ਫ਼ਿਰੋਜ਼ਪੁਰ, 21 ਨਵੰਬਰ (ਰਾਕੇਸ਼ ਚਾਵਲਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਕੋਰ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਆਗੂਆਂ ਵਲੋਂ ਫ਼ੈਸਲਾ ਲਿਆ ਗਿਆ ਹੈ ਕਿ ਪਿਛਲੀ ਦਿਨੀਂ 28 ਅਕਤੂਬਰ ਨੂੰ ਐੱਸ.ਐੱਸ.ਪੀ ਫ਼ਰੀਦਕੋਟ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ ਸੀ ਜਿਸ ਵਿਚ ਪੁਲਿਸ ਨਾਲ ਸਬੰਧਿਤ ਮਸਲੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵੱਖ-ਵੱਖ ਥਾਣਿਆਂ ਦੇ ਨਾਲ ਸਬੰਧਿਤ ਸਨ | ਜਥੇਬੰਦੀ ਵਲੋਂ ਮੰਗ ਪੱਤਰ ਦਿੱਤਾ ਗਿਆ ਸੀ, ਜਿਸ ਨੂੰ ਅੱਜ 22 ਦਿਨ ਹੋ ਚੁੱਕੇ ਹਨ ਪਰ ਅਜੇ ਤੱਕ ਕਿਸੇ ਵੀ ਮਸਲੇ ਦਾ ਕੋਈ ਹੱਲ ਨਹੀਂ ਕੀਤਾ ਗਿਆ, ਮਸਲੇ ਜਿਉਂ ਦੇ ਤਿਉਂ ਹਨ | ਇਸ ਕਰਕੇ ਜਥੇਬੰਦੀ ਵਲੋਂ ਫ਼ੈਸਲਾ ਲਿਆ ਗਿਆ ਹੈ ਕਿ 2 ਦਸੰਬਰ ਨੂੰ ਐੱਸ.ਐੱਸ.ਪੀ ਫ਼ਿਰੋਜ਼ਪੁਰ ਦੇ ਦਫਤਰ ਮੂਹਰੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਧਰਨਾ ਲਗਾਇਆ ਜਾਏਗਾ | ਜਿਨ੍ਹਾਂ ਚਿਰ ਮਸਲਿਆਂ ਦਾ ਹੱਲ ਨਹੀਂ ਹੋਏਗਾ | ਉਨ੍ਹਾਂ ਚਿਰ ਪੱਕਾ ਮੋਰਚਾ ਚੱਲੇਗਾ | ਇਸ ਮੌਕੇ ਆਗੂ ਗੁਰਮੇਲ ਸਿੰਘ ਫ਼ੱਤੇ ਵਾਲਾ, ਰਣਜੀਤ ਸਿੰਘ ਖੱਚਰ ਵਾਲਾ, ਧਰਮ ਸਿੰਘ ਸਿੱਧੂ, ਨਰਿੰਦਰਪਾਲ ਸਿੰਘ ਜਤਾਲਾ, ਸੁਰਜੀਤ ਸਿੰਘ ਫ਼ੌਜੀ, ਅਮਨਦੀਪ ਸਿੰਘ ਕੱਚਰਭੰਨ, ਹਰਫੂਲ ਸਿੰਘ ਆਦਿ ਹਾਜ਼ਰ ਸਨ |