ਤਲਵੰਡੀ ਭਾਈ, 3 ਨਵੰਬਰ (ਰਵਿੰਦਰ ਸਿੰਘ ਬਜਾਜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸਤਪਾਲ ਸਿੰਘ ਤਲਵੰਡੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਕਾਲਜ ਪਿ੍ੰਸੀਪਲ ਪ੍ਰੋਫੈਸਰ ਰਾਜਵਿੰਦਰ ਕੌਰ ਦੀ ਅਗਵਾਈ ਵਿਚ ਮਾਤਾ ਸਾਹਿਬ ਕੌਰ ਦੇ ਜਨਮ ਦਿਹਾੜੇ ਨੂੰ ਸਮਰਪਿਤ, ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ, ਗੁਰਬਾਣੀ ਕੀਰਤਨ ਕੀਤੇ ਗਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਇਸ ਸਮਾਗਮ ਵਿਚ ਮਾਸਟਰ ਨਾਇਬ ਸਿੰਘ ਨੇ ਆਏ ਹੋਏ ਮੁੱਖ ਮਹਿਮਾਨ ਅਤੇ ਸੰਗਤਾਂ ਨੂੰ ਜੀ ਆਇਆਂ ਆਖਿਆ ਅਤੇ ਮਾਤਾ ਸਾਹਿਬ ਕੌਰ ਅਤੇ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ ਅਤੇ ਬਾਣੀ ਬਾਰੇ ਚਾਨਣਾ ਪਾਇਆ ਤੇ ਉਨ੍ਹਾਂ ਦੀ ਬਾਣੀ ਤੋਂ ਸੇਧ ਲੈਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ | ਪ੍ਰੋਫੈਸਰ ਗੁਰਪ੍ਰੀਤ ਸਿੰਘ ਨੇ ਮਾਤਾ ਸਾਹਿਬ ਕੌਰ ਦੇ ਜੀਵਨ ਸਬੰਧੀ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ | ਪਿ੍ੰਸੀਪਲ ਪ੍ਰੋਫੈਸਰ ਰਾਜਵਿੰਦਰ ਕੌਰ ਨੇ ਸੰਗਤਾਂ ਦਾ ਧੰਨਵਾਦ ਕੀਤਾ | ਅਤੇ ਕਿਹਾ ਕਿ ਇਸ ਸਮਾਗਮ ਦਾ ਉਦੇਸ਼ ਗੁਰੂ ਸਾਹਿਬਾਨਾਂ ਦੇ ਜੀਵਨ ਅਤੇ ਉਨ੍ਹਾਂ ਦੀ ਸ਼ਹਾਦਤ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਉਣਾ ਹੈ | ਕਾਲਜ ਵਿਦਿਆਰਥੀਆਂ ਵਲੋਂ ਗੁਰੂ ਸਾਹਿਬਾਨਾਂ ਨਾਲ ਸੰਬੰਧਿਤ ਕਵੀਸ਼ਰੀ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ | ਇਸ ਸਮਾਗਮ ਵਿਚ ਕਾਲਜ ਦੇ ਵਿਦਿਆਰਥੀਆਂ ਵਲੋਂ ਵੱਡਾ ਸਹਿਯੋਗ ਦਿੱਤਾ ਗਿਆ, ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ਅਤੇ ਸ਼ਰਧਾ ਭਾਵਨਾ ਨਾਲ ਸੇਵਾ ਕੀਤੀ ਗਈ | ਇਸ ਸਮਾਗਮ ਵਿਚ ਰੁਪਿੰਦਰ ਸਿੰਘ ਮੋਨੂ, ਬਲਵੰਤ ਸਿੰਘ ਕਲਸੀ, ਸਰਦਾਰ ਬਲਵੰਤ ਸਿੰਘ ਭੰਗਰਾ, ਬਲਦੇਵ ਸਿੰਘ ਬਰਾੜ, ਭੁਪਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਬਾਬਾ ਹਰੀ ਦਾਸ ਜੀ, ਸਮੂਹ ਸਟਾਫ਼ ਵਿਦਿਆਰਥੀ 'ਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ |