ਫ਼ਿਰੋਜ਼ਪੁਰ, 18 ਦਸੰਬਰ (ਸੁਖਵਿੰਦਰ ਸਿੰਘ)-ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ 'ਤੇ ਪੰਜਾਬ ਭਰ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਸ਼ੁਰੂ ਕੀਤੇ ਗਏ ਮੋਰਚਿਆਂ ਦੇ ਤਹਿਤ ਫ਼ਿਰੋਜ਼ਪੁਰ ਡੀ.ਸੀ. ਦਫ਼ਤਰ ਅੱਗੇ ਕਿਸਾਨਾਂ ਅਤੇ ਮਜ਼ਦੂਰਾਂ ਵਲੋਂ ਰੋਸ ਮੋਰਚਾ ਲਗਾਇਆ ਗਿਆ | ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ, ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ ਅਤੇ ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੇ ਆਗੂ ਚਮਕੌਰ ਸਿੰਘ ਉਸਮਾਨ ਵਾਲਾ ਨੇ ਮੋਰਚੇ ਨੂੰ ਸੰਬੋਧਨ ਕੀਤਾ | ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਿਆਂਦਾ ਜਾ ਰਿਹਾ ਬਿਜਲੀ ਸੋਧ ਬਿੱਲ 2025 ਤੁਰੰਤ ਰੱਦ ਕੀਤਾ ਜਾਵੇ ਅਤੇ ਪੰਜਾਬ ਵਿਧਾਨ ਸਭਾ ਵਲੋਂ ਇਸ ਬਿੱਲ ਦੇ ਵਿਰੋਧ ਵਿਚ ਸਰਬ ਪਾਰਟੀ ਸਹਿਮਤੀ ਨਾਲ ਮਤਾ ਪਾਸ ਕੀਤਾ ਜਾਵੇ | ਉਨ੍ਹਾਂ ਨੇ ਬਿਜਲੀ ਮਹਿਕਮੇ ਦੇ ਨਿੱਜੀਕਰਨ ਨੂੰ ਰੋਕਣ, ਠੇਕੇਦਾਰੀ ਪ੍ਰਣਾਲੀ ਖ਼ਤਮ ਕਰਕੇ ਪੱਕੀ ਭਰਤੀ ਕਰਨ ਅਤੇ ਖਪਤਕਾਰਾਂ ਦੇ ਘਰਾਂ ਅੱਗੇ ਜ਼ਬਰਦਸਤੀ ਲਗਾਏ ਜਾ ਰਹੇ ਪ੍ਰੀਪੇਡ (ਚਿੱਪ ਵਾਲੇ) ਮੀਟਰ ਤੁਰੰਤ ਬੰਦ ਕਰਨ ਦੀ ਮੰਗ ਕੀਤੀ | ਆਗੂਆਂ ਨੇ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਡਰਾਫ਼ਟ ਸੀਡ ਬਿੱਲ 2025 ਨੂੰ ਵੀ ਕਿਸਾਨ ਵਿਰੋਧੀ ਦੱਸਦੇ ਹੋਏ ਕਿਹਾ ਕਿ ਬੀਜ ਉਤਪਾਦਨ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੀਆਂ ਕੋਸ਼ਿਸ਼ਾਂ ਤੁਰੰਤ ਰੋਕੀਆਂ ਜਾਣ | ਉਨ੍ਹਾਂ ਨੇ ਕਿਹਾ ਕਿ ਸ਼ੰਭੂ ਅਤੇ ਖਨੋਰੀ ਬਾਰਡਰਾਂ 'ਤੇ 14 ਮਹੀਨੇ ਚੱਲੇ ਕਿਸਾਨ-ਮਜ਼ਦੂਰ ਮੋਰਚੇ ਨੂੰ ਭਗਵੰਤ ਮਾਨ ਸਰਕਾਰ ਵਲੋਂ ਜ਼ਬਰਦਸਤੀ ਉਠਾਇਆ ਗਿਆ, ਮੋਰਚੇ ਦੇ ਆਗੂਆਂ ਨੂੰ ਧੋਖੇ ਨਾਲ ਗਿ੍ਫ਼ਤਾਰ ਕੀਤਾ ਗਿਆ ਅਤੇ ਮੋਰਚੇ ਦੇ ਸਾਜੋ-ਸਮਾਨ ਸਮੇਤ ਟਰੈਕਟਰ-ਟਰਾਲੀਆਂ ਨੂੰ ਲੁੱਟਿਆ ਗਿਆ | ਇਸ ਦੌਰਾਨ ਹੋਏ 3,77,00,948 ਰੁਪਏ ਦੇ ਨੁਕਸਾਨ ਦੀ ਪੰਜਾਬ ਸਰਕਾਰ ਵਲੋਂ ਤੁਰੰਤ ਭਰਪਾਈ ਕੀਤੀ ਜਾਵੇ | ਆਗੂਆਂ ਨੇ ਮੰਗ ਕੀਤੀ ਕਿ ਦਿੱਲੀ ਕਿਸਾਨ ਅੰਦੋਲਨ-1, ਕਿਸਾਨ ਅੰਦੋਲਨ-2 ਅਤੇ ਪੰਜਾਬ ਅੰਦਰ ਚੱਲੇ ਸੰਘਰਸ਼ਾਂ ਦੌਰਾਨ ਕਿਸਾਨ ਆਗੂਆਂ ਅਤੇ ਵਰਕਰਾਂ 'ਤੇ ਦਰਜ ਸਾਰੇ ਕੇਸ ਤੁਰੰਤ ਰੱਦ ਕੀਤੇ ਜਾਣ | ਇਸ ਤੋਂ ਇਲਾਵਾ ਰੇਲਵੇ ਵਿਭਾਗ ਵਲੋਂ ਭੇਜੇ ਜਾ ਰਹੇ ਨੋਟਿਸ ਵੀ ਤੁਰੰਤ ਵਾਪਸ ਲਏ ਜਾਣ | ਉਨ੍ਹਾਂ ਨੇ ਕਿਸਾਨ ਅੰਦੋਲਨਾਂ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਨੌਕਰੀਆਂ ਦੇਣ ਅਤੇ ਜ਼ਖ਼ਮੀਆਂ ਨੂੰ ਯੋਗ ਮੁਆਵਜ਼ਾ ਦੇਣ ਦੀ ਵੀ ਮੰਗ ਕੀਤੀ | ਇਸ ਮੌਕੇ ਇੰਦਰਜੀਤ ਸਿੰਘ ਬਾਠ, ਗੁਰਪ੍ਰੀਤ ਸਿੰਘ ਫਰੀਦੇਵਾਲਾ, ਗੁਰਮੇਲ ਸਿੰਘ ਫੱਤੇਵਾਲਾ, ਧਰਮ ਸਿੰਘ ਸਿੱਧੂ, ਸੁਰਜੀਤ ਸਿੰਘ ਫ਼ੌਜੀ, ਹਰਫੂਲ ਸਿੰਘ ਦੂਲੇਵਾਲਾ, ਸੁਖਵਿੰਦਰ ਸਿੰਘ ਅਲੀਪੁਰ, ਰਣਜੀਤ ਸਿੰਘ ਖੱਚਰ ਵਾਲਾ, ਗੁਰਭਾਗ ਸਿੰਘ ਮਰੂੜ, ਦਿਲਬਾਗ ਸਿੰਘ, ਨਰਿੰਦਰਪਾਲ ਸਿੰਘ ਜਤਾਲਾ, ਵੀਰ ਸਿੰਘ ਨਿਜਾਮਦੀਨ ਵਾਲਾ, ਮੰਗਲ ਸਿੰਘ ਜਵਾਹਰ ਕੇ, ਗੁਰਨਾਮ ਸਿੰਘ ਆਲੀਕੇ, ਗੁਰਬਖ਼ਸ਼ ਸਿੰਘ ਪੰਜਗਰਾਈਾ, ਗੁਲਜ਼ਾਰ ਸਿੰਘ ਗੋਗੋਆਣੀ, ਸੁਖਵੰਤ ਸਿੰਘ ਲੋਹੁਕਾ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਆਗੂਆਂ ਨੇ ਸੰਬੋਧਨ ਕੀਤਾ |