ਫ਼ਿਰੋਜ਼ਪੁਰ, 21 ਦਸੰਬਰ (ਸੁਖਵਿੰਦਰ ਸਿੰਘ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਸਤਿਕਾਰਯੋਗ ਮਾਤਾ ਗੁਜਰੀ ਜੀ ਦੀ ਲਾਸਾਨੀ ਅਤੇ ਅਮਰ ਸ਼ਹਾਦਤ ਨੂੰ ਸਮਰਪਿਤ Tਸਫ਼ਰ-ਏ-ਸ਼ਹਾਦਤ ਨਿੱਕੀਆਂ ਜਿੰਦਾ -ਵੱਡਾ ਸਾਕਾU ਦੇ ਤਹਿਤ ਸ਼ਹੀਦੀ ਸਮਾਗਮ ਗੁਰਦੁਆਰਾ ਸਾਰਾਗੜ੍ਹੀ ਵਿਖੇ ਕੈਬਨਿਟ ਮੰਤਰੀ ਅਤੇ ਭਾਜਪਾ ਅਤੇ ਰਾਸ਼ਟਰਪਤੀ ਕਾਰਜਕਾਰੀ ਦੇ ਮੈਂਬਰ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਮਾਤਾ ਗੁਜਰੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਕਰਵਾਇਆ ਗਿਆ ਜਿਸ ਵਿਚ ਸ਼੍ਰੀ ਅਖੰਡ ਪਾਠ ਦੇ ਭੋਗ ਸਵੇਰੇ 10 ਵਜੇ ਪਾਏ ਗਏ | ਉਪਰੰਤ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਛੋਟੇ ਬੱਚਿਆਂ ਵਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਕਵਿਤਾਵਾਂ ਪੜ੍ਹ ਕੇ ਸੰਗਤ ਨੂੰ ਗੁਰੂ ਇਤਿਹਾਸ ਨਾਲ ਜੋੜਿਆ | ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਅਤੇ ਮੁਖਵਾਕ ਉਪਰੰਤ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ | ਸਮਾਗਮ ਵਿਚ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਗੁਰੂ ਘਰ ਦੀ ਹਾਜ਼ਰੀ ਭਰੀ | ਰਾਣਾ ਗੁਰਮੀਤ ਸਿੰਘ ਸੋਢੀ ਅਤੇ ਉਨ੍ਹਾਂ ਦੇ ਸਪੁੱਤਰ ਅਨੁਮੀਤ ਹੀਰਾ ਸੋਢੀ ਨੇ ਪੰਜਾਬ ਦੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਸਿਰੋਪਾਓ ਦੇਖ ਕੇ ਸਨਮਾਨਿਤ ਕੀਤਾ | ਅਸ਼ਵਨੀ ਸ਼ਰਮਾ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਨੌਜਵਾਨ ਪੀੜ੍ਹੀ ਨੂੰ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਤੋਂ ਪ੍ਰੇਰਨਾ ਲੈਣ ਅਤੇ ਗੁਰੂ ਇਤਿਹਾਸ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਕੁਰਬਾਨੀ ਸਾਨੂੰ ਸੱਚ ਦੇ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੰਦੀ ਹੈ ਅਤੇ ਹਰ ਸਿੱਖ ਨੂੰ ਆਪਣੇ ਧਰਮ ਵਿਚ ਗੁਰੂ ਸਾਹਿਬਾਨਾਂ ਦੇ ਦਰਸਾਏ ਰਾਹਾਂ 'ਤੇ ਚੱਲ ਕੇ ਸਮਾਜ ਦੀ ਭਲਾਈ ਲਈ ਯੋਗਦਾਨ ਪਾਉਣਾ ਚਾਹੀਦਾ ਹੈ | ਰਾਣਾ ਗੁਰਮੀਤ ਸਿੰਘ ਸੋਢੀ ਨੇ ਸਮੂਹ ਇਲਾਕਾ ਨਿਵਾਸੀਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਾਧ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਵਿੱਖ ਵਿਚ ਵੀ ਇਸੇ ਤਰ੍ਹਾਂ ਦੇ ਗੁਰਮਤਿ ਅਤੇ ਇਤਿਹਾਸਿਕ ਸਮਾਗਮ ਨਿਰੰਤਰ ਕਰਵਾਏ ਜਾਣਗੇ ਤਾਂ ਜੋ ਗੁਰੂਆਂ ਦੀਆਂ ਸਿੱਖਿਆਵਾਂ ਨੂੰ ਆਉਣ ਵਾਲੀ ਪੀੜ੍ਹੀ ਤੱਕ ਪਹੁੰਚਾਇਆ ਜਾ ਸਕੇ | ਇਸ ਸ਼ਹੀਦੀ ਸਮਾਗਮ ਵਿਚ ਸਿੱਖ ਸਟੂਡੈਂਟ ਫੈਡਰੇਸ਼ਨ ਮਹਿਤਾ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਜਸਪਾਲ ਸਿੰਘ ਅਤੇ ਸਾਥੀਆਂ ਨੇ ਵੀ ਹਾਜ਼ਰੀ ਭਰੀ |
ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ
ਅਜੀਤ ਡੈਸਕ
22-12-2025