ਸੰਗਰੂਰ, 28 ਸਤੰਬਰ (ਅਮਨਦੀਪ ਸਿੰਘ ਬਿੱਟਾ) - ਪੰਜਾਬ ਵਿਚ ਪਿਛਲੇ ਲੰਬੇ ਸਮੇਂ ਤੋਂ ਵੱਖ-ਵੱਖ ਵਿਭਾਗਾਂ ਵਿਚ ਸੇਵਾਵਾਂ ਨਿਭਾਅ ਰਹੇ ਆਊਟ ਸੋਰਸ ਅਤੇ ਇਨਲਿਸਟਮੈਂਟ ਮੁਲਾਜ਼ਮਾਂ ਦੇ ਰੁਜ਼ਗਾਰ ਨੂੰ ਪੱਕਾ ਕਰਨ, ਸਮੇਤ ਹੋਰ ਮੰਗਾਂ ਲਈ ਠੇਕਾ ਮੁਲਾਜ਼ਮਾਂ ਸੰਘਰਸ਼ ਮੋਰਚੇ ਵਲੋਂ ਸ਼ਹੀਦੇ ਏ ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮੁੱਖ ਮੰਤਰੀ ਨਿਵਾਸ ਬਾਹਰ ਮਨਾਇਆ ਗਿਆ | ਰਾਜ ਦੇ ਮੁੱਖ ਮੰਤਰੀ ਨਿਵਾਸ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ | ਪ੍ਰਦਰਸ਼ਨਕਾਰੀਆਂ ਦੀ ਅਗਵਾਈ ਸੂਬਾ ਆਗੂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ, ਬਲਿਹਾਰ ਸਿੰਘ, ਗੁਰਵਿੰਦਰ ਸਿੰਘ ਪੰਨੂ, ਸ਼ੇਰ ਸਿੰਘ ਖੰਨਾ, ਸਿਮਰਨਜੀਤ ਸਿੰਘ ਨੀਲੋ, ਪਵਨਦੀਪ ਸਿੰਘ, ਜਸਪ੍ਰੀਤ ਸਿੰਘ ਗਗਨ, ਗੁਰਪ੍ਰੀਤ ਸਿੰਘ ਢਿੱਲੋਂ ਨੇ ਕੀਤੀ | ਆਗੂਆਂ ਨੇ ਕਿਹਾ ਕਿ ਇਹ ਪਿਛਲੇ 15 ਤੋਂ 20 ਸਾਲਾਂ ਦੌਰਾਨ ਨਿਗੂਣੀਆਂ ਤਨਖ਼ਾਹਾਂ ਉੱਤੇ ਕੰਮ ਕਰ ਰਹੇ ਹਨ | ਪਿਛਲੇ 3 ਸਾਲਾਂ ਦੌਰਾਨ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਨੂੰ ਮੰਗ ਪੱਤਰ ਰਾਹੀ ਮੁੱਖ ਮੰਤਰੀ ਤੋਂ ਪੈਨਲ ਮੀਟਿੰਗ ਲਈ ਸਮੇਂ ਦੀ ਮੰਗ ਕੀਤੀ ਜਾ ਰਹੀ ਹੈ ਪਰ ਹਰ ਵਾਰ ਉਨ੍ਹਾਂ ਦੇ ਮੰਗ ਪੱਤਰ ਰੱਦੀ ਦੀ ਟੋਕਰੀ ਵਿਚ ਸੁੱਟ ਦਿੱਤੇ ਜਾਂਦੇ ਹਨ | ਉਨ੍ਹਾਂ ਮੰਗ ਕੀਤੀ ਕਿ ਸਰਕਾਰੀ ਵਿਭਾਗ ਵਿਚ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ, ਪੱਕਾ ਰੁਜ਼ਗਾਰ ਦਾ ਨਿਯਮ ਲਾਗੂ ਕੀਤਾ ਜਾਵੇ | ਆਊਟ ਸੋਰਸ ਕੰਪਨੀਆਂ, ਠੇਕੇਦਾਰਾਂ ਨੂੰ ਸਰਕਾਰੀ ਵਿਭਾਗਾਂ ਵਿਚੋਂ ਬਾਹਰ ਕੱਢ ਕੇ ਸਰਕਾਰੀ ਖ਼ਜ਼ਾਨੇ ਦੀ ਲੁੱਟ ਬੰਦ ਕੀਤੀ ਜਾਵੇ | ਆਗੂਆਂ ਨੇ ਇਹ ਵੀ ਐਲਾਨ ਕੀਤਾ ਕਿ ਪੱਕੇ ਰੁਜ਼ਗਾਰ ਲਈ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ | ਇਸ ਰੋਸ ਪ੍ਰਦਰਸ਼ਨ ਵਿਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ਪੰਪ ਅਪਰੇਟਰ ਠੇਕਾ ਮੁਲਾਜ਼ਮ ਯੂਨੀਅਨ ਤੋਂ ਬੋਹੜ ਸਿੰਘ ਭੁੱਲਰ, ਸਿਵਲ ਗੰਨਮੈਨ ਗਾਰਡ ਤੋਂ ਪਰਮਜੀਤ ਸਿੰਘ, ਬਲਵਿੰਦਰ ਸਿੰਘ, ਫ਼ਰਦ ਕੇਂਦਰ ਠੇਕਾ ਮੁਲਾਜ਼ਮ ਯੂਨੀਅਨ ਤੋ ਸਤਨਾਮ ਸਿੰਘ, ਪਰਮਜੀਤ ਕੌਰ, ਭਾਰਤੀ ਕਿਸਾਨ ਏਕਤਾ ਆਜ਼ਾਦ ਯੂਨੀਅਨ ਤੋਂ ਹਰਦੇਵ ਸਿੰਘ ਕੁਲਾਰਾ, ਏਕਤਾ ਉਗਰਾਹਾਂ ਤੋਂ ਹਰਜੀਤ ਸਿੰਘ ਨੇ ਵੀ ਸੰਘਰਸ਼ ਦੀ ਹਮਾਇਤ ਕੀਤੀ |