ਸੰਗਰੂਰ, 22 ਨਵੰਬਰ (ਧੀਰਜ ਪਸੋਰੀਆ, ਅਮਨਦੀਪ ਸਿੰਘ ਬਿੱਟਾ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਸੀਪੀਐਫ ਕਰਮਚਾਰੀ ਯੂਨੀਅਨ ਦੇ ਸੱਦੇ ਤੇ ਵੱਖ-ਵੱਖ ਸਕੂਲਾਂ ਅਤੇ ਦਫ਼ਤਰਾਂ ਵਿਚ ਪੁਰਾਣੀ ਪੈਨਸ਼ਨ ਦੇ ਅਧੂਰੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਫੂਕੀ ਕਿ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਜਥੇਬੰਦਕ ਐਕਸ਼ਨ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਕਨਵੀਨਰ ਸਰਬਜੀਤ ਸਿੰਘ ਪੁੰਨਾਂਵਾਲ, ਸਤਵੰਤ ਸਿੰਘ ਆਲਮਪੁਰ, ਜਸਵਿੰਦਰ ਸਿੰਘ ਜੱਸਾ, ਹਰਜੀਤ ਸਿੰਘ ਗਲਵੱਟੀ, ਮਨਪ੍ਰੀਤ ਸਿੰਘ ਟਿੱਬਾ, ਮਨਜੀਤ ਸਿੰਘ ਲੱਡਾ ਨੇ ਕਿਹਾ ਕਿ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਦੀ ਬਹਾਲੀ ਦਾ ਅਧੂਰਾ ਨੋਟੀਫ਼ਿਕੇਸ਼ਨ ਮੁੱਖ ਮੰਤਰੀ ਪੰਜਾਬ ਨੇ ਲਾਈਵ ਹੋ ਕੇ ਕੀਤਾ ਸੀ ਅਤੇ ਕਿਹਾ ਸੀ ਕਿ ਅਸੀਂ ਪੁਰਾਣੀ ਪੈਨਸ਼ਨ ਬਹਾਲ ਕਰਨ ਜਾ ਰਹੇ ਹਾਂ, ਜਿਸ ਦੀ ਐਸ.ਓ.ਪੀ ਬਾਅਦ ਵਿਚ ਜਾਰੀ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸਿਤਮਜਰੀਫੀ ਇਹ ਹੈ ਕਿ ਤਿੰਨ ਸਾਲ ਬੀਤ ਜਾਣ ਦੇ ਬਾਅਦ ਵੀ ਪੁਰਾਣੀ ਪੈਨਸ਼ਨ ਦੀ ਐਸ.ਓ.ਪੀ ਜਾਰੀ ਨਹੀਂ ਕੀਤੀ ਗਈ, ਜੋ ਕਿ ਮੁਲਾਜ਼ਮਾਂ ਨਾਲ ਬਹੁਤ ਵੱਡਾ ਧੋਖਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਵਾਅਦੇ ਤੋਂ ਭੱਜ ਰਹੀ ਹੈ | ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਜੋ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮਨਾਉਣ ਜਾ ਰਹੀ ਹੈ, ਉਸ ਵਿਚ ਪੁਰਾਣੀ ਪੈਨਸ਼ਨ ਬਹਾਲੀ ਦਾ ਐਲਾਨ ਕਰੇ ਅਤੇ ਐਨ.ਪੀ.ਐਸ ਦੇ ਖਾਤੇ ਬੰਦ ਕਰ ਕੇ ਜੀ.ਪੀ.ਐਫ ਦੇ ਖਾਤੇ ਤੁਰੰਤ ਖੋਲੇ | ਆਗੂਆਂ ਨੇ ਅੱਗੇ ਕਿਹਾ ਕਿ ਦੇਸ਼ ਦੇ ਸਮੁੱਚੇ ਐਨਪੀਐਸ ਮੁਲਾਜ਼ਮਾਂ ਵੱਲੋਂ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ 25 ਨਵੰਬਰ ਨੂੰ ਦਿੱਲੀ ਵਿਖੇ ਕੀਤੀ ਜਾ ਰਹੀ ਰੈਲੀ ਵਿਚ ਪੰਜਾਬ ਦੇ ਵੱਡੀ ਗਿਣਤੀ ਵਿਚ ਮੁਲਾਜ਼ਮ ਭਾਗ ਲੈਣਗੇ |