ਸੰਗਰੂਰ, 20 ਦਸੰਬਰ (ਸੁਖਵਿੰਦਰ ਸਿੰਘ ਫੁੱਲ) - ਤਾਮਿਲਨਾਡੂ ਦੇ ਵਿਸਾਖਾਪਟਨ ਵਿਚ ਹੋਈਆਂ ਰਾਸ਼ਟਰੀ ਖੇਡਾਂ ਦੌਰਾਨ ਕੈਂਬਿ੍ਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਰੋਲਰ ਸਕੇਟਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਨੌਵੀਂ ਦੇ ਵਿਦਿਆਰਥੀ ਨੂਰਵਿੰਦਰ ਸਿੰਘ ਨੇ ਬਿਹਤਰੀਨ ਖੇਡ ਦਿਖਾਉਂਦੇ ਹੋਏ ਸੋਨ ਤਗਮਾ ਜਿੱਤਿਆ, ਜਦਕਿ ਜਮਾਤ ਬਾਰ੍ਹਵੀਂ ਦੇ ਵਿਦਿਆਰਥੀ ਆਕਾਸ਼ਦੀਪ ਨੇ ਆਪਣੀ ਕਾਬਲੀਅਤ ਨਾਲ ਤਾਂਬਾ ਤਗਮਾ ਹਾਸਲ ਕੀਤਾ | ਇਸ ਮੌਕੇ ਸਕੂਲ ਪਿ੍ੰਸੀਪਲ ਮਨਦੀਪ ਛੰਨਾ ਨੇ ਵਿਦਿਆਰਥੀਆਂ ਦੀ ਕਾਮਯਾਬੀ 'ਤੇ ਖ਼ੁਸ਼ੀ ਜ਼ਾਹਿਰ ਕਰਦੇ ਹੋਏ ਕਿਹਾ ਕਿ ਇਹ ਜਿੱਤਾਂ ਵਿਦਿਆਰਥੀਆਂ ਦੀ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੀ ਸਹੀ ਰਹਿਨੁਮਾਈ ਦਾ ਨਤੀਜਾ ਹਨ | ਸਕੂਲ ਦੇ ਚੇਅਰਮੈਨ ਇੰਜੀਨੀਅਰ ਸ਼ਿਵ ਆਰੀਆ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਪੂਰੇ ਸਕੂਲ ਪਰਿਵਾਰ ਲਈ ਮਾਣ ਦੀ ਗੱਲ ਹੈ | ਉਨ੍ਹਾਂ ਕਿਹਾ ਕਿ ਸਕੂਲ ਵਿਚ ਖੇਡਾਂ ਲਈ ਉੱਤਮ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਤਾਂ ਜੋ ਵਿਦਿਆਰਥੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਆਪਣੀ ਪਹਿਚਾਣ ਬਣਾ ਸਕਣ | ਇਸ ਮੌਕੇ 'ਤੇ ਪ੍ਰੈਜ਼ੀਡੈਂਟ ਡਾਕਟਰ ਸੀਮਾ ਅਰੋੜਾ ਨੇ ਵੀ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਖੇਡਾਂ ਜੀਵਨ ਵਿਚ ਅਨੁਸ਼ਾਸਨ, ਧੀਰਜ ਅਤੇ ਆਤਮ-ਵਿਸ਼ਵਾਸ ਪੈਦਾ ਕਰਦੀਆਂ ਹਨ |