ਮਲੇਰਕੋਟਲਾ, 20 ਦਸੰਬਰ (ਮੁਹੰਮਦ ਹਨੀਫ਼ ਥਿੰਦ) - ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਮਿਲੀ ਭਰਪੂਰ ਜਿੱਤ 'ਤੇ ਵਿਧਾਇਕ ਮਲੇਰਕੋਟਲਾ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਅਤੇ ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਜਨਤਾ ਦਾ ਧੰਨਵਾਦ ਕਰਦਿਆਂ ਇਸ ਨੰੂ ਪੰਜਾਬ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਇਮਾਨਦਾਰ ਪ੍ਰਸ਼ਾਸਨ 'ਤੇ ਲੋਕਾਂ ਦੇ ਅਟੱਲ ਭਰੋਸੇ ਦਾ ਪ੍ਰਤੀਕ ਕਰਾਰ ਦਿੱਤਾ | ਅੱਜ ਇੱਥੇ ਦੋਵੇਂ ਵਿਧਾਇਕਾਂ ਨੇ ਕਿਹਾ ਕਿ ਇਹ ਜਿੱਤ ਆਮ ਆਦਮੀ ਪਾਰਟੀ ਲਈ ਸਿਰਫ਼ ਚੋਣੀ ਸਫ਼ਲਤਾ ਨਹੀਂ, ਸਗੋਂ ਜਨਤਾ ਵਲੋਂ ਮਾਨ ਸਰਕਾਰ ਦੇ ਕੰਮਾਂ 'ਤੇ ਲਾਈ ਗਈ ਮੋਹਰ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਆਮ ਲੋਕਾਂ ਦੀ ਆਵਾਜ਼ ਬਣ ਕੇ ਕੰਮ ਕੀਤਾ ਹੈ ਅਤੇ ਲੋਕਾਂ ਨੇ ਵਿਕਾਸ, ਪਾਰਦਰਸ਼ਤਾ ਅਤੇ ਭਿ੍ਸ਼ਟਾਚਾਰ ਵਿਰੁੱਧ ਸਖ਼ਤ ਰਵੱਈਏ ਨੂੰ ਅਪਨਾਇਆ ਗਿਆ ਹੈ | ਉਨ੍ਹਾਂ ਪਾਰਟੀ ਦੇ ਸਾਰੇ ਆਗੂਆਂ ਅਤੇ ਜ਼ਮੀਨੀ ਪੱਧਰ 'ਤੇ ਦਿਨ-ਰਾਤ ਮਿਹਨਤ ਕਰਨ ਵਾਲੇ ਵਰਕਰਾਂ ਦਾ ਦਿਲੋਂ ਧੰਨਵਾਦ ਕੀਤਾ ਜਿਨ੍ਹਾਂ ਨੇ ਘਰ-ਘਰ ਜਾ ਕੇ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਨੂੰ ਜਨਤਾ ਤੱਕ ਪਹੁੰਚਾਇਆ ਜਿਸ ਸਦਕੇ ਇਹ ਇਤਿਹਾਸਿਕ ਨਤੀਜੇ ਸਾਹਮਣੇ ਆ ਸਕੇ | ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਸਰਕਾਰ ਵਲੋਂ ਸਿੱਖਿਆ, ਸਿਹਤ, ਮੁਫ਼ਤ ਬਿਜਲੀ, ਬੁਨਿਆਦੀ ਢਾਂਚੇ, ਸੜਕਾਂ, ਪਾਣੀ ਦੀ ਸਪਲਾਈ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਏ ਗਏ ਠੋਸ ਫ਼ੈਸਲਿਆਂ ਦਾ ਲਾਭ ਸਿੱਧੇ ਤੌਰ 'ਤੇ ਆਮ ਲੋਕਾਂ ਤੱਕ ਪਹੁੰਚਿਆ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੀ ਸਾਫ਼ ਨੀਤੀ ਅਤੇ ਭਿ੍ਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੇ ਲੋਕਾਂ ਦੇ ਮਨ ਵਿਚ ਵਿਸ਼ਵਾਸ ਮਜ਼ਬੂਤ ਕੀਤਾ ਹੈ, ਜਿਸ ਦਾ ਪ੍ਰਤੀਬਿੰਬ ਇਹ ਚੋਣ ਨਤੀਜੇ ਹਨ |