ਲਹਿਰਾਗਾਗਾ, 26 ਸਤੰਬਰ (ਅਸ਼ੋਕ ਗਰਗ) - ਸਥਾਨਕ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਮੁਖ਼ਬਰੀ ਦੇ ਅਧਾਰ 'ਤੇ ਪੁਲਿਸ ਨੇ ਦੋ ਵਿਅਕਤੀਆਂ ਨੂੰ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਥਾਣਾ ਮੁਖੀ ਇੰਸਪੈਕਟਰ ਕਰਮਜੀਤ ਸਿੰਘ ਨੇ ਦੱਸਿਆ ਕਿ ਹੌਲਦਾਰ ਸੁਖਵਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਸਬੰਧੀ ਨੇੜੇ ਅਨਾਜ ਮੰਡੀ ਪਿੰਡ ਰਾਮਗੜ੍ਹ ਸੰਧੂਆਂ ਮੌਜੂਦ ਸਨ, ਪਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਧਰਮਿੰਦਰ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਰਾਮਗੜ੍ਹ ਸੰਧੂਆਂ ਜੋ ਕਿ ਭਾਰੀ ਮਾਤਰਾ ਵਿਚ ਭੁੱਕੀ ਚੂਰਾ ਪੋਸਤ ਲਿਆ ਕੇ ਆਪਣੇ ਘਰ ਵੇਚਣ ਦਾ ਧੰਦਾ ਕਰਦਾ ਹੈ | ਪੁਲਿਸ ਨੇ ਉਕਤ ਵਿਅਕਤੀ ਦੇ ਰਿਹਾਇਸ਼ੀ ਉੱਤੇ ਛਾਪੇਮਾਰੀ ਦੌਰਾਨ 51 ਕਿੱਲੋ 500 ਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਕਰ ਕੇ ਦੋਸ਼ੀ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ | ਕਾਬੂ ਕੀਤੇ ਗਏ ਮੁਲਜ਼ਮ ਖ਼ਿਲਾਫ਼ ਨਸ਼ਾ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰ ਕੇ ਤਫ਼ਤੀਸ਼ ਦੌਰਾਨ ਮੁਕੱਦਮੇ ਵਿਚ ਦਾਰਾ ਸਿੰਘ ਪੁੱਤਰ ਰਾਜ ਸਿੰਘ ਵਾਸੀ ਖਾਈ ਨੂੰ ਬਤੌਰ ਦੋਸ਼ੀ ਨਾਮਜ਼ਦ ਕੀਤਾ ਗਿਆ | ਇਸ ਤੋਂ ਇਲਾਵਾ ਸਹਾਇਕ ਥਾਣੇਦਾਰ ਜਸਵੀਰ ਸਿੰਘ ਨੇ ਮੁਖ਼ਬਰ ਦੀ ਇਤਲਾਹ 'ਤੇ ਦਾਰਾ ਸਿੰਘ ਪੁੱਤਰ ਰਾਜ ਸਿੰਘ ਵਾਸੀ ਖਾਈ ਦੀ ਦੁਕਾਨ 'ਤੋਂ ਪੰਜ ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਹੈ ਪਰ ਮੁਲਜ਼ਮ ਦੀ ਗਿ੍ਫ਼ਤਾਰੀ ਅਜੇ ਬਾਕੀ ਹੈ |