ਦਿੜ੍ਹਬਾ ਮੰਡੀ, 28 ਸਤੰਬਰ (ਹਰਬੰਸ ਸਿੰਘ ਛਾਜਲੀ) - ਪੰਜਾਬ ਪੇਅ ਸਕੇਲ ਬਹਾਲੀ ਦੀ ਮੰਗ ਨੂੰ ਲੈ ਕੇ ਸ਼ਹੀਦ ਏ ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ' ਤੇ ਇਨਕਲਾਬ ਦੇ ਨਾਂਅ ਹੇਠ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਸ਼ਹਿਰ ਦਿੜ੍ਹਬਾ ਵਿਖੇ ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ | ਸੂਬਾ ਕਨਵੀਨਰ ਸ਼ਲਿੰਦਰ ਕੰਬੋਜ਼, ਯੁੱਧਜੀਤ ਸਿੰਘ,ਸੰਦੀਪ ਸਿੰਘ, ਤਰਸੇਮ ਸਿੰਘ, ਸਸਪਾਲ ਸਿੰਘ, ਦੀਪਕ ਧਾਲੀਵਾਲ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਹਜ਼ਾਰਾਂ ਮੁਲਾਜ਼ਮ ਪੰਜਾਬ ਪੇ ਸਕੇਲ ਬਹਾਲ ਕਰਵਾਉਣ ਦੀ ਲੜਾਈ ਲੜ ਰਹੇ ਹਨ | ਪੰਜਾਬ ਦੇ ਸਮੂਹ ਮੁਲਾਜ਼ਮਾਂ 'ਤੇ ਪੰਜਾਬ ਦਾ ਛੇਵਾਂ ਪੇ ਸਕੇਲ ਲਾਗੂ ਕਰਵਾਉਣ ਅਤੇ ਛੇਵੇਂ ਪੇ ਸਕੇਲ ਦੇ ਵਿਚ ਸਹੀ ਅਤੇ ਸਪਸ਼ਟ ਤਨਖ਼ਾਹ ਫਿਕਸੇਸ਼ਨਾ ਕਰਵਾਉਣ ਲਈ ਮੁਲਾਜ਼ਮਾਂ ਵੱਲੋਂ ਵਿੱਤ ਮੰਤਰੀ ਦੇ ਦਿੜ੍ਹਬਾ ਵਿਖੇ ਦਫ਼ਤਰ ਦਾ ਘਿਰਾਓ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਜੇਕਰ 6ਵਾਂ ਪੇ ਸਕੇਲ ਲਾਗੂ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਪੰਜਾਬ ਪੇ ਸਕੇਲ ਬਹਾਲੀ ਸਾਂਝਾ ਫ਼ਰੰਟ ਵਿਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ, ਭਰਾਤਰੀ ਜਥੇਬੰਦੀਆਂ ਡੀਟੀਐਫ ਪੰਜਾਬ ਦੇ ਸੂਬਾ ਆਗੂ ਵਿਕਰਮ ਦੇਵ ਸਿੰਘ, ਦਿੱਗਵਿਜੇ ਪਾਲ ਸਿੰਘ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ, ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਅਤੇ ਹੋਰ ਵੱਖ-ਵੱਖ ਭਰਾਤਰੀ ਜਥੇਬੰਦੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ |