ਫ਼ਿਰੋਜ਼ਪੁਰ, 27 ਸਤੰਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਵਿਚ ਇਕ ਨੌਜਵਾਨ ਨੂੰ ਸਪੇਨ ਭੇਜਣ ਦਾ ਸੁਪਨਾ ਦਿਖਾ ਕੇ ਉਸ ਨਾਲ 8 ਲੱਖ ਰੁਪਏ ਦੀ ਠੱਗੀ ਮਾਰੀ ਗਈ ਹੈ | ਪੁਲਿਸ ਨੇ ਤਿੰਨ ਮੁਲਜ਼ਮਾਂ ਖ਼ਿਲਾਫ਼ ਧੋਖਾਧੜੀ ਤੇ ਅਪਰਾਧਿਕ ਸਾਜ਼ਿਸ਼ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਭਾਣਜੇ ਰਾਕੇਸ਼ ਨੂੰ ਸਪੇਨ ਭੇਜਣਾ ਚਾਹੁੰਦਾ ਸੀ | ਇਸ ਲਈ ਉਨ੍ਹਾਂ ਨੇ ਗੁਰਮੀਤ ਸਿੰਘ ਉਸ ਦੇ ਪੁੱਤਰ ਹਰਵਿੰਦਰ ਸਿੰਘ ਤੇ ਇਕ ਹੋਰ ਵਿਅਕਤੀ ਕੁਲਵਿੰਦਰ ਸਿੰਘ ਨਾਲ ਸੰਪਰਕ ਕੀਤਾ, ਜੋ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਛੰਨਾ ਸ਼ੇਰ ਸਿੰਘ ਦੇ ਰਹਿਣ ਵਾਲੇ ਹਨ | ਮੁਲਜ਼ਮਾਂ ਨੇ ਰਾਕੇਸ਼ ਨੂੰ ਸਪੇਨ ਭੇਜਣ ਦਾ ਵਾਅਦਾ ਕੀਤਾ | ਇਸ ਵਾਅਦੇ 'ਤੇ ਭਰੋਸਾ ਕਰਦੇ ਹੋਏ ਬਲਵਿੰਦਰ ਸਿੰਘ ਨੇ ਵੱਖ-ਵੱਖ ਮਿਤੀਆਂ 'ਤੇ 6 ਲੱਖ ਰੁਪਏ ਨਗਦ ਦਿੱਤੇ | ਇਸ ਤੋਂ ਇਲਾਵਾ 26 ਜੂਨ, 2024 ਨੂੰ ਉਨ੍ਹਾਂ ਨੇ ਆਪਣੇ ਪੰਜਾਬ ਨੈਸ਼ਨਲ ਬੈਂਕ ਦੇ ਖਾਤੇ ਰਾਹੀਂ 2 ਲੱਖ ਰੁਪਏ ਹਰਵਿੰਦਰ ਸਿੰਘ ਦੇ ਬੈਂਕ ਦੇ ਖਾਤੇ 'ਚ ਟਰਾਂਸਫ਼ਰ ਕੀਤੇ | ਪੈਸੇ ਲੈਣ ਤੋਂ ਬਾਅਦ ਨਾ ਤਾਂ ਰਾਕੇਸ਼ ਨੂੰ ਸਪੇਨ ਭੇਜਿਆ ਤੇ ਨਾ ਹੀ ਪੈਸੇ ਵਾਪਸ ਕੀਤੇ | ਉਨ੍ਹਾਂ ਨੇ ਤੁਰੰਤ ਸੀਨੀਅਰ ਪੁਲਿਸ ਕਪਤਾਨ ਕੋਲ ਸ਼ਿਕਾਇਤ ਦਰਜ ਕਰਵਾਈ ਜਿਸ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ | ਮਾਮਲੇ ਦੀ ਜਾਂਚ ਕਰ ਰਹੇ ਐੱਸ.ਆਈ. ਮੇਜਰ ਸਿੰਘ ਨੇ ਦੱਸਿਆ ਕਿ ਬਲਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਥਾਣਾ ਸਦਰ ਫ਼ਿਰੋਜ਼ਪੁਰ 'ਚ ਗੁਰਮੀਤ ਸਿੰਘ, ਹਰਵਿੰਦਰ ਸਿੰਘ ਤੇ ਕੁਲਵਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |