ਜ਼ੀਰਾ, 27 ਸਤੰਬਰ (ਰਜਨੀਸ਼ ਕਥੂਰੀਆ)-ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ-ਈਸੇ-ਖਾਂ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ | ਇਸ ਮੌਕੇ 'ਤੇ ਸਾਰਾ ਸਟਾਫ ਅਤੇ ਵਿਦਿਆਰਥੀ ਪੰਜਾਬੀ ਪਹਿਰਾਵੇ ਵਿਚ ਆਏ | ਇਸ ਸਮੇਂ ਵਿਦਿਆਰਥੀਆਂ ਵਿਚਾਲੇ ਕਵਿਤਾ ਉਚਾਰਨ, ਕਾਵਿ ਲੇਖਣ, ਨਿਬੰਧ ਲੇਖਣ, ਕਹਾਣੀ ਰਚਨਾ, ਵਾਦ-ਵਿਵਾਦ ਅਤੇ ਭਾਸ਼ਾ ਮੁਕਾਬਲੇ ਕਰਵਾਏ ਗਏ | ਇਸ ਮੌਕੇ 'ਤੇ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪੰਜਾਬੀ ਸਾਡੀ ਮਾਂ-ਬੋਲੀ ਹੈ ਅਤੇ ਸਾਡੀ ਪਹਿਚਾਣ ਦੀ ਜੜ੍ਹ ਹੈ | ਨਵੀਂ ਪੀੜ੍ਹੀ ਵਿਚ ਇਸ ਪ੍ਰੇਮ ਅਤੇ ਸਤਿਕਾਰ ਨੂੰ ਵਧਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸਕੂਲ ਵਿਚ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਕਰਨ ਨਾਲ ਵਿਦਿਆਰਥੀਆਂ ਨੂੰ ਪੰਜਾਬੀ ਸਭਿਆਚਾਰ ਅਤੇ ਪੰਜਾਬੀ ਬੋਲੀ ਨਾਲ ਜੋੜਦੇ ਰਹਾਂਗੇ | ਵਿਦਿਆਰਥੀਆਂ ਨੇ ਗੁਰਮੁਖੀ ਲਿਪੀ ਦਾ ਇਕ ਪੰਨਾ ਸੁੰਦਰ ਲਿਖਾਈ ਵਿਚ ਲਿਖਿਆ ਜਿਸ ਨੂੰ ਸੋਸ਼ਲ ਮੀਡੀਆ 'ਤੇ ਅੱਪਲੋਡ ਵੀ ਕੀਤਾ ਗਿਆ | ਇਸ ਮੌਕੇ 'ਤੇ ਪਿ੍ੰਸੀਪਲ ਮੈਡਮ ਰਮਨਜੀਤ ਕੋਰ ਨੇ ਕਿਹਾ ਕਿ ਬਾਬਾ ਫਰੀਦ ਦੇ ਆਗਮਨ ਦਿਵਸ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣਾ ਸਾਡੇ ਲਈ ਮਾਣ ਵਾਲੀ ਗੱਲ ਹੈ | ਇਹ ਵਿਦਿਆਰਥੀਆਂ ਵਿਚ ਪੰਜਾਬੀ ਭਾਸ਼ਾ ਅਤੇ ਸਭਿਆਚਾਰ ਪ੍ਰਤੀ ਪ੍ਰੇਮ ਦੀ ਭਾਵਨਾ ਅਤੇ ਜਾਗਰੂਕਤਾ ਪੈਦਾ ਕਰਦਾ ਹੈ |