ਅਹਿਮਦਗੜ੍ਹ, 31 ਅਕਤੂਬਰ (ਰਵਿੰਦਰ ਪੁਰੀ) - ਸਥਾਨਕ ਪੁਲਿਸ ਵਲੋਂ ਨੌਜਵਾਨਾਂ ਤੇ ਵਿਦਿਆਰਥੀਆਂ ਵਿਚ ਨਸ਼ਿਆਂ ਸਮੇਤ ਸਮਾਜਿਕ ਕੁਰੀਤੀਆਂ ਨੂੰ ਤਿਆਗ ਕੇ ਅਤੇ ਪੜ੍ਹਾਈ ਨੂੰ ਸਮਰਪਿਤ ਹੋ ਕੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ | ਐਸ.ਐਸ.ਪੀ ਗਗਨ ਅਜੀਤ ਸਿੰਘ ਦੀ ਰਹਿਨੁਮਾਈ ਹੇਠ ਐੱਸ.ਪੀ. ਰਾਜਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਮੁਹਿੰਮ ਦੀ ਸ਼ੁਰੂਆਤ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੀਤੀ ਗਈ | ਇਸ ਮੌਕੇ ਐਸ.ਪੀ ਰਾਜਵਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਨੌਜਵਾਨਾਂ ਅਤੇ ਖ਼ਾਸ ਕਰ ਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸੇਵਨ, ਹਿੰਸਾ, ਲੜਕੀਆਂ ਨਾਲ ਛੇੜਛਾੜ ਅਤੇ ਅਣਅਧਿਕਾਰਤ ਵਾਹਨ ਨਾ ਚਲਾਉਣ ਲਈ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ | ਸ. ਰੰਧਾਵਾ ਨੇ ਵਿਦਿਆਰਥੀਆਂ ਨੂੰ ਸੁਚੇਤ ਕੀਤਾ ਕਿ ਉਹ ਨਸ਼ਾ ਤਸਕਰਾਂ ਸਮੇਤ ਸਮਾਜ ਵਿਰੋਧੀ ਤੱਤਾਂ ਦੇ ਮਨਸੂਬਿਆਂ ਦਾ ਸ਼ਿਕਾਰ ਨਾ ਹੋਣ ਅਤੇ ਅਨੁਸ਼ਾਸਨ ਨੂੰ ਆਪਣੀ ਜੀਵਨ ਸ਼ੈਲੀ ਦਾ ਹਿੱਸਾ ਬਣਾਉਣ | ਉਨ੍ਹਾਂ ਨੇ ਇਸ ਗੱਲ ਦੀ ਸ਼ਲਾਘਾ ਕੀਤੀ ਕਿ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਮੁਖੀ ਸਮਾਜਿਕ ਬੁਰਾਈਆਂ ਨੂੰ ਰੋਕਣ ਲਈ ਪ੍ਰਸ਼ਾਸਨ ਦੁਆਰਾ ਆਯੋਜਿਤ ਕੀਤੇ ਜਾ ਰਹੇ ਸਮਾਗਮਾਂ ਨਾਲ ਜੁੜੇ ਹਨ | ਹੋਰਨਾਂ ਤੋਂ ਇਲਾਵਾ ਡੀ ਐਸ ਪੀ ਸੁਖਦੇਵ ਸਿੰਘ, ਐਸ ਐੱਚ ਸਦਰ ਪੁਸ਼ਪਿੰਦਰ ਸਿੰਘ, ਐਸ ਐਸ ਓ ਸਿਟੀ ਗੁਰਵਿੰਦਰ ਸਿੰਘ ਸੰਧੂ, ਸਾਬਕਾ ਪ੍ਰਧਾਨ ਨਗਰ ਕੌਂਸਲ ਰਵਿੰਦਰ ਪੁਰੀ ਅਤੇ ਪਿ੍ੰਸੀਪਲ ਵਿਨੇ ਗੋਇਲ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ |