ਗੁਰੂਹਰਸਹਾਏ, 24 ਸਤੰਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਫ਼ਰੀਦਕੋਟ ਰੋਡ 'ਤੇ ਸਥਿਤ ਖ਼ਾਲਸਾ ਮਿਸ਼ਨ ਅਕੈਡਮੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਦੇ ਡਾਇਰੈਕਟਰ ਨਿਸ਼ਾਨ ਸਿੰਘ ਦੀ ਅਗਵਾਈ ਹੇਠ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਸਾਰੇ ਹੀ ਸਕੂਲੀ ਵਿਦਿਆਰਥੀਆਂ ਵਲੋਂ ਵੱਖ-ਵੱਖ ਮੁਕਾਬਲਿਆਂ ਵਿਚ ਭਾਗ ਲੈ ਕੇ ਬੜੇ ਹੀ ਉਤਸ਼ਾਹ ਦੇ ਨਾਲ ਮਨਾਇਆ ਗਿਆ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਨਿਸ਼ਾਨ ਸਿੰਘ ਨੇ ਦੱਸਿਆ ਕਿ ਅੱਜ ਉਨ੍ਹਾਂ ਦੇ ਸਕੂਲ ਵਿਚ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ | ਇਸ ਮੌਕੇ ਸਾਰੇ ਹੀ ਸਕੂਲੀ ਵਿਦਿਆਰਥੀ ਪੰਜਾਬੀ ਪਹਿਰਾਵੇ ਵਾਲੀ ਡਰੈੱਸ ਪਾ ਕੇ ਆਏ ਤੇ ਸਕੂਲੀ ਵਿਦਿਆਰਥੀਆਂ ਵਿਚ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਜਿਵੇਂ ਕਿ ਭਾਸ਼ਣ ਮੁਕਾਬਲੇ, ਕਵਿਤਾ ਮੁਕਾਬਲੇ ਕਰਵਾਏ ਗਏ ਜਿਸ ਵਿਚ ਬੱਚਿਆਂ ਵਲੋਂ ਬੜੇ ਉਤਸ਼ਾਹ ਦੇ ਨਾਲ ਭਾਗ ਲਿਆ ਗਿਆ ਅਤੇ ਇਨ੍ਹਾਂ ਮੁਕਾਬਲਿਆਂ ਵਿਚ ਪਹਿਲਾਂ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡਾਇਰੈਕਟਰ ਨਿਸ਼ਾਨ ਸਿੰਘ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਜਿੱਥੇ ਪੰਜਾਬੀ ਨੂੰ ਆਪਣੀ ਜ਼ਿੰਦਗੀ ਵਿਚ ਅਹਿਮ ਸਥਾਨ ਦੇਣ ਲਈ ਪੇ੍ਰਰਿਤ ਵੀ ਕੀਤਾ | ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਬੋਲੀ ਦਾ ਅਹਿਸਾਸ ਮਾਂ ਬੋਲੀ ਨਾਲ ਸੱਚੇ ਦਿਲੋਂ ਪਿਆਰ ਕਰਨ ਵਾਲਿਆਂ ਲਈ ਹੁੰਦਾ ਹੈ | ਮਾਂ ਬੋਲੀ ਸਾਡੇ ਵਜੂਦ ਦਾ ਸਾਡੀ ਸ਼ਖ਼ਸੀਅਤ ਦਾ ਇਕ ਅਤੁੱਟ ਅੰਗ ਹੁੰਦੀ ਹੈ |