ਗੁਰੂਹਰਸਹਾਏ, 27 ਸਤੰਬਰ (ਹਰਚਰਨ ਸਿੰਘ ਸੰਧੂ)-ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਫ਼ਿਰੋਜ਼ਪੁਰ ਦੀ ਯੋਗ ਅਗਵਾਈ ਹੇਠ ਬਲਾਕ ਗੁਰੂਹਰਸਹਾਏ ਸਰਕਲ ਕੋਹਰ ਸਿੰਘ ਵਾਲਾ ਦੇ ਪਿੰਡ ਮਾੜੇ ਕਲਾਂ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰੂਹਰਸਹਾਏ ਵਲੋਂ ਸੀ.ਆਰ.ਐਮ ਸਕੀਮ ਅਧੀਨ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ ਹੈ | ਕੈਂਪ ਦੀ ਸ਼ੁਰੂਆਤ ਕਰਦੇ ਖੇਤੀਬਾੜੀ ਉਪ ਨਿਰੀਖਕ ਜਰਮਨਜੀਤ ਸਿੰਘ ਨੇ ਕਿਸਾਨਾਂ ਨੂੰ ਆਉਣ ਵਾਲੇ ਸਮੇਂ ਵਿਚ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਦੀ ਸਾਂਭ-ਸੰਭਾਲ ਬਾਰੇ ਦੱਸਦਿਆਂ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਉਹ ਆਪਣੇ ਖੇਤਾਂ ਵਿਚ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਜਿਵੇਂ ਕਿ ਸੁਪਰ ਸੀਡਰ, ਮਲਚਰ, ਆਰ.ਐਮ.ਬੀ. ਪਲਾਓ, ਹੈਪੀ ਸੀਡਰ, ਸੁਪਰ ਐੱਸ.ਐਮ.ਐੱਸ. ਆਦਿ ਦੀ ਵਰਤੋਂ ਕਰਕੇ ਬਿਜਾਈ ਕੀਤੀ ਜਾਵੇ | ਇਸ ਤੋਂ ਹੋਣ ਵਾਲੇ ਧੂੰਏਾ ਨਾਲ ਵਾਤਾਵਰਨ ਦੇ ਨੁਕਸਾਨ ਅਤੇ ਹੋਣ ਵਾਲੀਆਂ ਗੰਭੀਰ ਬਿਮਾਰੀਆਂ ਬਾਰੇ ਜਾਣੂ ਕਰਵਾਇਆ ਗਿਆ | ਇਸ ਦੇ ਨਾਲ ਹੀ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਮਿੱਟੀ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਜਿਵੇਂ ਕਿ ਮਿੱਟੀ ਵਿਚੋਂ ਜ਼ਰੂਰੀ ਖੁਰਾਕੀ ਤੱਤਾਂ ਨਾਈਟਰੋਜਨ, ਫਾਸਫੋਰਸ, ਪੋਟਾਸ਼ੀਅਮ, ਸਲਫਰ ਅਤੇ ਜੈਵਿਕ ਕਾਰਬਨ ਦੇ ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਅਤੇ ਸੂਖਮ ਜੀਵਾਂ ਦੀ ਮਿੱਟੀ ਦੇ ਉਪਜਾਊਪਣ ਵਿਚ ਮਹੱਤਤਾ ਤੋਂ ਜਾਣੂ ਕਰਵਾਇਆ | ਖੇਤੀਬਾੜੀ ਵਿਕਾਸ ਅਫ਼ਸਰ ਅਮਨਦੀਪ ਸਿੰਘ ਸੰਧੂ ਨੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਝੋਨੇ ਦੀ ਕਟਾਈ ਸੁਪਰ ਐੱਸ.ਐਮ.ਐੱਸ ਵਾਲੀ ਮਸ਼ੀਨ ਤੋਂ ਹੀ ਕਰਵਾਈ ਜਾਵੇ ਤਾਂ ਜੋ ਉਨ੍ਹਾਂ ਨੂੰ ਅੱਗੇ ਕਣਕ ਦੇ ਸੀਜ਼ਨ ਵਿਚ ਬਿਜਾਈ ਦੌਰਾਨ ਕੋਈ ਸਮੱਸਿਆ ਨਾ ਆਵੇ | ਉਨ੍ਹਾਂ ਕਿਹਾ ਜੇਕਰ ਸੁਪਰ ਐੱਸ.ਐਮ.ਐੱਸ ਵਾਲੀ ਕੰਬਾਈਨ ਨਾਲ ਝੋਨੇ ਦੀ ਕਟਾਈ ਜੇਕਰ ਕੀਤੀ ਜਾਂਦੀ ਹੈ ਤਾਂ ਕਿਸਾਨਾਂ ਨੂੰ ਵਾਧੂ ਖ਼ਰਚੇ ਤੋਂ ਬਚ ਕੇ ਕਣਕ ਦੀ ਬਿਜਾਈ ਜ਼ੀਰੋ ਡਰਿੱਲ ਜਾਂ ਸੁਪਰ ਸੀਡਰ ਨਾਲ ਕੀਤੀ ਜਾ ਸਕਦੀ ਹੈ | ਇਸ ਤੋਂ ਬਾਅਦ ਖੇਤੀਬਾੜੀ ਵਿਕਾਸ ਅਫ਼ਸਰ ਅਮਨਦੀਪ ਸਿੰਘ ਨੇ ਕਿਸਾਨਾਂ ਨਾਲ ਮੌਜੂਦਾ ਚੱਲ ਰਹੀ ਖੇਤਾਂ ਦੀ ਸਥਿਤੀ ਬਾਰੇ ਗੱਲ ਕਰਦੇ ਝੋਨੇ ਦੇ ਖੇਤ ਵਿਚ ਆ ਰਹੀਆਂ ਬਿਮਾਰੀਆਂ ਅਤੇ ਕੀੜੇ ਮਕੌੜਿਆਂ ਦੇ ਹਮਲੇ ਤੋਂ ਹੋਣ ਵਾਲੇ ਨੁਕਸਾਨ ਬਾਰੇ ਦੱਸਿਆ ਗਿਆ | ਕਿਸਾਨਾਂ ਨੂੰ ਸਿਫ਼ਾਰਿਸ਼ ਅਨੁਸਾਰ ਸਪਰੇਅ ਕਰਨ ਦੀ ਸਲਾਹ ਦਿੱਤੀ ਅਤੇ ਕਣਕ ਦੇ ਨਵੇਂ ਸੁਧਰੇ ਬੀਜਾਂ ਬਾਰੇ ਦੱਸਿਆ ਗਿਆ | ਕੈਂਪ ਵਿਚ ਪਿੰਡ ਦੇ ਅਗਾਂਹਵਧੂ ਕਿਸਾਨ ਸਰਪੰਚ ਝੰਡਵਿੰਦਰ ਸਿੰਘ, ਲਖਵੀਰ ਸਿੰਘ, ਗੁਰਜੰਟ ਸਿੰਘ, ਸਤਪਾਲ ਸਿੰਘ, ਮਹਿੰਦਰ ਸਿੰਘ, ਜੋਗਿੰਦਰ ਸਿੰਘ, ਕੁਲਦੀਪ ਸਿੰਘ ਆਦਿ ਤੇ ਹੋਰ ਵੀ ਕਿਸਾਨ ਮੌਜੂਦ ਰਹੇ ਅਤੇ ਉਨ੍ਹਾਂ ਵਲੋਂ ਭਰੋਸਾ ਦਿੱਤਾ ਗਿਆ ਕਿ ਆਉਣ ਵਾਲੇ ਸੀਜ਼ਨ ਦੌਰਾਨ ਅਸੀਂ ਪਰਾਲੀ ਨੂੰ ਅੱਗ ਨਹੀਂ ਲਗਾਵਾਂਗੇ ਅਤੇ ਵਿਭਾਗ ਵਲੋਂ ਦਿੱਤੀਆਂ ਹਦਾਇਤਾਂ ਮੁਤਾਬਿਕ ਪਾਲਨਾ ਕਰਾਂਗੇ |