ਫ਼ਿਰੋਜ਼ਪੁਰ, 19 ਦਸੰਬਰ(ਸੁਖਵਿੰਦਰ ਸਿੰਘ)-ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪਾਈ ਦੇ ਜਨਮ ਦਿਨ ਨੂੰ ਸਮਰਪਿਤ 'ਸੁਸ਼ਾਸਨ ਸਪਤਾਹ' ਤਹਿਤ ਪੰਜਾਬ ਸਰਕਾਰ ਵਲੋਂ 19 ਤੋਂ 25 ਦਸੰਬਰ ਤੱਕ 'ਸੁਸ਼ਾਸਨ ਸਪਤਾਹ' ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਸਹਾਇਕ ਕਮਿਸ਼ਨਰ ਰਾਜਬੀਰ ਸਿੰਘ ਪੀ.ਸੀ.ਐਸ. ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਜਿਸ ਵਿਚ ਡੀ.ਡੀ.ਐੱਫ. ਭੂਮਿਕਾ ਵੀ ਹਾਜ਼ਰ ਰਹੇ | ਇਸ ਮੌਕੇ ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਦੇਸ਼ ਵਿਆਪੀ ਮੁਹਿੰਮ 'ਪ੍ਰਸ਼ਾਸਨ ਗਾਉਂ ਕੀ ਅÏਰ' ਤਹਿਤ ਸੁਸ਼ਾਸਨ ਸਪਤਾਹ ਦੌਰਾਨ ਜ਼ਿਲ੍ਹੇ ਦੀਆਂ ਸਾਰੀਆਂ ਸਬ ਡਵੀਜ਼ਨਾਂ /ਬਲਾਕਾਂ ਵਿਚ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਸੁਵਿਧਾ ਕੈਂਪ ਲਗਾ ਕੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇਗਾ | ਉਨ੍ਹਾਂ ਸਮੂਹ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਤੱਕ ਸਰਕਾਰੀ ਸੇਵਾਵਾਂ ਤੇ ਸਕੀਮਾਂ ਦੀ ਪਹੁੰਚ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ | ਸਹਾਇਕ ਕਮਿਸ਼ਨਰ ਨੇ ਸਿੱਖਿਆ, ਸਿਹਤ ਅਤੇ ਹੋਰ ਲੋਕ-ਹਿਤੈਸ਼ੀ ਸਰਕਾਰੀ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪੂਰੀ ਤਰ੍ਹਾਂ ਪਹੁੰਚਾਉਣ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਸੁਸ਼ਾਸਨ ਸਪਤਾਹ ਦੌਰਾਨ ਵੱਧ ਤੋਂ ਵੱਧ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਇਆ ਜਾਵੇ | ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ ਕਰਮਚਾਰੀ ਹਾਜ਼ਰ ਸਨ |