ਫ਼ਿਰੋਜ਼ਪੁਰ, 23 ਸਤੰਬਰ (ਰਾਕੇਸ਼ ਚਾਵਲਾ)-ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਅਤੇ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਨਾਭਾ ਵਿਖੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉੱਪਰ ਡੀ.ਐੱਸ.ਪੀ. ਵਲੋਂ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿਚ ਸਖ਼ਤ ਨਿੰਦਾ ਕੀਤੀ ਹੈ | ਉਨ੍ਹਾਂ ਨੇ ਇਸ ਘਟਨਾ ਲਈ 'ਆਮ ਆਦਮੀ ਪਾਰਟੀ' ਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ | ਕਿਸਾਨ ਆਗੂਆਂ ਨੇ ਦੱਸਿਆ ਕਿ ਇਹ ਪ੍ਰਦਰਸ਼ਨ ਨਾਭਾ ਨਗਰ ਕੌਂਸਲ ਦੀ ਪ੍ਰਧਾਨ ਦੇ ਪਤੀ ਪੰਕਜ ਪੱਪੂ ਖ਼ਿਲਾਫ਼ ਕਾਰਵਾਈ ਕਰਨ ਸਬੰਧੀ ਕੀਤਾ ਜਾ ਰਿਹਾ ਸੀ ਕਿਉਂਕਿ ਉਕਤ ਪਤੀ ਪਤਨੀ ਦੀ ਵਰਕਸ਼ਾਪ ਵਿਚੋਂ ਕਿਸਾਨ ਅੰਦੋਲਨ ਦੌਰਾਨ ਚੋਰੀ ਹੋਈਆਂ ਟਰਾਲੀਆਂ ਅਤੇ ਹੋਰ ਸਮਾਨ ਬਰਾਮਦ ਹੋਇਆ ਸੀ | ਕਿਸਾਨਾਂ ਦਾ ਦੋਸ਼ ਹੈ ਕਿ ਪੁਲਿਸ ਪ੍ਰਸ਼ਾਸਨ ਸੱਤਾਧਾਰੀ ਪਾਰਟੀ ਨਾਲ ਸਬੰਧਿਤ ਹੋਣ ਕਰਕੇ ਦੋਸ਼ੀ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਉਸਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਸੀ | ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਪ੍ਰਧਾਨ ਇਕਬਾਲ ਸਿੰਘ ਸੱਪਾਂ ਵਾਲੀ ਨੇ ਕਿਹਾ ਕਿ ਖਨੌਰੀ ਅਤੇ ਸ਼ੰਭੂ ਬਾਰਡਰ 'ਤੇ ਹੋਏ ਕਿਸਾਨ ਅੰਦੋਲਨ ਦੌਰਾਨ ਸਰਕਾਰ ਦੇ ਇਸ਼ਾਰੇ 'ਤੇ ਪੁਲਿਸ ਨੇ ਕਿਸਾਨਾਂ 'ਤੇ ਹਮਲਾ ਕੀਤਾ ਸੀ, ਜਿਸ ਦੌਰਾਨ ਕਰੋੜਾਂ ਰੁਪਏ ਦਾ ਸਮਾਨ ਚੋਰੀ ਹੋ ਗਿਆ ਸੀ | ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਲੋਕਤੰਤਰ ਦੀਆਂ ਕਦਰਾਂ-ਕੀਮਤਾਂ ਦੀ ਉਲੰਘਣਾ ਕਰਕੇ ਦੋਸ਼ੀਆਂ ਨੂੰ ਬਚਾਉਣ ਲਈ ਪ੍ਰਸ਼ਾਸਨ ਦਾ ਸਹਾਰਾ ਲੈ ਰਹੀ ਹੈ | ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਅਜਿਹੇ ਗ਼ਲਤ ਕੰਮਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ |