ਮੁੱਦਕੀ, 26 ਸਤੰਬਰ (ਭਾਰਤ ਭੂਸ਼ਨ ਅਗਰਵਾਲ)- ਵੱਖ-ਵੱਖ ਕਿਸਾਨ ਜਥੇਬੰਦੀਆਂ ਤੇ ਕਿਸਾਨਾਂ ਵਲੋਂ ਅੱਜ ਐੱਸ.ਡੀ.ਐਮ. ਫ਼ਿਰੋਜ਼ਪੁਰ ਨੂੰ ਮੁੱਦਕੀ ਵਿਖੇ ਪਹੁੰਚਣ 'ਤੇ ਮੰਗ ਪੱਤਰ ਦਿੱਤਾ ਜਾਣਾ ਸੀ ਪਰ ਤਿੰਨ ਘੰਟੇ ਤੱਕ ਉਡੀਕ ਕਰਨ ਦੇ ਬਾਅਦ ਵੀ ਅਧਿਕਾਰੀ ਨਾ ਆਉਣ ਕਾਰਨ ਕਿਸਾਨਾਂ 'ਚ ਭਾਰੀ ਰੋਸ ਪਾਇਆ ਗਿਆ | ਇਸ ਦੌਰਾਨ ਕਿਸਾਨ ਜਥੇਬੰਦੀਆਂ ਵਲੋਂ ਪਟਵਾਰੀ ਨਿਰਮਤ ਸਿੰਘ ਨੂੰ ਐੱਸ.ਡੀ.ਐਮ. ਦੇ ਨਾਅ ਮੰਗ ਪੱਤਰ ਦਿੱਤਾ ਗਿਆ | ਪੱਤਰ 'ਚ ਕਿਸਾਨਾਂ ਨੇ ਮੰਗ ਕੀਤੀ ਕਿ ਝੋਨੇ ਦੀ ਪਰਾਲੀ ਦੀ ਲਿੱਦ ਨੂੰ ਅੱਗ ਲਗਾਉਣ ਦੀ ਮਨਜ਼ੂਰੀ ਦਿੱਤੀ ਜਾਵੇ ਤਾਂ ਜੋ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ | ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਸਰਕਾਰ ਮਨਜ਼ੂਰੀ ਦਿੰਦੀ ਹੈ ਤਾਂ ਕੋਈ ਵੀ ਕਿਸਾਨ ਰੀਪਰ ਮਾਰ ਕੇ ਪਰਾਲੀ ਨੂੰ ਅੱਗ ਨਹੀਂ ਲਗਾਏਗਾ | ਇਸ ਲਈ ਝੋਨੇ ਦੀ ਫ਼ਸਲ ਕੱਟਣ ਤੋਂ ਬਾਅਦ ਜੋ ਪਰਾਲੀ ਦੀ ਲਿੱਦ/ਮਸ਼ੀਨ ਦੀ ਮਗਰਲੀ ਰਹਿੰਦ-ਖੂੰਹਦ ਹੁੰਦੀ ਹੈ, ਉਸ ਨੂੰ ਅੱਗ ਲਗਾਉਣ ਦੀ ਮਨਜ਼ੂਰੀ ਦਿੱਤੀ ਜਾਵੇ | ਇਸ ਤੋਂ ਇਲਾਵਾ ਕਿਸਾਨਾਂ ਨੇ ਇਹ ਵੀ ਮੰਗ ਕੀਤੀ ਕਿ ਮੰਡੀਆਂ 'ਚ ਝੋਨੇ ਦੀ ਖ਼ਰੀਦ, ਬਾਰਦਾਣਾ ਤੇ ਲਿਫ਼ਟਿੰਗ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਮੰਡੀਆਂ 'ਚ ਕਿਸਾਨਾਂ ਨੂੰ ਖ਼ੱਜਲ਼-ਖ਼ੁਆਰ ਨਾ ਹੋਣਾ ਪਵੇ | ਇਸ ਮੌਕੇ ਗੁਰਬਾਜ ਸਿੰਘ ਬਲਾਕ ਪ੍ਰਧਾਨ, ਸੁਖਮੰਦਰ ਸਿੰਘ ਖੋਸਾ, ਸੁਖਦੇਵ ਸਿੰਘ, ਨਿਸ਼ਾਨ ਸਿੰਘ, ਸੁਖਮੰਦਰ ਸਿੰਘ, ਮੁਖਤਿਆਰ ਸਿੰਘ, ਗਗਨਦੀਪ ਸਿੰਘ, ਗੁਰਵਿੰਦਰ ਸਿੰਘ ਪ੍ਰਧਾਨ ਕ੍ਰਾਂਤੀਕਾਰੀ ਯੂਨੀਅਨ ਮੁੱਦਕੀ, ਗੁਰਮੇਲ ਸਿੰਘ, ਮਹਿੰਦਰ ਸਿੰਘ ਐਮ.ਸੀ., ਪ੍ਰੀਤਮ ਸਿੰਘ, ਜੰਗ ਸਿੰਘ, ਸਤਨਾਮ ਸਿੰਘ ਆਦਿ ਹਾਜ਼ਰ ਸਨ |