ਜ਼ੀਰਾ, 6 ਸਤੰਬਰ (ਰਜਨੀਸ਼ ਕਥੂਰੀਆ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਰਾਜਨੀਤੀ ਤੋਂ ਉੱਪਰ ਉੱਠ ਕੇ ਹੜ੍ਹ ਪੀੜਤ ਇਲਾਕਿਆਂ ਦਾ ਦੌਰਾ ਕਰਕੇ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਕਰ ਰਹੇ ਹਨ | ਇਹ ਦਾਅਵਾ ਯੂਥ ਅਕਾਲੀ ਦਲ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਤੇ ਡੈਲੀਗੇਟ ਜ਼ਿਲ੍ਹਾ ਫ਼ਿਰੋਜ਼ਪੁਰ ਐਡਵੋਕੇਟ ਚਿੱਤਬੀਰ ਸਿੰਘ ਜ਼ੀਰਾ ਤੇ ਯੂਥ ਅਕਾਲੀ ਦਲ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਬੁਲਾਰੇ ਰਣਜੀਤ ਸਿੰਘ ਸ਼ਹਿਜ਼ਾਦਾ ਨੇ ਕਰਦਿਆਂ ਕਿਹਾ ਕਿ ਸਿਰਫ਼ ਸ਼੍ਰੋਮਣੀ ਅਕਾਲੀ ਦਲ ਬਾਦਲ ਹੀ ਇਕ ਅਜਿਹੀ ਪਾਰਟੀ ਹੈ ਜਿਹੜੀ ਇਕ ਖੇਤਰੀ ਪਾਰਟੀ ਹੋਣ ਦੇ ਨਾਤੇ ਪੰਜਾਬ ਦੇ ਲੋਕਾਂ ਦੇ ਦੁੱਖ ਦਰਦ ਨੂੰ ਬਿਹਤਰ ਢੰਗ ਨਾਲ ਮਹਿਸੂਸ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਦੁੱਖ ਦਰਦ ਵਧੀਆ ਢੰਗ ਨਾਲ ਵੰਡਾਉਣਾ ਜਾਣਦੀ ਹੈ | ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰੇਕ ਜ਼ਿਲ੍ਹੇ ਤੇ ਹਲਕਿਆਂ ਦੇ ਇੰਚਾਰਜਾਂ ਦੀਆਂ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਦੀ ਸਾਰ ਲੈਣ ਲਈ ਡਿਊਟੀਆਂ ਲਗਾਈਆਂ ਹੋਈਆਂ ਹਨ ਤੇ ਇਸ ਮਾਮਲੇ ਵਿਚ ਉਹ ਨਿੱਜੀ ਦਿਲਚਸਪੀ ਲੈ ਕੇ ਫੀਡਬੈਕ ਲੈਣ ਤੋਂ ਬਾਅਦ ਲੋੜਵੰਦਾਂ ਤੱਕ ਸੁੱਕਾ ਰਾਸ਼ਨ, ਪਾਣੀ, ਦਵਾਈਆਂ, ਟਰੈਕਟਰਾਂ ਤੇ ਮਿੱਟੀ ਢੋਹਣ ਲਈ ਡੀਜ਼ਲ ਦਾ ਖ਼ਰਚੇ ਸਮੇਤ ਹਰ ਤਰ੍ਹਾਂ ਦੀ ਸਹਾਇਤਾ ਪਹੁੰਚ ਰਹੇ ਹਨ | ਐਡਵੋਕੇਟ ਚਿੱਤਬੀਰ ਸਿੰਘ ਜ਼ੀਰਾ ਤੇ ਰਣਜੀਤ ਸਿੰਘ ਸ਼ਹਿਜ਼ਾਦਾ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਕਿਹਾ ਹੜ੍ਹਾਂ ਮਾਰ ਝੱਲ ਰਹੇ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਜਿੱਥੇ ਕੇਂਦਰ ਸਰਕਾਰ ਪੰਜਾਬ ਲਈ ਕੋਈ ਰਾਹਤ ਪੈਕੇਜ ਦਾ ਐਲਾਨ ਨਾ ਕਰਕੇ ਪੰਜਾਬ ਨਾਲ ਵਿਤਕਰੇ ਭਰਿਆ ਸਲੂਕ ਕਰ ਰਹੀ ਹੈ ਉੱਥੇ ਪੰਜਾਬ ਸਰਕਾਰ ਵੀ ਹੜ੍ਹ ਤੋਂ ਪੀੜਤ ਲੋਕਾਂ ਦੀ ਸਾਰ ਲੈ ਕੇ ਉਨ੍ਹਾਂ ਤੱਕ ਰਾਹਤ ਸਮਗਰੀ ਪਹੁੰਚਾਉਣ ਵਿਚ ਬੁਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ |