ਫ਼ਿਰੋਜ਼ਪੁਰ, 3 ਜੂਨ (ਕੁਲਬੀਰ ਸਿੰਘ ਸੋਢੀ)-ਇਕ ਰੁੱਖ ਸੌ ਸੁੱਖ ਦੇ ਨਾਂਅ ਨਾਲ ਪ੍ਰਚਲਿਤ ਕਹਾਵਤ ਤੋਂ ਬਹੁਤ ਕੁੱਝ ਸਿੱਖਣ ਨੂੰ ਮਿਲਦਾ ਹੈ, ਇਸ ਕਰਕੇ ਇਸ ਵਾਰ ਕਮਿਊਨਿਟੀ ਸਿਹਤ ਅਧਿਕਾਰੀ ਪੂਰੇ ਪੰਜਾਬ ਵਿਚ 5 ਜੂਨ ਤੱਕ ਹਜ਼ਾਰਾਂ ਰੁੱਖ ਲਗਾ ਕੇ ਵਿਸ਼ਵ ਵਾਤਾਵਰਨ ਦਿਵਸ ਮਨਾਉਣਗੇ | ਜਾਣਕਾਰੀ ਦਿੰਦਿਆਂ ਕਮਿਊਨਿਟੀ ਸਿਹਤ ਅਧਿਕਾਰੀ ਐਸੋਸੀਏਸ਼ਨ ਦੇ ਸੀਨੀਅਰ ਜੁਆਇੰਟ ਸੈਕਟਰੀ ਨਰਿੰਦਰ ਸਿੰਘ ਨੇ ਦੱਸਿਆ ਕੇ ਪੂਰੀ ਦੁਨੀਆ ਵਿਚ ਪ੍ਰਦੂਸ਼ਣ ਇਕ ਗੰਭੀਰ ਸਮੱਸਿਆ ਬਣ ਚੁੱਕਾ ਹੈ ਤੇ ਜਿਹੜੇ ਭਾਰਤ ਦੇ ਕਿਸੇ ਵੱਡੇ ਸ਼ਹਿਰ ਵਿਚ ਰਹਿੰਦੇ ਹਨ, ਉਨ੍ਹਾਂ ਨੂੰ ਪਤਾ ਹੋਵੇਗਾ ਕਿ ਇੱਥੇ ਰਹਿਣ ਵਾਲੇ ਲੋਕ ਹਰ ਸਾਲ ਵੱਧ ਰਹੇ ਤਾਪਮਾਨ ਅਤੇ ਪ੍ਰਦੂਸ਼ਣ ਦੇ ਵਿਚਕਾਰ ਕਿਵੇਂ ਜੀਅ ਰਹੇ ਹਨ | ਅਜਿਹੀ ਸਥਿਤੀ ਨਾ ਸਿਰਫ਼ ਦਿੱਲੀ ਜਾਂ ਮੁੰਬਈ ਵਰਗੇ ਸ਼ਹਿਰਾਂ ਦੀ ਹੈ, ਬਲਕਿ ਪੂਰੀ ਦੁਨੀਆ ਦੀ ਹੈ | ਉਨ੍ਹਾਂ ਕਿਹਾ ਕਿ ਅੱਜ ਤੇਜ਼ੀ ਨਾਲ ਵਧਦਾ ਤਾਪਮਾਨ ਅਤੇ ਪ੍ਰਦੂਸ਼ਣ ਮਨੁੱਖਾਂ ਦੇ ਨਾਲ ਨਾਲ ਧਰਤੀ 'ਤੇ ਹਰ ਕਿਸੇ ਦੇ ਜੀਵਨ ਲਈ ਇਕ ਵੱਡਾ ਖ਼ਤਰਾ ਬਣ ਗਏ ਹਨ, ਜਿਸ ਕਰਕੇ ਬਹੁਤ ਸਾਰੇ ਜਾਨਵਰ ਵੀ ਅਲੋਪ ਹੋ ਰਹੇ ਹਨ | ਇਸੇ ਨਾਲ ਹੀ ਲੋਕ ਸਾਹ ਦੀਆਂ ਬਿਮਾਰੀਆਂ ਨਾਲ ਜੁੜੀਆਂ ਕਈ ਗੰਭੀਰ ਬਿਮਾਰੀਆਂ ਦਾ ਵੀ ਸ਼ਿਕਾਰ ਹੋ ਰਹੇ ਹਨ | ਜੋ ਸਿਰਫ਼ ਵਾਤਾਵਰਨ ਵਿਚ ਤਬਦੀਲੀ ਅਤੇ ਇਸ ਨੂੰ ਪਹੁੰਚਣ ਵਾਲੇ ਨੁਕਸਾਨ ਕਾਰਨ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦਾ ਵਾਤਾਵਰਨ ਤੇਜ਼ੀ ਨਾਲ ਪ੍ਰਦੂਸ਼ਿਤ ਹੋ ਰਿਹਾ ਹੈ, ਜਿਸਦਾ ਮੁੱਖ ਕਾਰਨ ਪੰਜਾਬ ਵਿਚ ਘੱਟ ਰਹੀ ਰੁੱਖਾਂ ਦੀ ਗਿਣਤੀ ਹੈ | ਡਾ. ਪ੍ਰੀਤ ਮਖੀਜਾ ਜਰਨਲ ਸਕੱਤਰ ਸੀ.ਐੱਚ.ਓ ਐਸੋਸੀਏਸ਼ਨ ਪੰਜਾਬ ਨੇ ਕਿਹਾ ਕਿ ਸਾਡੇ ਵਾਤਾਵਰਨ 'ਚ ਲਗਾਤਾਰ ਵਧਦਾ ਪ੍ਰਦੂਸ਼ਣ ਗੰਭੀਰ ਚਿੰਤਾ ਦਾ ਵਿਸ਼ਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਇਕ ਮਨੁੱਖ ਨੂੰ ਆਪਣੇ ਜੀਵਨ 'ਚ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ ਤੇ ਸਾਂਭ-ਸੰਭਾਲ ਕਰਨੀ ਚਾਹੀਦੀ ਹੈ ਤਾਂ ਜੋ ਵਾਤਾਵਰਨ ਹਰਿਆ-ਭਰਿਆ ਰਹੇ | ਕਮਿਊਨਿਟੀ ਸਿਹਤ ਅਧਿਕਾਰੀ ਐਸੋਸੀਏਸ਼ਨ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਆਗੂ ਗੌਰਵ, ਨਵਜੀਤ ਸਿੰਘ ਅਤੇ ਅਮਰੀਕ ਸਿੰਘ ਨੇ ਕਿਹਾ ਕਿ ਪਿਛਲੇ ਸਮੇਂ 'ਚ ਰੁੱਖਾਂ ਦੀ ਅੰਨ੍ਹੇਵਾਹ ਹੋਈ ਕਟਾਈ ਕਾਰਨ ਸਾਨੂੰ ਤਰ੍ਹਾਂ ਤਰ੍ਹਾਂ ਦੀਆਂ ਬਿਮਾਰੀਆਂ ਨਾਲ ਜੂਝਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਰੁੱਖ ਜੋ ਕਿ ਸਾਨੂੰ ਆਕਸੀਜਨ ਪ੍ਰਦਾਨ ਕਰਦੇ ਹਨ ਅਤੇ ਰੁੱਖਾਂ ਤੋਂ ਬਿਨਾ ਮਨੁੱਖ ਦੀ ਜ਼ਿੰਦਗੀ ਅਧੂਰੀ ਹੈ | ਉਨ੍ਹਾਂ ਕਿਹਾ ਕਿ ਹਰੇਕ ਇਨਸਾਨ ਦਾ ਫ਼ਰਜ਼ ਬਣਦਾ ਹੈ ਕਿ ਵਾਤਾਵਰਨ ਨੂੰ ਬਚਾਉਣ ਲਈ ਵੱਧ ਤੋਂ ਵੱਧ ਰੁੱਖ ਲਗਾ ਕੇ ਉਨ੍ਹਾਂ ਦੀ ਸਾਂਭ-ਸੰਭਾਲ ਨੂੰ ਵੀ ਯਕੀਨੀ ਬਣਾਇਆ ਜਾਵੇ |