ਮਲੇਰਕੋਟਲਾ, 25 ਸਤੰਬਰ (ਮਨਜਿੰਦਰ ਸਿੰਘ ਸਰੌਦ) - ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਪਿਛਲੇ ਦਿਨਾਂ ਤੋਂ ਡੀ.ਏ.ਪੀ. ਖਾਦ ਦੀ ਵੰਡ ਨੂੰ ਲੈ ਕੇ ਚਰਚਾਵਾਂ ਦਾ ਬਾਜ਼ਾਰ ਗਰਮ ਹੈ | ਕਿਸਾਨਾਂ ਵਲੋਂ ਸਹਿਕਾਰੀ ਸਭਾਵਾਂ ਦੇ ਅੰਦਰ ਡੀ.ਏ.ਪੀ. ਖਾਦ ਨਾ ਪਹੁੰਚਣ ਕਰ ਕੇ ਰੋਸ ਜ਼ਾਹਿਰ ਕੀਤਾ ਜਾ ਰਿਹਾ ਹੈ | ਅੱਜ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਵਲੋਂ ਜ਼ਿਲੇ੍ਹ ਵਿਚ ਡੀ.ਏ.ਪੀ. ਖਾਦ ਦੀ ਸਪਲਾਈ ਸਬੰਧ ਵਿਚ ਖੇਤੀਬਾੜੀ ਵਿਭਾਗ, ਸਹਿਕਾਰੀ ਸਭਾਵਾਂ, ਇਫਕੋ, ਮਾਰਕਫੈੱਡ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਐਸ.ਡੀ.ਐਮ ਮਲੇਰਕੋਟਲਾ / ਅਹਿਮਦਗੜ੍ਹ ਗੁਰਮੀਤ ਕੁਮਾਰ ਬਾਂਸਲ, ਸਹਾਇਕ ਕਮਿਸ਼ਨਰ ਰਾਕੇਸ਼ ਗਰਗ, ਮੁੱਖ ਖੇਤੀਬਾੜੀ ਅਫ਼ਸਰ ਡਾ. ਧਰਮਿੰਦਰਜੀਤ ਸਿੰਘ, ਡੀ.ਐਮ ਮਾਰਕਫੈਡ ਵਿਸ਼ਾਲ ਗੁਪਤਾ, ਇਫਕੋ ਤੋਂ ਵਿਸ਼ਾਲ ਸਿਡਾਨਾ ਤੋਂ ਇਲਾਵਾ ਸਹਿਕਾਰੀ ਸਭਾਵਾਂ ਦੇ ਇੰਸਪੈਕਟਰ ਮੌਜੂਦ ਸਨ | ਡਿਪਟੀ ਕਮਿਸ਼ਨਰ ਵਲੋਂ ਖਾਦ ਦੀ ਸਪਲਾਈ ਸਬੰਧੀ ਸਹਿਕਾਰੀ ਸੁਸਾਇਟੀਆਂ, ਇਫਕੋ, ਮਾਰਕਫੈੱਡ ਕੋਲੋ ਵਿਸਥਾਰ ਵਿਚ ਜਾਣਕਾਰੀ ਲਈ | ਉਨ੍ਹਾਂ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਮੰਤਵ ਇਹੀ ਹੈ ਕਿ ਕਿਸਾਨਾਂ ਨੂੰ ਕਣਕ ਦੀ ਬਿਜਾਈ ਦੌਰਾਨ ਡੀ.ਏ.ਪੀ. ਖਾਦ ਦੀ ਕੋਈ ਮੁਸ਼ਕਿਲ ਨਾ ਆਵੇ | ਉਨ੍ਹਾਂ ਕਿਸਾਨਾਂ ਨੂੰ ਖਾਦ ਤਹਿ ਰੇਟ ਉਪਰ ਉਪਲੱਬਧ ਕਰਵਾਉਣ ਲਈ ਦਿਸ਼ਾ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਜੇਕਰ ਕੋਈ ਵੀ ਖਾਦ ਡੀਲਰ ਕਿਸਾਨਾਂ ਨੂੰ ਤਹਿ ਰੇਟ ਤੋ ਜ਼ਿਆਦਾ ਰੇਟ ਤੇ ਖਾਦ ਵੇਚਦਾ ਹੈ ਅਤੇ ਖਾਦ ਨਾਲ ਕਿਸੇ ਹੋਰ ਵਸਤੂ ਦੀ ਸੇਲ ਕਰਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਅੱਗੇ ਕਿਹਾ ਕਿ ਜੇਕਰ ਪ੍ਰਾਈਵੇਟ ਖਾਦ ਵਿਕਰੇਤਾ ਨੂੰ ਕੋਈ ਸਮੱਸਿਆ ਆਉਂਦੀ ਹੈ, ਤਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀ ਜਾਵੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਖਾਦ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ |