ਸੰਗਰੂਰ, 5 ਦਸੰਬਰ (ਦਮਨਜੀਤ ਸਿੰਘ)-ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨਾਲ ਸਰਕਾਰੀ ਤੰਤਰ ਵਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਸੰਬੰਧ ਵਿਚ ਆਪਣੀ ਪ੍ਰਤੀਕਿਰਿਆ ਦਿੰਦਿਆਂ ਸਮਾਜ ਸੇਵੀ ਸੰਸਥਾ ਉਮੀਦ ਦੇ ਚੇਅਰਮੈਨ ਅਤੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਸ੍ਰੀ ਅਰਵਿੰਦ ਖੰਨਾ ਨੇ ਕਿਹਾ ਹੈ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਇਨਾਂ ਚੋਣਾਂ ਵਿਚ ਆਪਣੀ ਹਾਰ ਨਜ਼ਰ ਆ ਰਹੀ ਹੈ ਜਿਸ ਕਾਰਨ ਸਰਕਾਰ ਸਰਕਾਰੀ ਤੰਤਰ ਦੀ ਦੁਰਵਰਤੋਂ ਕਰ ਕੇ ਚੋਣਾਂ 'ਤੇ ਕਾਬਜ਼ ਹੋਣਾ ਚਾਹੁੰਦੀ ਹੈ ਅਤੇ ਵਿਰੋਧੀ ਧਿਰਾਂ ਦੇ ਉਮੀਦਵਾਰਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ | ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਪਿਛਲੇ ਚਾਰ ਸਾਲ ਦੀ ਕਾਰਗੁਜ਼ਾਰੀ ਦੌਰਾਨ ਸੂਬੇ ਦੇ ਹਰ ਵਰਗ ਦੇ ਲੋਕ ਇਸ ਸਰਕਾਰ ਦੇ ਕੰਮਾਂ ਤੋਂ ਨਾਰਾਜ਼ ਹਨ ਸੂਬੇ ਵਿਚ ਨਸ਼ਿਆਂ ਦਾ ਅਤੇ ਭਿ੍ਸ਼ਟਾਚਾਰ ਦਾ ਬੋਲਬਾਲਾ ਪਹਿਲਾਂ ਨਾਲੋਂ ਚੌਗਣਾ ਹੋ ਗਿਆ ਹੈ ਅਤੇ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਵੀ ਕੰਟਰੋਲ ਤੋਂ ਬਾਹਰ ਹੈ ਜਿਸ ਕਾਰਨ ਹਰ ਰੋਜ਼ ਖ਼ੂਨੀ ਵਾਰਦਾਤਾਂ ਹੋ ਰਹੀਆਂ ਹਨ |