ਸੰਗਰੂਰ, 7 ਦਸੰਬਰ (ਅਮਨਦੀਪ ਸਿੰਘ ਬਿੱਟਾ)-ਪੰਜਾਬ ਇਨਫੋਟੈੱਕ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਕਿਹਾ ਕਿ ਪੰਜਾਬ ਵਿਚ ਡਿਜੀਟਲ ਸੇਵਾਵਾਂ ਨੂੰ ਅਗਲੇ ਪੱਧਰ 'ਤੇ ਲਿਜਾਉਣ ਲਈ ਵੱਡੇ ਕਦਮ ਚੁੱਕੇ ਜਾ ਰਹੇ ਹਨ | ਸੰਗਰੂਰ ਨਾਲ ਸਬੰਧ ਰੱਖਣ ਵਾਲੇ ਡਾ. ਜਵੰਧਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਤਕਨਾਲੋਜੀ ਦੀ ਵਰਤੋਂ ਕਰ ਕੇ ਪ੍ਰਸ਼ਾਸਨ ਨੂੰ ਆਮ ਲੋਕਾਂ ਦੇ ਦਰਵਾਜ਼ੇ ਤੱਕ ਪਹੁੰਚਾਉਣ ਲਈ ਵਚਨਬੱਧ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਇਨਫੋਟੈੱਕ, ਸੂਬੇ ਦੇ ਆਈ.ਟੀ. ਢਾਂਚੇ ਨੂੰ ਮਜ਼ਬੂਤ ਕਰਨ ਲਈ ਨਵੀਨਤਾਕਾਰੀ ਪ੍ਰੋਜੈਕਟਾਂ 'ਤੇ ਕੰਮ ਕਰ ਰਿਹਾ ਹੈ | ਉਨ੍ਹਾਂ ਵਿਸ਼ੇਸ਼ ਤੌਰ 'ਤੇ ਜ਼ਿਕਰ ਕੀਤਾ ਕਿ ਡਿਜੀਟਲ ਪਲੇਟਫ਼ਾਰਮਾਂ ਰਾਹੀਂ ਸਰਕਾਰੀ ਸੇਵਾਵਾਂ ਦੀ ਡਲਿਵਰੀ ਵਿਚ ਤੇਜ਼ੀ ਅਤੇ ਪਾਰਦਰਸ਼ਤਾ ਆਈ ਹੈ, ਜਿਸ ਨਾਲ ਭਿ੍ਸ਼ਟਾਚਾਰ 'ਤੇ ਰੋਕ ਲੱਗੀ ਹੈ ਅਤੇ ਆਮ ਨਾਗਰਿਕਾਂ ਨੂੰ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਂਦੇ | ਡਾ. ਜਵੰਧਾ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਧਿਆਨ ਪਿੰਡਾਂ ਅਤੇ ਕਿਸਾਨੀ ਖੇਤਰਾਂ ਵਿਚ ਤਕਨਾਲੋਜੀ ਦੀ ਵਰਤੋਂ ਨੂੰ ਵਧਾਉਣ 'ਤੇ ਹੈ | ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕਿਆਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਨੂੰ 'ਸਟਾਰਟਅੱਪ ਕਲਚਰ' ਦਾ ਕੇਂਦਰ ਬਣਾਉਣ ਲਈ ਨੀਤੀਆਂ ਬਣਾਈਆਂ ਜਾ ਰਹੀਆਂ ਹਨ | ਨਵੇਂ ਉੱਦਮੀਆਂ ਨੂੰ ਉਤਸ਼ਾਹਿਤ ਕਰਨ ਲਈ ਤਕਨੀਕੀ ਸਹਾਇਤਾ ਅਤੇ ਇਨਕਿਊਬੇਸ਼ਨ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ, ਜਿਸ ਨਾਲ ਆਈ.ਟੀ. ਸੈਕਟਰ ਵਿਚ ਵੱਡੇ ਪੱਧਰ 'ਤੇ ਰੋਜ਼ਗਾਰ ਪੈਦਾ ਹੋਵੇਗਾ |