ਫ਼ਿਰੋਜ਼ਪੁਰ, 20 ਦਸੰਬਰ (ਗੁਰਿੰਦਰ ਸਿੰਘ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਵਿਚ ਮੈਗਾ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ) ਆਯੋਜਿਤ ਕੀਤੀ ਗਈ | ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਫ਼ਿਰੋਜ਼ਪੁਰ ਡਾ. ਨਿਧੀ ਕੁਮਦ ਬਾਮਬਾ ਵਲੋਂ ਪੀ.ਐਮ ਸ਼੍ਰੀ ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ਅਤੇ ਸਕੂਲ ਆਫ਼ ਐਮੀਨੈਂਸ ਫ਼ਿਰੋਜ਼ਪੁਰ ਦਾ ਦੌਰਾ ਕੀਤਾ ਗਿਆ | ਉਨ੍ਹਾਂ ਦੌਰੇ ਦੌਰਾਨ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨਾਲ ਰੂ-ਬਰੂ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਵਿਕਾਸ ਅਤੇ ਸਿੱਖਿਆ ਵਿਭਾਗ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਨ ਲਾ ਕੇ ਮਿਹਨਤ ਨਾਲ ਪੜ੍ਹਾਈ ਕਰਨ, ਅਨੁਸ਼ਾਸਿਤ ਜੀਵਨ ਜੀਉਣ ਅਤੇ ਸਕੂਲਾਂ ਵਿਚ ਵਿਦਿਆਰਥੀਆਂ ਦੀ ਹਾਜ਼ਰੀ ਵਧਾਉਣ ਲਈ ਸਾਂਝੇ ਯਤਨ ਕਰਨ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਦੂਰਅੰਦੇਸ਼ੀ ਸੋਚ ਤਹਿਤ, ਇਹ ਪ੍ਰੋਗਰਾਮ ਨਿਰੰਤਰ ਲੜੀ ਦੇ ਰੂਪ ਵਿਚ ਸਕੂਲਾਂ ਵਿਚ ਚਲਾਇਆ ਜਾ ਰਿਹਾ ਹੈ, ਜੋ ਵਿਦਿਆਰਥੀਆਂ ਦੇ ਵਿਕਾਸ ਲਈ ਇਕ ਬਹੁਤ ਵੱਡਾ ਵਰਦਾਨ ਸਾਬਤ ਹੋ ਰਿਹਾ ਹੈ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਅਫ਼ਸਰ (ਸੈ.ਸਿੱ) ਫ਼ਿਰੋਜ਼ਪੁਰ ਮੁਨੀਲਾ ਅਰੋੜਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਫ਼ਿਰੋਜ਼ਪੁਰ ਸੁਨੀਤਾ ਰਾਣੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਸਤਿੰਦਰ ਸਿੰਘ (ਨੈਸ਼ਨਲ ਅਵਾਰਡੀ), ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਕੋਮਲ ਅਰੋੜਾ ਨੇ ਵੱਖ-ਵੱਖ ਸਕੂਲਾਂ ਦਾ ਦੌਰਾ ਕਰਨ ਦੌਰਾਨ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਵਿਸ਼ੇਸ਼ ਤੌਰ 'ਤੇ ਜ਼ਿਕਰ ਕੀਤਾ ਅਤੇ ਮਾਪਿਆਂ ਨੂੰ ਵਿਦਿਆਰਥੀਆਂ ਦੀ ਭਲਾਈ ਲਈ ਚੱਲ ਰਹੀਆਂ ਸਕੀਮਾਂ ਦੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ | ਉਨ੍ਹਾਂ ਨੇ ਨਵੇਂ ਵਿੱਦਿਅਕ ਸੈਸ਼ਨ ਦੌਰਾਨ ਸ਼ੁਰੂ ਕੀਤੀ ਜਾ ਰਹੀ ਦਾਖਲਾ ਮੁਹਿੰਮ ਤਹਿਤ ਵੱਧ ਤੋਂ ਵੱਧ ਬੱਚਿਆ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਰਾਜੇਸ਼ ਮਹਿਤਾ ਪਿ੍ੰਸੀਪਲ, ਰਾਜੀਵ ਮੈਣੀ ਸਕੂਲ ਇੰਚਾਰਜ, ਰਾਜ ਬਹਾਦਰ ਸਿੰਘ ਗਿੱਲ ਸਿੱਖਿਆ ਕੋਆਰਡੀਨੇਟਰ ਹਲਕਾ ਫ਼ਿਰੋਜ਼ਪੁਰ ਸ਼ਹਿਰੀ, ਨੀਤਿਮਾ ਸ਼ਰਮਾ ਲੈਕਚਰਾਰ, ਇੰਦਰਪਾਲ ਸਿੰਘ, ਰਾਕੇਸ਼ ਗਰੋਵਰ, ਲੈਕਚਰਾਰ ਸੁਖਮੀਤ ਕੌਰ, ਰਾਜੀਵ ਹਾਂਡਾ, ਮਲਕੀਤ ਸਿੰਘ ਹਰਾਜ, ਮਨਜੀਤ ਭੱਲਾ, ਦਵਿੰਦਰ ਨਾਥ ਸਮੇਤ ਸਕੂਲ ਅਧਿਆਪਕ ਅਤੇ ਵਿਦਿਆਰਥੀਆਂ ਦੇ ਮਾਪੇ ਵੱਡੀ ਗਿਣਤੀ ਵਿਚ ਹਾਜ਼ਰ ਸਨ |