ਜ਼ੀਰਾ, 29 ਅਗਸਤ (ਪ੍ਰਤਾਪ ਸਿੰਘ ਹੀਰਾ)-ਪੰਜਾਬ ਯੂਨੀਵਰਸਿਟੀ ਪਟਿਆਲਾ ਦੇ ਕੈਂਪਸ ਵਿਚ ਵੱਡੀ ਗਿਣਤੀ 'ਚ ਮਹਾਨ ਕੋਸ਼ ਨਸ਼ਟ ਕੀਤੇ ਜਾਣ ਲਈ ਇਕ ਵੱਡੇ ਟੋਏ ਵਿਚ ਸੁੱਟੇ ਜਾਣ ਦੀ ਖ਼ਬਰ ਦੇ ਨਾਲ ਸਿੱਖਿਆ ਸਾਹਿਤ ਤੇ ਪੰਜਾਬੀ ਮਾਂ ਬੋਲੀ ਨੂੰ ਪਿਆਰ ਕਰਨ ਵਾਲੇ ਲੋਕਾਂ ਵਿਚ ਇਸ ਮਾਮਲੇ ਨੂੰ ਲੈ ਕੇ ਰੋਸ ਦੀ ਲਹਿਰ ਹੈ, ਜਿਸ ਸਬੰਧੀ ਵੱਖ-ਵੱਖ ਆਗੂਆਂ ਨੇ ਮੀਡੀਆ ਰਾਹੀਂ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਘਿਣਾਉਣੀ ਹਰਕਤ ਦੀ ਨਿਆਇਕ ਜਾਂਚ ਕਰਵਾ ਕੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ | ਇਸ ਸਬੰਧੀ ਗੱਲਬਾਤ ਕਰਦੇ ਹੋਏ ਪ੍ਰਸਿੱਧ ਕਹਾਣੀਕਾਰ ਗੁਰਮੀਤ ਕੜਿਆਲਵੀ ਨੇ ਕਿਹਾ ਕਿ ਮਹਾਨ ਕੋਸ਼ ਇਕ ਪੁਸਤਕ ਹੀ ਨਹੀਂ, ਸਗੋਂ ਪੰਜਾਬੀ ਸਾਹਿਤ ਜਗਤ ਤੇ ਵਿਦਿਆਰਥੀ ਵਰਗ ਲਈ ਵਿਰਸੇ ਦਾ ਰਾਹ ਦਸੇਰਾ ਹੈ, ਪਰ ਅਫ਼ਸੋਸ ਕਿ ਮਹਾਨ ਕੋਸ਼ ਦੀ ਪੁਸਤਕ ਨੂੰ ਇਸ ਤਰ੍ਹਾਂ ਨਸ਼ਟ ਕਰਨ ਪਿੱਛੇ ਕਿਸੇ ਗੈਰ ਪੰਜਾਬੀ ਵਿਅਕਤੀ ਜਾਂ ਸੰਸਥਾ ਦੀ ਬਦਨੀਤੀ ਝਲਕਦੀ ਹੈ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਮਾਮਲੇ ਦੀ ਜਾਂਚ ਪੜਤਾਲ ਕਰਵਾ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ | ਇਸ ਸਬੰਧੀ ਗੱਲਬਾਤ ਕਰਦੇ ਹੋਏ ਪ੍ਰਸਿੱਧ ਸਿੱਖਿਆ ਸ਼ਾਸਤਰੀ ਪਿ੍ੰਸੀਪਲ ਰਾਕੇਸ਼ ਕੁਮਾਰ ਸ਼ਰਮਾ ਨੇ ਕਿਹਾ ਕਿ ਯੂਨੀਵਰਸਿਟੀ ਉਹ ਅਧਿਐਨ ਕੇਂਦਰ ਹੁੰਦਾ ਹੈ, ਜਿੱਥੇ ਪੜ੍ਹਾਈ ਕਰਕੇ ਵਿਦਿਆਰਥੀ ਵਰਗ ਆਪਣੇ ਪੁਰਾਤਨ ਤੇ ਅਮੀਰ ਵਿਰਸੇ ਨਾਲ ਜੁੜਨ ਦੇ ਨਾਲ-ਨਾਲ ਨਵੇਂ ਖੇਤਰ ਦੀ ਜਾਣਕਾਰੀ ਪ੍ਰਾਪਤ ਕਰਦਾ ਹੈ, ਪਰ ਅਫ਼ਸੋਸ ਕਿ ਪੰਜਾਬੀ ਭਾਸ਼ਾ ਦੇ ਇਕ ਗ੍ਰੰਥ ਵਜੋਂ ਜਾਣੇ ਜਾਂਦੇ ਮਹਾਨ ਕੋਸ਼ ਨੂੰ ਇੰਨੀ ਵੱਡੀ ਗਿਣਤੀ ਵਿਚ ਨਸ਼ਟ ਕੀਤੇ ਜਾਣ ਦੀ ਪ੍ਰਕਿਰਿਆ ਚਿੰਤਾ ਦਾ ਵਿਸ਼ਾ ਹੈ ਤੇ ਇਸ ਸਬੰਧੀ ਸਰਕਾਰ ਨੂੰ ਚਾਹੀਦਾ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਜਾਵੇ | ਇਸ ਸਬੰਧੀ ਗੱਲਬਾਤ ਕਰਦੇ ਹੋਏ ਜੋਗਿੰਦਰ ਸਿੰਘ ਕੰਡਿਆਲ ਨੇ ਕਿਹਾ ਕਿ ਯੂਨੀਵਰਸਿਟੀ 'ਚ ਵਿਦਵਾਨ ਲੋਕ ਪ੍ਰਬੰਧਕ ਹੁੰਦੇ ਹਨ, ਜਿਨ੍ਹਾਂ ਨੇ ਪੁਰਾਤਨ ਵਿਰਾਸਤ ਤੇ ਸਾਹਿਤ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਹੁੰਦਾ, ਜਿਹੜੀ ਕਿ ਉਨ੍ਹਾਂ ਦੀ ਸਰਕਾਰੀ ਡਿਊਟੀ ਤੇ ਨੈਤਿਕ ਜ਼ਿੰਮੇਵਾਰੀ ਵੀ ਹੁੰਦੀ, ਪਰ ਅਫ਼ਸੋਸ ਕਿ ਮਹਾਨ ਕੋਸ਼ ਵਰਗੀ ਜਾਣਕਾਰੀ ਭਰਪੂਰ ਪੁਸਤਕਾਂ ਨੂੰ ਇੰਨੀ ਵੱਡੀ ਗਿਣਤੀ 'ਚ ਨਸ਼ਟ ਕਰਨਾ ਸੌੜੀ ਮਾਨਸਿਕਤਾ ਦਾ ਸਬੂਤ ਹੈ ਤੇ ਮਾਮਲੇ ਦੀ ਜਾਂਚ ਕਰਵਾ ਕੇ ਦੋਸ਼ੀ ਅਧਿਕਾਰੀਆਂ ਕਰਮਚਾਰੀਆਂ ਵਿਰੁੱਧ ਸਰਕਾਰ ਨੂੰ ਸਖ਼ਤ ਐਕਸ਼ਨ ਲੈਣਾ ਚਾਹੀਦਾ ਹੈ | ਇਸ ਸਬੰਧੀ ਗੱਲਬਾਤ ਕਰਦੇ ਹੋਏ ਸਾਹਿਤਕਾਰ ਤੇ ਪ੍ਰਕਿਰਤੀ ਕਲੱਬ ਜ਼ੀਰਾ ਦੇ ਪ੍ਰਧਾਨ ਜਰਨੈਲ ਸਿੰਘ ਭੁੱਲਰ ਨੇ ਕਿਹਾ ਕਿ ਮਹਾਨ ਕੋਸ਼ ਵਰਗੀ ਪੁਸਤਕ ਨੂੰ ਇੰਨੀ ਵੱਡੀ ਗਿਣਤੀ ਵਿਚ ਨਸ਼ਟ ਕਰਨ ਦੀ ਪ੍ਰਕਿਰਿਆ ਇਸ ਗੱਲ ਵੱਲ ਸੰਕੇਤ ਕਰਦੀ ਹੈ ਕਿ ਕੁੱਝ ਸੌੜੀ ਸੋਚ ਦੇ ਪ੍ਰਬੰਧਕ ਸਾਡੀ ਨੌਜਵਾਨ ਪੀੜ੍ਹੀ ਨੂੰ ਸਾਡੇ ਅਮੀਰ ਵਿਰਸੇ ਤੋਂ ਜਾਣੂ ਨਹੀਂ ਹੋਣ ਦੇਣਾ ਚਾਹੁੰਦੇ, ਜਿਸ ਕਰਕੇ ਉਨ੍ਹਾਂ ਵਲੋਂ ਅਜਿਹੀ ਹਰਕਤ ਕੀਤੀ ਗਈ ਹੈ ਅਤੇ ਜੇਕਰ ਸਰਕਾਰ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਦੋਸ਼ੀਆਂ ਵਿਰੁੱਧ ਕਾਰਵਾਈ ਨਹੀਂ ਕਰਦੀ ਤਾਂ ਪੰਜਾਬ ਦੇ ਲੋਕਾਂ ਨੂੰ ਇਸ ਦਾ ਵਿਆਪਕ ਵਿਰੋਧ ਕਰਨਾ ਚਾਹੀਦਾ ਹੈ |