ਸੰਦੌੜ, 26 ਸਤੰਬਰ (ਜਸਵੀਰ ਸਿੰਘ ਜੱਸੀ) - ਆਪਣਾ ਪੰਜਾਬ ਫਾਊਾਡੇਸ਼ਨ ਅਤੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ ਦੇ ਸੱਦੇ 'ਤੇ ਮਾਡਰਨ ਕਾਲਜ ਆਫ਼ ਟੈਕਨੀਕਲ ਐਜੂਕੇਸ਼ਨ ਖ਼ੁਰਦ ਵਿਚ ਵਿਸ਼ਵ ਪੰਜਾਬੀ ਦਿਵਸ ਬੜੇ ਮਾਣ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਪ੍ਰੋਗਰਾਮ ਵਿਚ ਕਾਲਜ ਦੇ ਪਿ੍ੰਸੀਪਲ ਮੈਡਮ ਡਾ. ਸੁਖਵਿੰਦਰ ਕੌਰ, ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਪੰਜਾਬੀ ਪਹਿਰਾਵੇ ਸੱਜੀਆਂ ਸਨ | ਪੰਜਾਬੀ ਬੋਲੀ ਨਾਲ ਸਬੰਧਿਤ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਵਿਚ ਕਾਲਜ ਦੇ ਵਿਦਿਆਰਥੀਆਂ ਵਲੋਂ ਪੰਜਾਬੀ ਬੋਲੀ ਸੰਬੰਧੀ ਭਾਸ਼ਣ, ਕਵਿਤਾਵਾਂ ਉਚਾਰਨ, ਗ਼ਜ਼ਲ ਆਦਿ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਵਲੋਂ ਪੰਜਾਬੀ ਸਭਿਆਚਾਰ ਨਾਲ ਸੰਬੰਧਿਤ ਝਲਕੀਆਂ ਵੀ ਪੇਸ਼ ਕੀਤੀਆਂ ਗਈਆਂ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਮੈਡਮ ਡਾ. ਸੁਖਵਿੰਦਰ ਕੌਰ ਵਲੋਂ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕੇ ਹਰ ਵਿਅਕਤੀ ਨੂੰ ਆਪਣੀ ਜ਼ਿੰਦਗੀ ਵਿਚ ਤਰੱਕੀ ਕਰਨ ਲਈ ਆਪਣੀ ਮਾਂ ਬੋਲੀ ਦਾ ਪੂਰਨ ਗਿਆਨ ਹੋਣਾ ਬਹੁਤ ਜ਼ਰੂਰੀ ਹੈ ਕਿਉਂਕਿ ਮਾਂ ਬੋਲੀ ਹੀ ਇੱਕ ਅਜਿਹੀ ਭਾਸ਼ਾ ਹੈ ਜਿਸ ਵਿਚ ਅਸੀਂ ਆਪਣੀਆਂ ਸਾਰੀਆਂ ਭਾਵਨਾਵਾਂ ਨੂੰ ਪੂਰਨ ਰੂਪ ਵਿਚ ਬਿਆਨ ਕਰ ਸਕਦੇ ਹਾਂ | ਇਸ ਮੌਕੇ ਕਾਲਜ ਦੇ ਸਮੂਹ ਸਟਾਫ਼ ਮੈਂਬਰ ਮੌਜੂਦ ਸਨ |