ਮਲੇਰਕੋਟਲਾ, 21 ਦਸੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਪਿਛਲੇ ਦਿਨੀਂ ਸੰਪੰਨ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਵਿਚ ਆਮ ਆਦਮੀ ਪਾਰਟੀ ਦੇ ਜੇਤੂ ਮੈਂਬਰਾਂ ਦਾ ਹਲਕਾ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ ਵਲੋਂ ਸ਼ਾਨਦਾਰ ਸਨਮਾਨ ਕੀਤਾ ਗਿਆ | ਉਨ੍ਹਾਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਆਖਿਆ ਕਿ ਜ਼ਿਲੇ੍ਹ ਦੇ ਵੋਟਰਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਫ਼ਤਵਾ ਦੇ ਕੇ ਸਰਕਾਰ ਵਲੋਂ ਕੀਤੇ ਵਿਕਾਸ 'ਤੇ ਮੋਹਰ ਲਗਾਈ ਹੈ | ਡਾ. ਰਹਿਮਾਨ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਬਾਕੀ ਪੰਜਾਬ ਦੀ ਤਰ੍ਹਾਂ ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਕਰੋੜਾਂ ਰੁਪਏ ਦੀ ਲਾਗਤ ਨਾਲ ਅਧੂਰੇ ਪਏ ਵਿਕਾਸ ਕਾਰਜ ਨੇਪਰੇ ਚੜਾਏ ਹਨ | ਪਿੰਡਾਂ ਅੰਦਰ ਨਹਿਰੀ ਪਾਣੀ ਦੀ ਸਪਲਾਈ ਚਾਲੂ ਕਰਨ ਤੋਂ ਇਲਾਵਾ ਸੜਕਾਂ ਦਾ ਜਾਲ ਵਿਛਾਇਆ ਗਿਆ ਹੈ | ਵੱਡੀਆਂ ਸੜਕਾਂ ਤੋਂ ਇਲਾਵਾ ਪਿੰਡਾਂ ਦੀਆਂ ਸੰਪਰਕ ਸੜਕਾਂ ਨੂੰ ਵੱਡੇ ਪੱਧਰ 'ਤੇ ਚੌੜੀਆਂ ਅਤੇ ਉਨ੍ਹਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ | ਪਿੰਡਾਂ ਅੰਦਰ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕੀਤੇ ਜਾ ਰਹੇ ਹਨ | ਭਾਰੀ ਗਿਣਤੀ ਵਿਚ ਇਕੱਠੇ ਹੋਏ 'ਆਪ' ਵਰਕਰਾਂ ਨੂੰ ਕਈ ਬੁਲਾਰਿਆਂ ਨੇ ਸੰਬੋਧਨ ਕੀਤਾ | ਇਸ ਮੌਕੇ ਸੀਨੀਅਰ ਆਗੂਆਂ ਤੋਂ ਇਲਾਵਾ ਬੀਬਾ ਫਰਿਆਲ ਰਹਿਮਾਨ, 'ਆਪ' ਕੁਆਰਡੀਨੇਟਰ, ਬਲਾਕ ਪ੍ਰਧਾਨ, ਬਲਾਕ ਸੰਮਤੀ ਮੈਂਬਰ ਪ੍ਰਧਾਨ ਸੰਤੋਖ ਸਿੰਘ ਦਸੌਂਧਾ ਸਿੰਘ ਵਾਲਾ, ਚੇਅਰਮੈਨ ਜਾਫ਼ਰ ਅਲੀ, ਯਾਸਰ ਅਰਾਫਾਤ, ਯਾਸੀਨ ਨੇਸਤੀ, ਗੁਰਮੀਤ ਸਿੰਘ, ਸੁਖਦਰਸ਼ਨ ਸਿੰਘ, ਗੁਰਪ੍ਰੀਤ ਸਿੰਘ, ਕਰਮਜੀਤ ਸਿੰਘ, ਨਰਿੰਦਰ ਸਿੰਘ ਸੋਹੀ ਪ੍ਰਧਾਨ, ਕਮਲਜੀਤ ਸਿੰਘ ਸਰਪੰਚ, ਬਾਬੂ ਸਣੇ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ |