ਫ਼ਿਰੋਜ਼ਪੁਰ, 28 ਸਤੰਬਰ (ਗੁਰਿੰਦਰ ਸਿੰਘ)-ਯੁਵਕ ਸੇਵਾਵਾਂ ਬੋਰਡ ਅਤੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਵਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ 118ਵੇਂ ਜਨਮ ਦਿਹਾੜੇ ਨੂੰ ਸਮਰਪਿਤ ਇਕ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਖ਼ੂਨ ਦਾ ਦਾਨ ਕਰਕੇ ਮਨੁੱਖਤਾ ਦੀ ਸੇਵਾ ਵਿਚ ਆਪਣਾ ਯੋਗਦਾਨ ਪਾਇਆ | 'ਆਪ' ਯੂਥ ਵਿੰਗ ਦੇ ਹਲਕਾ ਕੋਆਰਡੀਨੇਟਰ ਹਰਮੀਤ ਸਿੰਘ ਦੀ ਅਗਵਾਈ ਵਿਚ ਲੱਗੇ ਇਸ ਖ਼ੂਨਦਾਨ ਕੈਂਪ ਵਿਚ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ | ਉਨ੍ਹਾਂ ਨੇ ਕੈਂਪ ਵਿਚ ਪਹੁੰਚ ਕੇ ਨੌਜਵਾਨਾਂ ਵਲੋਂ ਕੀਤੇ ਜਾ ਰਹੇ ਇਸ ਭਲਾਈ ਦੇ ਕੰਮ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਸਿਰਫ਼ ਇਕ ਇਨਕਲਾਬੀ ਹੀ ਨਹੀਂ, ਸਗੋਂ ਨੌਜਵਾਨ ਪੀੜ੍ਹੀ ਲਈ ਪ੍ਰੇਰਣਾਦਾਇਕ ਚੇਤਾ ਵੀ ਹਨ | ਉਨ੍ਹਾਂ ਕਿਹਾ ਕਿ ਅਸੀਂ ਆਪਣੇ ਇਹਨਾਂ ਨੌਜਵਾਨਾਂ 'ਤੇ ਮਾਣ ਮਹਿਸੂਸ ਕਰਦੇ ਹਾਂ ਜੋ ਸ਼ਹੀਦਾਂ ਦੀ ਸੋਚ ਨੂੰ ਅੱਗੇ ਵਧਾਉਂਦੇ ਹੋਏ ਸਮਾਜ ਵਿਚ ਸਚਾਈ, ਭਾਈਚਾਰੇ ਅਤੇ ਨਿਸ਼ਕਾਮ ਸੇਵਾ ਦੀ ਮਿਸਾਲ ਪੈਦਾ ਕਰ ਰਹੇ ਹਨ | ਕੈਂਪ ਵਿਚ ਸਿਹਤ ਵਿਭਾਗ ਦੀ ਟੀਮ ਨੇ ਵਿਸ਼ੇਸ਼ ਸਹਿਯੋਗ ਦਿੱਤਾ ਅਤੇ ਦਾਨੀ ਨੌਜਵਾਨਾਂ ਦੀ ਸਿਹਤ ਜਾਂਚ ਕੀਤੀ ਗਈ | ਇਸ ਮੌਕੇ ਯੁਵਕ ਸੇਵਾਵਾਂ ਬੋਰਡ ਦੇ ਅਧਿਕਾਰੀਆਂ, ਸਥਾਨਕ ਆਮ ਆਦਮੀ ਪਾਰਟੀ ਦੇ ਵਰਕਰ, ਸਮਾਜ ਸੇਵੀ ਅਤੇ ਨੌਜਵਾਨ ਵੱਡੀ ਗਿਣਤੀ ਵਿਚ ਮੌਜੂਦ ਰਹੇ |