ਮੱਖੂ, 22 ਨਵੰਬਰ (ਕੁਲਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪੱਧਰ ਦੇ ਆਗੂਆਂ ਦੀ ਇਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਦੀ ਅਗਵਾਈ ਹੇਠ ਮੱਖੂ ਵਿਖੇ ਹੋਈ | ਮੀਟਿੰਗ ਦੌਰਾਨ ਕਿਸਾਨੀ ਮਸਲਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਆਉਣ ਵਾਲੇ ਸੰਘਰਸ਼ਾਂ ਦੀ ਰੂਪ-ਰੇਖਾ ਤੈਅ ਕੀਤੀ ਗਈ | ਕਿਸਾਨ ਆਗੂਆਂ ਨੇ ਕਿਹਾ ਕਿ ਬੰਗਾਲੀ ਵਾਲਾ ਪੁਲ ਮੱਖੂ 'ਤੇ ਟ੍ਰੈਫਿਕ ਵਿਚ ਵਿਘਨ ਪੈਦਾ ਕਰਨ ਵਾਲੀਆਂ ਦੁਕਾਨਾਂ ਨੂੰ ਪਹਿਲਾਂ ਪ੍ਰਸ਼ਾਸਨ ਵਲੋਂ ਹਟਾਇਆ ਗਿਆ ਸੀ ਪਰ ਹੁਣ ਫਿਰ ਕੁੱਝ ਲੋਕ ਉੱਥੇ ਦੁਬਾਰਾ ਦੁਕਾਨਾਂ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ | ਸੂਤਰਾਂ ਅਨੁਸਾਰ ਇਨ੍ਹਾਂ ਦੁਕਾਨਾਂ ਲਈ ਕੋਈ ਸਰਕਾਰੀ ਠੇਕਾ ਜਾਰੀ ਹੋਣ ਦੀ ਗੱਲ ਵੀ ਸਾਹਮਣੇ ਆ ਰਹੀ ਹੈ | ਕਿਸਾਨ ਆਗੂਆਂ ਨੇ ਸਪਸ਼ਟ ਕੀਤਾ ਕਿ ਨਾ ਕੋਈ ਸਰਕਾਰੀ ਅਤੇ ਨਾ ਹੀ ਪ੍ਰਾਈਵੇਟ ਦੁਕਾਨ ਉਸ ਸਥਾਨ 'ਤੇ ਲੱਗਣ ਦਿੱਤੀ ਜਾਵੇਗੀ, ਕਿਉਂਕਿ ਇਸ ਕਾਰਨ ਨੈਸ਼ਨਲ ਹਾਈਵੇ 'ਤੇ ਟ੍ਰੈਫਿਕ ਵਿਚ ਰੁਕਾਵਟ ਪੈਦਾ ਹੁੰਦੀ ਹੈ, ਜੋ ਹਾਦਸਿਆਂ ਦਾ ਮੁੱਖ ਕਾਰਨ ਹੈ | ਕਈ ਵਾਰ ਟ੍ਰੈਫਿਕ ਜਾਮ ਵਿਚ ਫਸੇ ਮਰੀਜ਼ਾਂ ਦੀ ਜਾਨ ਤੱਕ ਦਾ ਨੁਕਸਾਨ ਹੋ ਜਾਂਦਾ ਹੈ | ਉਨ੍ਹਾਂ ਕਿਹਾ ਕਿ ਟ੍ਰੈਫਿਕ ਸਿਸਟਮ ਨੂੰ ਸਹੀ ਢੰਗ ਨਾਲ ਚਲਾਉਣਾ ਨੈਸ਼ਨਲ ਹਾਈਵੇ ਅਥਾਰਿਟੀ ਦੀ ਜ਼ਿੰਮੇਵਾਰੀ ਹੈ | ਜੇਕਰ ਅਥਾਰਿਟੀ ਆਪਣੀ ਜ਼ਿੰਮੇਵਾਰੀ ਨਹੀਂ ਨਿਭਾਉਂਦੀ ਤਾਂ ਭਾਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਸੰਘਰਸ਼ ਸ਼ੁਰੂ ਕੀਤਾ ਜਾਵੇਗਾ ਜਿਸ ਦੀ ਪੂਰੀ ਜ਼ਿੰਮੇਵਾਰੀ ਨੈਸ਼ਨਲ ਹਾਈਵੇ ਅਥਾਰਿਟੀ ਉੱਤੇ ਹੋਵੇਗੀ | ਇਸ ਤੋਂ ਇਲਾਵਾ ਆਗੂਆਂ ਨੇ ਦੋਸ਼ ਲਗਾਇਆ ਕਿ ਕੁੱਝ ਕੁ ਯੂ ਟਿਊਬਰ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਛਵੀ ਖ਼ਰਾਬ ਕਰਨ ਲਈ ਕੱਟ-ਕੱਟ ਕੇ ਗ਼ਲਤ ਵੀਡੀਓ ਪਾ ਰਹੇ ਹਨ | ਜੇਕਰ ਇਹ ਹਰਕਤਾਂ ਨਾ ਰੋਕੀਆਂ ਗਈਆਂ ਤਾਂ ਇਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਤੋਂ ਇਲਾਵਾ ਬਾਪੂ ਗੁਰਦੇਵ ਸਿੰਘ ਵਾਰਸ ਵਾਲਾ ਸਰਪ੍ਰਸਤ ਪੰਜਾਬ, ਜਥੇਦਾਰ ਜੋਗਿੰਦਰ ਸਿੰਘ ਸਭਰਾ ਸੀਨੀਅਰ ਮੀਤ ਪ੍ਰਧਾਨ ਪੰਜਾਬ, ਪਰਗਟ ਸਿੰਘ ਲਹਿਰਾ ਐਗਜ਼ੈਕਟਿਵ ਕਮੇਟੀ ਮੈਂਬਰ ਪੰਜਾਬ, ਹਰਦੀਪ ਸਿੰਘ ਕਰਮੂਵਾਲਾ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ, ਲਖਬੀਰ ਸਿੰਘ ਨਿੱਝਰ ਜ਼ਿਲ੍ਹਾ ਪ੍ਰਧਾਨ ਸ਼੍ਰੀ ਤਰਨਤਾਰਨ ਸਾਹਿਬ, ਲਖਵੀਰ ਸਿੰਘ, ਨਿਜਰਦੀਪ ਸਿੰਘ ਕਰਮੂਵਾਲਾ ਆਦਿ ਹਾਜ਼ਰ ਸਨ |