ਮੱਖੂ, 23 ਨਵੰਬਰ (ਵਰਿੰਦਰ ਮਨਚੰਦਾ)-ਕੇਂਦਰ ਸਰਕਾਰ ਵਲੋਂ ਚੰਡੀਗੜ੍ਹ ਨੂੰ ਪੰਜਾਬ ਤੋਂ ਪੂਰੀ ਤਰ੍ਹਾਂ ਵੱਖ ਕਰਕੇ ਇਸ ਨੂੰ ਇਕ ਆਮ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਰੂਪ ਵਿਚ ਬਦਲਣ ਦੀ ਕੋਸ਼ਿਸ਼ ਨੂੰ ਸੰਵਿਧਾਨਿਕ ਨਿਯਮਾਂ ਅਤੇ ਪੰਜਾਬ ਦੇ ਹੱਕਾਂ 'ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਮੁੱਖ ਬੁਲਾਰੇ ਸਰਦਾਰ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਭਾਈ ਕੰਵਰ ਚੜ੍ਹਤ ਸਿੰਘ ਨੇ ਕਰਦਿਆਂ ਕਿਹਾ ਕਿ ਪਾਰਲੀਮੈਂਟ ਦੇ ਆਉਣ ਵਾਲੇ ਸਰਦ ਰੁੱਤ ਇਜਲਾਸ ਵਿਚ ਲਿਆਂਦੇ ਜਾ ਰਹੇ 131ਵੇਂ ਸੰਵਿਧਾਨ ਸੋਧ ਬਿੱਲ ਰਾਹੀਂ ਚੰਡੀਗੜ੍ਹ 'ਤੇ ਪੰਜਾਬ ਦੇ ਜਾਇਜ਼ ਹੱਕ ਨੂੰ ਖ਼ਤਮ ਕਰਨ ਦੀ ਇਹ ਸਾਜ਼ਿਸ਼ ਬਿਲਕੁਲ ਪ੍ਰਵਾਨ ਨਹੀਂ ਹੈ | ਉਨ੍ਹਾਂ ਕਿਹਾ ਕਿ ਸਮੇਂ-ਸਮੇਂ 'ਤੇ ਕੇਂਦਰ ਸਰਕਾਰਾਂ ਵਲੋਂ ਗ਼ੈਰ-ਸੰਵਿਧਾਨਿਕ ਤਰੀਕਿਆਂ ਨਾਲ ਚੰਡੀਗੜ੍ਹ 'ਤੇ ਪੰਜਾਬ ਦੇ ਹੱਕ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਰਹੀਆਂ ਹਨ ਤੇ ਹੁਣ ਭਾਜਪਾ ਸਰਕਾਰ ਵਲੋਂ ਲਿਆਂਦਾ ਜਾ ਰਿਹਾ ਬਿੱਲ ਪੰਜਾਬ ਦੇ ਹੱਕਾਂ ਦੇ ਕਤਲ ਦੇ ਨਾਲ-ਨਾਲ ਰਾਜਾਂ ਦੇ ਅਧਿਕਾਰਾਂ ਨੂੰ ਖ਼ਤਮ ਕਰਨ ਵੱਲ ਇਕ ਹੋਰ ਵੱਡਾ ਕਦਮ ਹੈ | ਕਰਨੈਲ ਸਿੰਘ ਪੀਰ ਮੁਹੰਮਦ ਨੇ ਸਪਸ਼ਟ ਕੀਤਾ ਕਿ ਚੰਡੀਗੜ੍ਹ ਪੰਜਾਬ ਦਾ ਹੈ ਅਤੇ ਇਸ ਨੂੰ ਪੰਜਾਬ ਤੋਂ ਖੋਹਣ ਦੀ ਕਿਸੇ ਵੀ ਸਾਜ਼ਿਸ਼ ਨੂੰ ਕਦੇ ਵੀ ਪ੍ਰਵਾਨ ਨਹੀਂ ਕੀਤਾ ਜਾਵੇਗਾ | ਇਹ ਬਿੱਲ ਕੇਵਲ ਤਕਨੀਕੀ ਜਾਂ ਪ੍ਰਸ਼ਾਸਕੀ ਤਬਦੀਲੀ ਨਹੀਂ, ਸਗੋਂ ਪੰਜਾਬ ਦੇ ਅਧਿਕਾਰਾਂ 'ਤੇ ਸਿੱਧਾ ਡਾਕਾ ਹੈ | ਸ਼ੋ੍ਰਮਣੀ ਕਮੇਟੀ ਨੇ ਪੰਜਾਬ ਦੇ ਸਾਰੇ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਪ੍ਰਤੀਨਿਧੀਆਂ ਨੂੰ ਅਪੀਲ ਕੀਤੀ ਕਿ ਚੰਡੀਗੜ੍ਹ ਤੇ ਪੰਜਾਬ ਦੇ ਹੱਕਾਂ ਦੀ ਰੱਖਿਆ ਲਈ ਇਕੱਠੇ ਹੋ ਕੇ ਲੋਕਤੰਤਰਿਕ ਅਤੇ ਸੰਵਿਧਾਨਿਕ ਪੱਧਰ 'ਤੇ ਮਜ਼ਬੂਤ ਸੰਘਰਸ਼ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਅਟੁੱਟ ਹਿੱਸਾ ਹੈ ਅਤੇ ਇਸ ਹੱਕ ਦੀ ਰੱਖਿਆ ਲਈ ਹਰ ਪੱਧਰ ਉੱਤੇ ਆਵਾਜ਼ ਬੁਲੰਦ ਕੀਤੀ ਜਾਵੇਗੀ |