ਫ਼ਿਰੋਜ਼ਪੁਰ, 19 ਦਸੰਬਰ (ਗੁਰਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਦੇ ਟੀਚਿੰਗ ਅਤੇ ਨਾਨ ਟੀਚਿੰਗ ਮੁਲਾਜ਼ਮਾਂ ਵਲੋਂ ਛੇ ਮਹੀਨਿਆਂ ਤੋਂ ਤਨਖ਼ਾਹਾਂ ਰਿਲੀਜ਼ ਨਾ ਕਰਨ ਦੇ ਰੋਸ ਵਜੋਂ 22 ਦਸੰਬਰ ਨੂੰ ਮੁਕੰਮਲ ਤੌਰ 'ਤੇ ਭੁੱਖ ਹੜਤਾਲ 'ਤੇ ਬੈਠਣ ਦਾ ਐਲਾਨ ਕਰ ਦਿੱਤਾ ਹੈ | ਇਸ ਸਬੰਧੀ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਟੀਚਿੰਗ ਨਾਨ ਟੀਚਿੰਗ ਐਸੋਸੀਏਸ਼ਨ ਦੇ ਪ੍ਰਧਾਨ ਜਗਮੀਤ ਸਿੰਘ ਅਤੇ ਜਨਰਲ ਸਕੱਤਰ ਮਦਨ ਓਨਿਆਲ ਨੇ ਦੱਸਿਆ ਕਿ ਉਨ੍ਹਾਂ ਦੀਆਂ ਤਨਖ਼ਾਹਾਂ ਵਿਚ ਕੀਤੇ ਗਏ ਵਾਧੇ ਨੂੰ ਪ੍ਰਬੰਧਕੀ ਅਧਿਕਾਰੀਆਂ ਵਲੋਂ ਫ਼ੰਡ ਹੋਣ ਦੇ ਬਾਵਜੂਦ ਮੁਲਾਜ਼ਮਾਂ ਨੂੰ ਛੇ ਮਹੀਨਿਆਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ | ਇਸ ਸਬੰਧੀ ਉਹ ਕਈ ਵਾਰ ਮੰਗ ਪੱਤਰ ਵੀ ਦੇ ਚੁੱਕੇ ਹਨ ਪਰ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ | ਉਨ੍ਹਾਂ ਕਿਹਾ ਕਿ ਇਸ ਭੁੱਖ ਹੜਤਾਲ ਸਬੰਧੀ ਉਨ੍ਹਾਂ ਵਲੋਂ ਪੰਜਾਬ ਦੇ ਮੁੱਖ ਮੰਤਰੀ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹੋਰ ਸਬੰਧਿਤ ਅਧਿਕਾਰੀਆਂ ਨੂੰ ਮੰਗ ਪੱਤਰ ਭੇਜਿਆ ਗਿਆ ਹੈ | ਉਨ੍ਹਾਂ ਯੂਨੀਵਰਸਿਟੀ ਅਧਿਕਾਰੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਇਸ ਭੁੱਖ ਹੜਤਾਲ ਵਿਚ ਬੈਠੇ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰ ਦਾ ਜੇਕਰ ਕੋਈ ਜਾਨੀ ਮਾਲੀ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਜ਼ਿੰਮੇਵਾਰੀ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਦੇ ਪ੍ਰਬੰਧਕੀ ਅਧਿਕਾਰੀਆਂ ਦੀ ਹੋਵੇਗੀ | ਇਸ ਮੌਕੇ ਮੀਟਿੰਗ ਵਿਚ ਬਲਵਿੰਦਰ ਸਿੰਘ ਮੀਤ ਪ੍ਰਧਾਨ, ਅਵਤਾਰ ਸਿੰਘ ਚੇਅਰਮੈਨ, ਦੀਪਕ ਸ਼ਰਮਾ ਜੁਆਇੰਟ ਸੈਕਟਰੀ, ਜਗਦੀਪ ਸਿੰਘ ਮਾਂਗਟ ਪ੍ਰੈੱਸ ਸਕੱਤਰ, ਗੁਰਪ੍ਰੀਤ ਸਿੰਘ ਸਲਾਹਕਾਰ ਤੋਂ ਇਲਾਵਾ ਕਾਰਜਕਾਰਨੀ ਮੈਂਬਰ ਰਵੀ ਕਾਂਤ ਸ਼ਰਮਾ, ਬਲਕਰਨ ਸਿੰਘ, ਅਸ਼ੋਕ ਕੁਮਾਰ ਆਦਿ ਵੀ ਹਾਜ਼ਰ ਸਨ |