਪੰਜਾਬ ਦੀ ਜ਼ਮੀਨ ਉਪਜਾਊ ਬਣੀ ਰਹੇ | ਇਸ ਮੌਕੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਕਿਸਾਨ ਵੀ ਹਾਜ਼ਰ ਸਨ |