ਮਲੇਰਕੋਟਲਾ, 24 ਨਵੰਬਰ (ਮਨਜਿੰਦਰ ਸਿੰਘ ਸਰੌਦ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ ਤੇ ਭਾਈ ਸਤੀ ਦਾਸ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮੁੱਚੇ ਵਿਸ਼ਵ ਵਿਚ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਗੱਲਬਾਤ ਕਰਦੇ ਹੋਏ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਭੁਪਿੰਦਰ ਸਿੰਘ ਭਲਵਾਨ ਅਤੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਮਨਦੀਪ ਸਿੰਘ ਖ਼ੁਰਦ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਮੁਤਾਬਿਕ 29 ਨਵੰਬਰ ਤੱਕ ਹਰ ਸਿੱਖ ਆਪਣੇ ਘਰ ਤੇ ਵਪਾਰਕ ਸਥਾਨ ਉੱਪਰ ਕੇਸਰੀ ਤੇ ਨੀਲਾ ਖ਼ਾਲਸਾਈ ਨਿਸ਼ਾਨ ਜ਼ਰੂਰ ਲਗਾਵੇ | ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਆਪਣੀ ਸ਼ਰਧਾ ਤੇ ਸਤਿਕਾਰ ਭੇਟ ਕਰਨ | ਸਮਾਗਮ ਮੌਕੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਬਾਬਾ ਜਸਦੇਵ ਸਿੰਘ ਜੀ ਲੋਹਟਬਦੀ ਵਾਲੇ ਮੁੱਖ ਸੇਵਾਦਾਰ ਗੁਰਦੁਆਰਾ ਬੁੱਡਾਸਰ ਸਾਹਿਬ ਲੋਹਟਬਦੀ ਅਤੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਪ੍ਰਧਾਨ ਭਾਈ ਮਨਦੀਪ ਸਿੰਘ ਖ਼ੁਰਦ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ ਗਿਆ | ਭਾਈ ਮਨਦੀਪ ਸਿੰਘ ਖ਼ੁਰਦ ਨੇ ਦੱਸਿਆ ਕਿ 350 ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਆਓ ਦਸਤਾਰ ਸਜਾਈਏ ਮੁਹਿੰਮ ਤਹਿਤ ਲੰਗਰ ਦਸਤਾਰਾਂ ਦੇ ਅਤੇ ਦਸਤਾਰ ਸਿਖਲਾਈ ਕੈਂਪ ਲਗਾਇਆ ਜਾਵੇਗਾ | ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਨੂੰ ਸਾਡੀ ਅਸਲ ਸ਼ਰਧਾਂਜਲੀ ਇਹ ਹੀ ਹੋਵੇਗੀ ਕਿ ਅਸੀ ਗੁਰੂ ਸਾਹਿਬ ਜੀ ਦੇ ਦਰਸਾਏ ਮਾਰਗ 'ਤੇ ਚੱਲੀਏ ਅਤੇ ਪੱਕੇ ਤੌਰ ਤੇ ਸਾਬਤ ਸੂਰਤ ਹੋ ਕੇ ਦਸਤਾਰਾ ਸਜਾਈਏ |