ਅਮਰਗੜ੍ਹ, 20 ਦਸੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)-ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੌਰਾਨ ਅਮਰਗੜ੍ਹ ਹਲਕੇ 'ਚ ਸਿਆਸੀ ਪਾਰਟੀਆਂ ਵਲੋਂ ਲਾਮਬੰਦ ਹੋ ਕੇ ਝਾੜੂ ਨੂੰ ਹਰਾਉਣ ਲਈ ਅੱਡੀ-ਚੋਟੀ ਦਾ ਜ਼ੋਰ ਲਗਾਇਆ ਗਿਆ ਪਰ ਹਲਕੇ ਦੇ ਸੂਝਵਾਨ ਵੋਟਰਾਂ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਤੇ ਮੋਹਰ ਲਾਉਂਦਿਆਂ ਆਮ ਆਦਮੀ ਪਾਰਟੀ ਨੂੰ ਸ਼ਾਨਦਾਰ ਬਹੁਮਤ ਨਾਲ ਜਿੱਤ ਦਿਵਾਈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਆਪਣੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਵਿਧਾਇਕ ਪ੍ਰੋ. ਗੱਜਣਮਾਜਰਾ ਨੇ ਕਿਹਾ ਕਿ ਇਸ ਜਿੱਤ ਨੇ ਸਪਸ਼ਟ ਕਰ ਦਿੱਤਾ ਹੈ ਕਿ ਲੋਕ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ ਪੱਖੀ ਨੀਤੀਆਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ ਅਤੇ ਇਸ ਫ਼ਤਵੇ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਰਾਹ ਪੱਧਰਾ ਕਰ ਦਿੱਤਾ ਹੈ | ਉਨ੍ਹਾਂ ਹਲਕੇ ਦੇ ਵੋਟਰਾਂ ਦਾ 'ਆਪ' ਦੇ ਹੱਕ ਵਿਚ ਨਿੱਤਰਨ ਲਈ ਵਿਸ਼ੇਸ਼ ਧੰਨਵਾਦ ਕੀਤਾ ਤੇ ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਭਰ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੂਰਨ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਚੋਣਾਂ ਕਰਵਾਈਆਂ ਹਨ ਅਤੇ ਕਿਸੇ ਨਾਲ ਵੀ ਧੱਕੇਸ਼ਾਹੀ ਨਹੀਂ ਕੀਤੀ ਗਈ | ਇਸ ਮੌਕੇ ਵਿਧਾਇਕ ਦੇ ਨਾਲ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਪ੍ਰੀਤ ਸਿੰਘ ਬਿੱਟੂ ਬਨਭੌਰਾ, ਨਿੱਜੀ ਸਕੱਤਰ ਰਾਜੀਵ ਕੁਮਾਰ ਤੋਗਾਹੇੜੀ, ਜਸਵਿੰਦਰ ਸਿੰਘ ਜੱਸੀ, ਗੁਰਵੀਰ ਸਿੰਘ ਸੋਹੀ, ਗੁਰਦੀਪ ਸਿੰਘ ਝੱਲ, ਜਸਵਿੰਦਰ ਸਿੰਘ ਗੋਗਾ ਜਾਗੋਵਾਲ, ਰਣਧੀਰ ਸਿੰਘ ਮੋਹਾਲਾ ਅਤੇ ਕੌਂਸਲਰ ਸ਼ਰਧਾ ਰਾਮ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ ਤੇ ਵਰਕਰ ਮੌਜੂਦ ਸਨ |