ਮੂਨਕ, 28 ਦਸੰਬਰ (ਪ੍ਰਵੀਨ ਮਦਾਨ)-ਨਰੇਗਾ ਮੁਲਾਜ਼ਮ ਕਰਮਚਾਰੀ ਯੂਨੀਅਨ ਬਲਾਕ ਅਨਦਾਣਾ ਜ਼ਿਲ੍ਹਾ ਸੰਗਰੂਰ ਦੀ ਇੱਕ ਅਹਿਮ ਮੀਟਿੰਗ ਅੱਜ ਬਲਾਕ ਦਫ਼ਤਰ ਵਿਖੇ ਬਲਾਕ ਪ੍ਰਧਾਨ ਜਸਬੀਰ ਸਿੰਘ ਦੀ ਅਗਵਾਈ ਹੇਠ ਹੋਈ | ਇਸ ਦੌਰਾਨ ਉਨ੍ਹਾਂ ਦੱਸਿਆ ਕਿ ਕੇਂਦਰ ਵਿਚ ਤੀਸਰੀ ਵਾਰ ਸੱਤਾ ਵਿਚ ਆਈ ਮੋਦੀ ਸਰਕਾਰ ਵਲੋਂ 20 ਸਾਲ ਪੁਰਾਣੇ ਕੌਮੀ ਦਿਹਾਤੀ ਰੁਜ਼ਗਾਰ ਗਰੰਟੀ ਕਾਨੂੰਨ-2005 ਦੀ ਥਾਂ ਹੁਣ ਵਿਕਸਤ ਭਾਰਤ ਗਰੰਟੀ ਫ਼ਾਰ ਰੁਜ਼ਗਾਰ ਐਂਡ ਆਜੀਵਿਕਾ ਮਿਸ਼ਨ (ਗ੍ਰਾਮੀਣ) ਲਿਆ ਕੇ ਨਰੇਗਾ ਵਿਚ ਵੱਡੇ ਬਦਲਾਅ ਕੀਤੇ ਹਨ | ਜਿੱਥੇ ਇਸ ਬਿੱਲ ਦੇ ਲਾਗੂ ਹੋਣ ਨਾਲ ਸੂਬਾ ਸਰਕਾਰਾਂ ਤੇ 40% ਹਿੱਸੇਦਾਰੀ ਦਾ ਵਾਧੂ ਬੋਝ ਪੈਣ ਕਾਰਨ ਬਵਾਲ ਮੱਚ ਗਿਆ ਹੈ ਉੱਥੇ 16-17 ਸਾਲਾਂ ਤੋਂ ਨਰੇਗਾ ਸਕੀਮ ਨੂੰ ਜ਼ਮੀਨੀ ਪੱਧਰ ਤੱਕ ਲਾਗੂ ਕਰਨ ਵਾਲੇ ਪੰਜਾਬ ਦੇ ਲਗਭਗ 2100 ਨਰੇਗਾ ਮੁਲਾਜ਼ਮਾਂ ਦਾ ਭਵਿੱਖ ਖ਼ਤਮ ਹੋਣ ਦੇ ਕਿਨਾਰੇ ਹੈ | ਆਪਣੀ ਨੌਕਰੀ ਨੂੰ ਪੱਕੀ ਕਰਵਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਨਰੇਗਾ ਮੁਲਾਜ਼ਮਾਂ ਨੂੰ ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਹਰ ਵਾਰ ਝੂਠੇ ਲਾਰੇ ਲਗਾਏ ਜਾਂਦੇ ਰਹੇ ਹਨ | ਆਗੂਆਂ ਨੇ ਕਿਹਾ ਕਿ ਨਰੇਗਾ ਮੁਲਾਜ਼ਮ ਆਪਣੇ ਰੁਜ਼ਗਾਰ ਨੂੰ ਬਚਾਉਣ ਲਈ ਇਜਲਾਸ ਤੋਂ ਪਹਿਲਾਂ 29 ਦਸੰਬਰ ਨੂੰ ਪੰਜਾਬ ਦੇ 12587 ਪਿੰਡਾਂ ਦੇ ਲੱਖਾਂ ਨਰੇਗਾ ਮਜ਼ਦੂਰਾਂ ਨੂੰ ਨਾਲ ਲੈ ਕੇ ਜ਼ਿਲ੍ਹਾ ਪੱਧਰ ਤੇ ਕੇਂਦਰ ਦੀ ਭਾਜਪਾ ਸਰਕਾਰ ਦੇ ਖ਼ਿਲਾਫ਼ ਵੱਡੇ ਅੰਦੋਲਨ ਵਿੱਢਣਗੇ | ਸੰਗਰੂਰ ਵਿਖੇ ਵੀ ਨਰੇਗਾ ਮੁਲਾਜ਼ਮਾਂ ਵਲੋਂ ਨਰੇਗਾ ਮੁਲਾਜ਼ਮ ਐਕਸ਼ਨ ਕਮੇਟੀ ਦੇ ਬੈਨਰ ਹੇਠ ਵੱਡਾ ਇਕੱਠ ਕਰ ਕੇ ਡੀ.ਸੀ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ ਅਤੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਮੌਕੇ ਰਿਸ਼ੀਪਾਲ ਏਪੀਓ, ਬਿੰਦਰ ਕੋਰ ਸੀ.ਏ, ਸੋਨੰੂ ਕੁਮਾਰ ਜੇ.ਈ, ਅਮਰਿੰਦਰ ਸਿੰਘ, ਸੰਦੀਪ ਸਿੰਘ, ਸਤਵੀਰ ਸਿੰਘ, ਪਿੰਕੀ ਦੇਵੀ, ਬਚਨ ਦਾਸ ਆਦਿ ਕਰਮਚਾਰੀ ਹਾਜ਼ਰ ਸਨ |