ਲੌਂਗੋਵਾਲ, 22 ਨਵੰਬਰ (ਵਿਨੋਦ, ਖੰਨਾ) - ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਲਵੰਡੀ ਸਾਬੋ ਤੋਂ ਚੱਲਿਆ ਵਿਸ਼ਾਲ ਨਗਰ ਕੀਰਤਨ ਬਡਬਰ ਰਾਹੀਂ ਸੰਗਰੂਰ ਜ਼ਿਲ੍ਹੇ ਦੇ ਪਹਿਲੇ ਪੜਾਅ ਲੌਂਗੋਵਾਲ ਪੁੱਜਾ ਜਿੱਥੇ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਅਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਸਮੇਤ ਵੱਡੀ ਗਿਣਤੀ ਸੰਗਤਾਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ | ਇਸ ਮੌਕੇ ਪਾਲਕੀ ਸਾਹਿਬ ਨੂੰ ਨਤਮਸਤਕ ਹੁੰਦਿਆਂ ਤੇ ਪੰਜ ਪਿਆਰਿਆਂ ਨੂੰ ਸਿਰੋਪਾਉ ਭੇਟ ਕਰਦਿਆਂ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣਾ ਸਾਡੇ ਸਾਰਿਆਂ ਲਈ ਇਤਿਹਾਸਕ ਪਲ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਨਿਮਾਣੇ ਸ਼ਰਧਾਲੂ ਵਜੋਂ ਪੂਰੀ ਅਕੀਦਤ, ਸ਼ਰਧਾ ਭਾਵਨਾ ਤੇ ਗੁਰਮਤਿ ਮਰਿਯਾਦਾ ਨਾਲ ਮਨਾ ਰਹੀ ਹੈ | ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਅਕਾਲ ਪੁਰਖ ਨੇ ਇਸ ਮਹਾਨ ਕਾਰਜ ਵਿਚ ਸੇਵਾ ਨਿਭਾਉਣ ਲਈ ਸੂਬਾ ਸਰਕਾਰ 'ਤੇ ਆਪਾਰ ਕਿਰਪਾ ਕੀਤੀ ਹੈ ਅਤੇ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ | ਉਨ੍ਹਾਂ ਨੇ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਵਲੋਂ ਸਮੁੱਚੀ ਮਨੁੱਖਤਾ ਨੂੰ ਦਿਖਾਏ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ | ਕੈਬਨਿਟ ਮੰਤਰੀ ਨੇ ਸੰਗਤਾਂ ਨੂੰ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਸਮਾਗਮਾਂ ਵਿਚ ਵੱਡੇ ਪੱਧਰ 'ਤੇ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਨਮਨ ਕਰਨ ਲਈ ਆਪਾਂ ਸਾਰੇ ਪਰਿਵਾਰਾਂ ਸਮੇਤ ਸ੍ਰੀ ਅਨੰਦਪੁਰ ਸਾਹਿਬ ਨਤਮਸਤਕ ਹੋਈਏ | ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿਚ ਆਉਣ ਵਾਲੇ ਸ਼ਰਧਾਲੂਆਂ ਦੇ ਰਹਿਣ ਲਈ Tਚੱਕ ਨਾਨਕੀ'' ਨਾਮਕ Tਟੈਂਟ ਸਿਟੀ'' ਸਥਾਪਤ ਕੀਤੀ ਗਈ ਹੈ | ਇਸ ਮੌਕੇ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਹੁਲ ਚਾਬਾ, ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ, ਐਸ.ਐਸ.ਪੀ. ਸ੍ਰ. ਸਰਤਾਜ ਸਿੰਘ ਚਹਿਲ, ਏ.ਡੀ.ਸੀ. ਸੁਖਚੈਨ ਸਿੰਘ, ਐਸ.ਡੀ.ਐਮ. ਸੁਨਾਮ ਪ੍ਰਮੋਦ ਸਿੰਗਲਾ, ਨਗਰ ਕੌਂਸਲ ਪ੍ਰਧਾਨ ਪਰਮਿੰਦਰ ਕੌਰ ਬਰਾੜ, ਕਮਲ ਬਰਾੜ, ਬਲਵਿੰਦਰ ਸਿੰਘ ਢਿੱਲੋਂ, ਵਿੱਕੀ ਵਸਿਸ਼ਟ ਬਲਾਕ ਪ੍ਰਧਾਨ, ਰਾਜ ਸਿੰਘ ਰਾਜੂ, ਮੇਲਾ ਸਿੰਘ ਸੂਬੇਦਾਰ, ਸੁਖਪਾਲ ਬਾਜਵਾ, ਮਾ. ਨਰਿੰਦਰ ਸ਼ਰਮਾ, ਜਤਿੰਦਰ ਰਿਸ਼ੀ, ਗੁਰਮੀਤ ਸਿੰਘ ਲੱਲੀ ਅਤੇ ਪਤਵੰਤੇ ਹਾਜ਼ਰ ਸਨ |